ਫਗਵਾੜਾ 9 ਅਕਤੂਬਰ (ਸ਼ਿਵ ਕੋੜਾ) ਅੰਬੇਡਕਰ ਸੈਨਾ ਪੰਜਾਬ ਵਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਸੂਬਾ ਪ੍ਰਧਾਨ ਸੁਰਿੰਦਰ ਢੰਡਾ ਅਤੇ ਸੀਨੀਅਰ ਆਗੂ ਤਰਸੇਮ ਚੁੰਬਰ ਨੇ ਦੱਸਿਆ ਕਿ ਸੰਤ ਸਮਾਜ ਸੰਘਰਸ਼ ਕਮੇਟੀ ਵਲੋਂ 10 ਅਕਤੂਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੇ ਜਾ ਰਹੇ ਚੱਕਾ ਜਾਮ ਅੰਦੋਲਨ ਵਿਚ ਅੰਬੇਡਕਰ ਸੈਨਾ ਦੇ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ ਅਤੇ ਇਸ ਅੰਦੋਲਨ ਨੂੰ ਸਫਲ ਬਣਾਇਆ ਜਾਵੇਗਾ। ਸੁਰਿੰਦਰ ਢੰਡਾ ਨੇ ਕਿਹਾ ਕਿ 1650 ਪ੍ਰਾਈਵੇਟ ਵਿਦਿਅਕ ਅਦਾਰਿਆਂ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ•ਾਈ ਵਾਸਤੇ ਦਾਖਲੇ ਨਾ ਦੇਣਾ ਗੰਭੀਰ ਮੁੱਦਾ ਹੈ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਹੋਏ 64 ਕਰੋੜ ਦੇ ਘਪਲੇ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਆਪਣੇ ਕੈਬਿਨੇਟ ਮੰਤਰੀ ਨੂੰ ਜੋ ਕਲੀਨ ਚਿਟ ਦਿੱਤੀ ਗਈ ਹੈ ਉਸ ਨਾਲ ਐਸ.ਸੀ./ਐਸ.ਟੀ. ਸਮਾਜ ‘ਚ ਗੁੱਸੇ ਦੀ ਲਹਿਰ ਹੈ। ਮਾਮਲੇ ਦੀ ਸੀ.ਬੀ.ਆਈ. ਤੋਂ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਤਰਸੇਮ ਚੁੰਬਰ ਨੇ ਦੱਸਿਆ ਕਿ 10 ਅਕਤੂਬਰ ਨੂੰ ਫਗਵਾੜਾ ‘ਚ ਅੰਬੇਡਕਰ ਸੈਨਾ ਪੰਜਾਬ ਦੇ ਸਮੂਹ ਵਰਕਰ ਚੱਕਾ ਜਾਮ ਕਰਨਗੇ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ।