ਜਲੰਧਰ 24 ਅਕਤੂਬਰ 2020
ਵਿਸ਼ਵ ਭਰ ਵਿੱਚ ਕੋਵਿਡ-19 ਸਬੰਧੀ ਦੂਜੀ ਲਹਿਰ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ ਨੇ ਸਿਹਤ ਟੀਮਾਂ ਨੂੰ ਹਦਾਇਤਾਂ ਕੀਤੀਆਂ ਕਿ ਕੋਵਿਡ-19 ਦੇ ਘੱਟ ਰਹੇ ਕੇਸਾਂ ਕਰਕੇ ਅਵੇਸਲੇ ਨਾ ਹੋਣ ਅਤੇ ਜ਼ਿਲ੍ਹੇ ਵਿੱਚ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਟੈਸਟਾਂ ਨੂੰ ਜਾਰੀ ਰੱਖਿਆ ਜਾਵੇ।ਸਿਹਤ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਅਤੇ ਕੋਵਿਡ-19 ਸਬੰਧੀ ਨਮੂਨੇ ਲੈਣ ਵਾਲੀਆਂ ਟੀਮਾਂ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਸੈਂਪਲ ਲੈਣ ਨੂੰ ਲਗਾਤਾਰ ਜਾਰੀ ਰੱਖਿਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਸਕੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਸੂਬੇ ਵਿੱਚ ਹੁਣ ਕੋਵਿਡ-19 ਦੇ ਕੇਸਾਂ ਦੀ ਗਿਣਤੀ ਘੱਟ ਰਹੀ ਹੈ, ਇਸ ਲਈ ਸਾਨੂੰ ਇਸ ਪ੍ਰਤੀ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਦੁਨੀਆਂ ਦੇ ਕਈ ਮੁਲਕਾਂ ਵਿੱਚ ਕੋਵਿਡ-19 ਦੇ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣੇ ਕਰ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਵੱਧ ਤੋਂ ਵੱਧ ਟੈਸਟ ਕਰਵਾਉਣ ਲਈ ਅੱਗੇ ਆਉਣ ਤਾਂ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਪਾਜੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਪਹਿਚਾਣ ਅਤੇ ਘਰਾਂ ਵਿੱਚ ਇਕਾਂਤਵਾਸ ਕੀਤੇ ਗਏ ਮਰੀਜ਼ਾਂ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਇਰਸ ਨੂੰ ਫੈਲਣ ਤੋਂ ਰੋਕਣ ਦਾ ਇਕੋ-ਇਕ ਰਾਹ ਪਾਜ਼ੀਟਿਵ ਮਰੀਜ਼ਾਂ ਨੂੰ ਜਿੰਨੀ ਜਲਦੀ ਹੋ ਸਕੇ ਦੂਜੇ ਲੋਕਾਂ ਤੋਂ ਵੱਖ ਕਰ ਦਿੱਤਾ ਜਾਵੇ ਤਾਂ ਜੋ ਹੋਰ ਲੋਕਾਂ ਵਿੱਚ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸੈਂਪਲ ਲੈਣ ਵਾਲੀਆਂ ਟੀਮਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਸਬੰਧਿਤ ਉਪ ਮੰਡਲ ਮੈਜਿਸਟਰੇਟਾਂ ਨੂੰ ਇਨ੍ਹਾਂ ਟੀਮਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਵਧੀਕ ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵੱਡਮੁੱਲੇ ਸਹਿਯੋਗ ਨਾਲ ਕੋਵਿਡ-19 ਖਿਲਾਫ਼ ਜੰਗ ਨੂੰ ਜਿੱਤ ਲਿਆ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਪ੍ਰਤੀ ਅਵੇਸਲੇ ਨਾ ਹੋਣ ਅਤੇ ਸਾਰੇ ਸੁਰੱਖਿਆ ਨਿਯਮਾਂ ਜਿਵੇਂ ਕਿ ਮਾਸਕ ਪਾਉਣਾ, ਹੱਥ ਧੋਣਾ ਅਤੇ ਸਮਾਜਿਕ ਦੂਰੀ ਨੁੂੰ ਬਰਕਰਾਰ ਰੱਖਣ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਸਹਾਇਕ ਸਿਵਲ ਸਰਜਨ ਡਾ.ਗੁਰਮੀਤ ਕੌਰ ਦੁੱਗਲ ਅਤੇ ਹੋਰ ਵੀ ਹਾਜ਼ਰ ਸਨ।