ਜਲੰਧਰ : ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਸ੍ਰੀ ਨਵਜੋਤ ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਸਬੰਧੀ 12 ਅਕਤੂਬਰ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਗਿਆ।
ਸ਼ੋਭਾ ਯਾਤਰਾ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸ਼ੋਭਾ ਯਾਤਰਾ ਲਈ ਪੁਖ਼ਤਾ ਪ੍ਰਬੰਧ ਕਰਨ ਲਈ ਵਚਨਬੱਧ ਹੈ ਤਾਂ ਜੋ ਲੋਕ ਪੂਰੇ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਉਤਸ਼ਾਹ ਨਾਲ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੋਭਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਵਿਧਾਇਕ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਨੇ ਕਿਹਾ ਕਿ ਸ਼ੋਭਾ ਯਾਤਰਾ ਦੌਰਾਨ ਅਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਵਾਜਾਈ ਦੇ ਰਸਤਿਆਂ ਵਿੱਚ ਬਦਲੀ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਅਤੇ ਦੇ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਪ੍ਰਸਿੱਧ ਸ਼ੋਭਾ ਯਾਤਰਾ ਦੌਰਾਨ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਜਿੰਮੇਵਾਰੀ ਨਾਲ ਨਿਭਾਉਣ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਹਰ ਅਧਿਕਾਰੀ ਤੇ ਕਰਮਚਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਨ ਲਈ ਕਿਸੇ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
ਵਿਧਾਇਕ, ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਨਗਰ ਨਿਗਮ ਨੂੰ ਹਦਾਇਤਾਂ ਕੀਤੀਆਂ ਕਿ ਸ਼ੋਭਾ ਯਾਤਰਾ ਦੇ ਰਸਤਿਆਂ ਵਿੱਚ ਸੁਚੱਜੀ ਸਾਫ਼ ਸਫਾਈ ਅਤੇ ਪਾਣੀ ਦੇ ਛਿੜਕਾਅ, ਆਰਜ਼ੀ ਪਖਾਨਿਆਂ ਨੂੰ ਯਕੀਨੀ ਬਣਾਇਆ ਜਾਵੇ । ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਨੂੰ ਮੈਡੀਕਲ ਟੀਮ ਸਮੇਤ ਐਂਬੂਲੈਂਸ ਤਾਇਨਾਤ ਕਰਨ ਤੇ ਬਿਜਲੀ ਵਿਭਾਗ ਨੂੰ ਨਿਰਵਿਘਨ ਬਿਜਲੀ ਸਪਲਾਈ ਦੀਆਂ ਹਦਾਇਤਾਂ ਕੀਤੀਆਂ ਗਈਆਂ।
ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਲੋਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਿਸ ਕਰਮਚਾਰੀਆਂ ਦੀ ਤਾਇਨਾਤੀ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਨਰੇਸ਼ ਡੋਗਰਾ, ਅਮਰੀਕ ਸਿੰਘ ਪਵਾਰ, ਬਲਕਾਰ ਸਿੰਘ,ਵਧੀਕ ਡਿਪਟੀ ਕਮਿਸ਼ਨਰ ਪੁਲਿਸ ਡੀ.ਸੁਧਰਵਿਜੀ, ਸਹਾਇਕ ਕਮਿਸ਼ਨਰ ਨਗਰ ਨਿਗਮ ਸ਼ਾਇਰੀ ਮਲਹੋਤਰਾ, ਉਪ ਮੰਡਲ ਮੈਜਿਸਟਰੇਟ ਸੰਜੀਵ ਸ਼ਰਮਾ ਅਤੇ ਹੋਰ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂ ਸ੍ਰੀ ਅੰਮ੍ਰਿਤ ਖੋਸਲਾ, ਸ੍ਰੀ ਚੰਦਨ ਗਰੇਵਾਲ, ਸ੍ਰੀ ਰਾਜੇਸ਼ ਭੱਟੀ, ਸ੍ਰੀ ਜਤਿੰਦਰ ਨਿੱਕਾ, ਸ੍ਰੀ ਵਿਪਨ ਸਭਰਵਾਲ ਅਤੇ ਹੋਰਨਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸ਼ੋਭਾ ਯਾਤਰਾ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ।