ਫਗਵਾੜਾ (ਸ਼ਿਵ ਕੋੜਾ) ਭਗਤ ਜਵਾਲਾ ਦਾਸ ਸਕੂਲ ਡਿਵੈਲਪਮੈਂਟ ਕਮੇਟੀ ਪਿੰਡ ਲੱਖਪੁਰ ਵਲੋਂ ਐਨ.ਆਰ.ਆਈ. ਵੀਰਾਂ ਅਤੇ ਇਲਾਕੇ ਭਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਨਵੇਂ ਕਮਰਿਆਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਚੇਅਰਮੈਨ ਅਤੇ ਸਕੂਲ ਦੇ ਪ੍ਰਿੰਸੀਪਲ ਜਸਵਿੰਦਰ ਸਿੰਘ, ਸਕੱਤਰ ਸਰਬਜੀਤ ਸਿੰਘ, ਬਲਦੇਵ ਸਿੰਘ ਅਤੇ ਸੰਤੋਖ ਸਿੰਘ ਨੇ ਦੱਸਿਆ ਕਿ ਪੰਜ ਕਮਰਿਆਂ ਦੀ ਉਸਾਰੀ ਮੁਕੱਮਲ ਹੋ ਗਈ ਹੈ ਜਦਕਿ ਦਸ ਕਮਰਿਆਂ ਦੀ ਉਸਾਰੀ ਦਾ ਕੰਮ ਲੈਂਟਰ ਲੈਵਲ ਤੱਕ ਪਹੁੰਚ ਗਿਆ ਹੈ। ਉਹਨਾਂ ਦੱਸਿਆ ਕਿ ਕੁਲ ਵੀਹ ਨਵੇਂ ਕਮਰਿਆਂ ਦੀ ਉਸਾਰੀ ਕੀਤੀ ਜਾਣੀ ਹੈ। ਪ੍ਰਿੰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਕਰਦੇ ਹੋਏ ਸੋਲਰ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਉਹਨਾਂ ਸਮੂਹ ਪ੍ਰਵਾਸੀ ਭਾਰਤੀਆਂ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਪਿੰਡ ਦੇ ਪਤਵੰਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਜਿਹਨਾਂ ਦੇ ਵਢਮੁੱਲੇ ਸਹਿਯੋਗ ਨਾਲ ਸਕੂਲ ਨੂੰ ਨਵੀਂ ਦਿੱਖ ਦੇਣ ਦੇ ਨਾਲ ਹੀ ਅਤੀ ਆਧੂਨਿਕ ਸੁਵਿਧਾਵਾਂ ਨਾਲ ਲੈਸ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਹ ਸਕੂਲ ਇਲਾਕੇ ਦੇ ਸਰਕਾਰੀ ਸਕੂਲਾਂ ਵਿਚ ਇਕ ਮਾਡਲ ਵਜੋਂ ਸਥਾਪਿਤ ਹੋਵੇਗਾ ਜਿੱਥੇ ਕਾਫੀ ਸੁਵਿਧਾਵਾਂ ਅਜਿਹੀਆਂ ਹੋਣਗੀਆਂ ਜੋ ਪ੍ਰਾਈਵੇਟ ਸਕੂਲਾਂ ਵਿਚ ਵੀ ਘੱਟ ਹੀ ਹੁੰਦੀਆਂ ਹਨ। ਉਹਨਾਂ ਕਿਹਾ ਕਿ ਜਿੱਥੇ ਇਮਾਰਤ ਨੂੰ ਖੂਬਸੂਰਤ ਬਣਾਇਆ ਜਾ ਰਿਹਾ ਹੈ ਉੱਥੇ ਹੀ ਸਕੂਲ ਵਿਚ ਸਿੱਖਿਆ ਦੇ ਮਿਆਰ ਨੂੰ ਵੀ ਉੱਚਾ ਰੱਖਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।