ਜਲੰਧਰ, 17 ਫਰਵਰੀ

               ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਵਿਦੇਸ਼ ਜਾ ਪੜ੍ਹਾਈ ਕਰਨ ਅਤੇ ਪਲੇਸਮੈਂਟ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਦੀ ਸੇਵਾ ਪ੍ਰਦਾਨ ਕੀਤੀ ਜਾ ਸਕੇ।

               ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸੈੱਲ ਦੀ ਸਥਾਪਨਾ ਵਿਦੇਸ਼ ਵਿੱਚ ਪੜ੍ਹਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਦਾ ਪਹਿਲਾ ਦੌਰ 1 ਤੋਂ 31 ਮਾਰਚ, 2021 ਤੱਕ ਹੋਣ ਜਾ ਰਿਹਾ ਹੈ ਅਤੇ ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਲਿੰਕਸ 21 ਤੋਂ 25 ਫਰਵਰੀ, 2021 ਤੱਕ ਕਾਰਜਸ਼ੀਲ ਰਹਿਣਗੇ।

               ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਆਪ ਨੂੰ ਵਿਦੇਸ਼ੀ ਪੜ੍ਹਾਈ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ https://tinyurl.com/ foreignstudyjal ਅਤੇ ਵਿਦੇਸ਼ੀ ਪਲੇਸਮੈਂਟ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ https://tinyurl.com/foreignplacementjal ‘ਤੇ ਰਜਿਸਟਰ ਕਰਵਾ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਕਮਰਾ ਨੰ. 324 ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਨਿੱਜੀ ਤੌਰ ‘ਤੇ ਪਹੁੰਚ ਕਰ ਸਕਦੇ ਹਨ।

               ਉਨ੍ਹਾਂ ਕਿਹਾ ਕਿ ਹੋਰ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ 90569-20100 ਜਾਂ [email protected] ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

               ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਰਾਹ ਖੋਲ੍ਹ ਕੇ ਰਾਜ ਵਿਚੋਂ ਬੇਰੋਜ਼ਗਾਰੀ ਨੂੰ ਖਤਮ ਕਰਨਾ ਹੈ, ਜਿਸ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਡੀਬੀਈਈ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਕਰਜ਼ਾ ਮੁਹੱਈਆ ਕਰਵਾਉਣ ਵਿੱਚ ਵੀ ਸਹਾਇਕ ਵਜੋਂ ਕੰਮ ਕੀਤਾ ਜਾ ਰਿਹਾ ਹੈ।

               ਉਨ੍ਹਾਂ ਕਿਹਾ ਕਿ ਡੀਬੀਈਈ ਵੱਲੋਂ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਮਿਲੇਗੀ।

               ਉਨ੍ਹਾਂ ਜ਼ਿਲ੍ਹੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸੁਨਿਹਰੀ ਮੌਕੇ ਦੇ ਲਾਭ ਲੈਣ ਦੀ ਅਪੀਲ ਕੀਤੀ।