ਜਲੰਧਰ : ਖੇਡਾਂ ਦੇ ਖੇਤਰ ਵਿੱਚ ਇਤਿਹਾਸਕ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਖਿਡਾਰੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚਲ ਰਹੇ ਅੰਤਰ ਕਾਲਜ ਮੁਕਾਬਲਿਆਂ ਵਿਚੋਂ ਰਗਬੀ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਪੀਅਨਸ਼ਿਪ ਜਿੱਤੀ। ਕਾਲਜ ਦੇ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਨ੍ਹਾਂ ਜੇਤੂ ਵਿਦਿਆਰਥੀਆਂ, ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ, ਟੀਮ ਇੰਚਾਰਜ ਪ੍ਰੋ. ਮੋਹਨ ਸਿੰਘ, ਕੋਚ ਅਤੇ ਸਟਾਫ ਨੂੰ ਵਧਾਈ ਦਿੰਦਿਆ ਕਿਹਾ ਕਿ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਪੜ੍ਹਾਈ ਦੇ ਨਾਲ-ਨਾਲ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਵੀ ਪੈਦਾ ਕਰ ਰਿਹਾ ਹੈ। ਇਸ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ‘ਤੇਜਾ ਸਿੰਘ ਸੰਮੁਦਰੀ ਟਰਾਫੀ ਵੀ 24ਵਾਰੀ ਹਾਸਲ ਕੀਤੀ ਹੈ। ਇਸ ਮੌਕੇ ਕਾਲਜ ਗਵਰਨਿੰਗ ਕੌਂਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਖੇਡ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਅਤੇ ਕਾਲਜ ਸਪੋਰਟਸ ਡੀਨ ਡਾ. ਐਸ.ਐਸ. ਬੈਂਸ ਵੱਲੋਂ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ।