ਜਲੰਧਰ, 13 ਅਕਤੂਬਰ
ਪੰਜਾਬ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਤਹਿਤ ਅੱਜ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਵੱਲੋਂ ਕਲਿਆਣਪੁਰ ਅਤੇ ਲੱਲੀਆਂ ਖੁਰਦ ਸਭਾਵਾਂ ਦੇ 372 ਲਾਭਪਾਤਰੀਆਂ ਨੂੰ ਲਗਭਗ 66 ਲੱਖ ਰੁਪਏ ਦੇ ਕਰਜ਼ਾ ਰਾਹਤ ਦੇ ਚੈੱਕ ਤਕਸੀਮ ਕੀਤੇ ਗਏ।
ਇਸ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਰਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਜ਼ਮੀਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸ਼ੁਰੂ ਕੀਤੀ ਗਈ ਕਰਜ਼ਾ ਰਾਹਤ ਸਕੀਮ ਲਾਭਪਾਤਰੀਆਂ ਲਈ ਵਰਦਾਨ ਸਿੱਧ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਹਿਕਾਰੀ ਸਭਾਵਾਂ ਕਲਿਆਣਪੁਰ ਦੇ 235 ਮੈਂਬਰਾਂ ਨੂੰ 39,61,479 ਰੁਪਏ ਅਤੇ ਸਹਿਕਾਰੀ ਸਭਾਵਾਂ ਲੱਲੀਆਂ ਖੁਰਦ ਦੇ 137 ਮੈਂਬਰਾਂ ਨੂੰ 2659605/- ਰੁਪਏ ਦੇ ਕਰਜ਼ਾ ਰਾਹਤ ਸਕੀਮ ਤਹਿਤ ਚੈਕ ਸੌਂਪੇ ਗਏ ਹਨ।
ਇਸ ਮੌਕੇ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ਼ ਸੁਥਰਾ ਅਤੇ ਸਵੱਛ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰੇ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਨੂੰ ਯਕੀਨੀ ਬਣਾਈਏ।
ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਜਲੰਧਰ-2 ਰੋਹਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਹਿਕਾਤਰਾ ਵਿਭਾਗ ਬੇਜ਼ਮੀਨੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਨਿਰੀਖਕ ਦਿਨਕਰ ਡੋਗਰਾ ਤੇ ਹਰਦੀਪ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਸਬੰਧੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ।