ਜਲੰਧਰ 12 ਮਾਰਚ 2021

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੂ.ਡੀ.ਆਈ.ਡੀ. ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਸਾਂਝਾ ਹੰਭਲਾ ਮਾਰਿਆ ਜਾਵੇ ਤਾਂ ਜੋ ਕੋਈ ਵੀ ਯੋਗ ਵਿਅਕਤੀ ਇਹਨਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ। ਉਹ ਅੱਜ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ।

ਸ੍ਰੀ ਥੋਰੀ ਨੇ ਕਿਹਾ ਕਿ ਯੂ.ਡੀ.ਆਈ.ਡੀ.ਕਾਰਡ ਬਣਾਉਣ ਲਈ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾਏ ਜਾ ਰਹੇ ਹਨ ਇਸ ਲਈ ਲਾਭਪਾਤਰੀ ਇਨਾਂ ਕੈਂਪਾਂ ਦਾ ਫਾਇਦਾ ਜ਼ਰੂਰ ਚੁੱਕਣ। ਉਨ੍ਹਾਂ ਕਿਹਾ ਕਿ 18 ਮਾਰਚ ਨੂੰ ਨਕੋਦਰ, 19 ਮਾਰਚ ਨੂੰ ਮਹਿਤਪੁਰ, 25 ਮਾਰਚ ਨੂੰ ਜਮਸ਼ੇਰ, 26 ਮਾਰਚ ਨੂੰ ਕਰਤਾਰਪੁਰ ਅਤੇ 1 ਅਪ੍ਰੈਲ 2021 ਨੂੰ ਲੋਹੀਆਂ ਖਾਸ ਵਿਖੇ ਮੈਗਾ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਡਾਕਟਰਾਂ ਦਾ ਪੈਨਲ ਜਿਸ ਵਿੱਚ ਮੈਡੀਕਲ ਅਤੇ ਅੱਖਾਂ ਦੇ ਮਾਹਰ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਯੂ.ਡੀ.ਆਈ.ਡੀ.ਕਾਰਡ ਲਈ ਸਰੀਰਿਕ ਜਾਂਚ ਵਾਸਤੇ ਸਿਵਲ ਹਸਪਤਾਲ ਜਲੰਧਰ ਵਿਖੇ 16 ਮਾਰਚ, 23 ਮਾਰਚ ਅਤੇ 30 ਮਾਰਚ ਨੂੰ ਉਪਲਬੱਧ ਰਹਿਣਗੇ। ਉਨਾਂ ਕਿਹਾ ਕਿ ਕੋਈ ਵੀ ਵਿਅਕਤੀ ਯੂ.ਡੀ.ਆਈ.ਡੀ.ਕਾਰਡ ਲਈ ਇਨਰੋਲਮੈਂਟ ਵਾਸਤੇ ਸਰੀਰਿਕ ਜਾਂਚ ਲਈ ਇਨਾਂ ਤਾਰੀਕਾਂ ਨੂੰ ਸਿਵਲ ਹਸਪਤਾਲ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਯੋਜਨਾ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ, ਇਸ ਲਈ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੀ ਅਪੀਲ ਕੀਤੀ ਕਿ ਇਸ ਯੋਜਨਾ ਨੂੰ ਹਰ ਲਾਭਪਾਤਰੀ ਤੱਕ ਪਹੁੰਚਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਨ.ਐਫ.ਐਸ.ਏ ਰਾਸ਼ਨ ਕਾਰਡ ਧਾਰਕ, ਉਸਾਰੀ ਕਿਰਤੀ, ਐਸ.ਈ.ਸੀ.ਸੀ. ਲਾਭਪਾਤਰੀ, ਛੋਟੇ ਵਪਾਰੀ, ਯੈਲੋ ਕਾਰਡ ਹੋਲਡਰ ਪੱਤਰਕਾਰ, ਜੇ-ਫਾਰਮ ਹੋਲਡਰ ਕਿਸਾਨ ਇਸ ਸਕੀਮ ਅਧੀਨ ਯੋਗ ਹਨ ਅਤੇ ਲਾਭਪਾਤਰੀ ਆਪਣੀ ਯੋਗਤਾ sha.punjab.gov.in ’ਤੇ ਚੈਕ ਕਰ ਸਕਦੇ ਹਨ । ਜਦਕਿ ਸਮੂਹ ਪੀ.ਐਮ.ਜੇ.ਏ.ਪਰਿਵਾਰ (ਨੀਲੇ ਕਾਰਡ ਧਾਰਕ ਪਰਿਵਾਰ) bis.pmjay.gov.in ’ਤੇ ਆਪਣੀ ਯੋਗਤਾ ਚੈਕ ਕਰ ਸਕਦੇ ਹਨ।

ਉਨ੍ਹਾਂ ਮੀਟਿੰਗ ਦੌਰਾਨ ਜਿਥੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਉਥੇ ਕੋਵਿਡ ਟੀਕਾਕਰਨ ਦਾ ਜਾਇਜ਼ਾ ਲੈਂਦਿਆ ਕਿਹਾ ਕਿ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਕੋਵਿਡ ਵੈਕਸੀਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਸਬੀਰ ਸਿੰਘ, ਐਸ.ਡੀ.ਐਮ. ਸ੍ਰੀ ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ, ਸ੍ਰੀ ਗੌਤਮ ਜੈਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।