ਜਲੰਧਰ  :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਅੰਦਰ ਜਲਦ ਹੀ ਸਿਹਤ ਪਾਲਿਸੀ ਲਿਆਂਦੀ ਜਾਵੇੇਗੀ ਜਿਸ ਨਾਲ ਸਿਹਤ ਸਹੂਲਤਾਂ ਵਿੱਚ ਵੱਡੇ ਸੁਧਾਰ ਹੋਣ ਨਾਲ ਆਮ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ।
ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰਦਿਆਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਵੱਡੇ ਪੱਧਰ ’ਤੇ ਸੁਧਾਰ ਲਿਆਉਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਸਿਹਤ ਪਾਲਿਸੀ ਲਿਆਉਣ ਦੇ ਮੱਦੇਨਜ਼ਰ ਉਨ੍ਹਾਂ ਵਲੋਂ ਸਿਵਲ ਹਸਪਤਾਲਾਂ ਅਤੇ ਸਬ ਡਵੀਜ਼ਨ ਪੱਧਰ ਦੇ ਹਸਪਤਾਲਾਂ ਆਦਿ ਦਾ ਦੌਰਾ ਕਰਕੇ ਜ਼ਮੀਨੀ ਹਕੀਕਤਾਂ ਜਾਣੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੀ ਸਹੂਲਤ ਅਨੁਸਾਰ ਅਗਲੇ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਗਈ ਹੈ ਜਿਸ ਦੇ ਨਤੀਜੇ ਆਉਂਦੇ ਸਮੇਂ ਵਿੱਚ ਪ੍ਰਤੱਖ ਦਿਖਾਈ ਦੇਣਗੇ।
ਪੰਜਾਬ ਵਿੱਚ ਕੈਂਸਰ ਦੇ ਇਲਾਜ ਅਤੇ ਡਾਇਲਸਿਸ ਸਹੂਲਤ ਦੀ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਹੋਰ ਕੈਂਸਰ ਹਸਪਤਾਲ ਬਣਾਉਣ ਅਤੇ ਡਾਇਲਸਿਸ ਯੂਨਿਟ ਸਥਾਪਿਤ ਕਰਨ ਦੀ ਬੇਹੱਦ ਲੋੜ ਹੈ ਜਿਸ ਨੂੰ ਲੈਕੇ ਸਿਹਤ ਵਿਭਾਗ ਵਲੋਂ ਸਾਰਥਕ ਕਦਮ ਚੁੱਕੇ ਜਾ ਰਹੇ ਹਨ। ਪ੍ਰਸਤਾਵਿਤ ਮੁਹੱਲਾ ਕਲੀਨਿਕਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਿਹਤ ਸੁਧਾਰਾਂ ਦੇ ਖੇਤਰ ਵਿੱਚ ਚੰਗੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਥੋੜ੍ਹੇ ਜਿਹੇ ਇੰਤਜ਼ਾਰ ਪਿਛੋਂ ਸੂਬਾ ਵਾਸੀਆਂ ਨੂੰ ਬਹੁਤ ਹੀ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਹੋਣਗੀਆਂ। ਪੇਂਡੂ ਵਿਕਾਸ ਵਿਭਾਗ ਵਲੋਂ ਸਿਹਤ ਵਿਭਾਗ ਨੂੰ ਸਪੁਰਦ ਕੀਤੀਆਂ 500 ਦੇ ਕਰੀਬ ਡਿਸਪੈਂਸਰੀਆਂ ਸਬੰਧੀ ਉਨ੍ਹਾਂ ਕਿਹਾ ਕਿ ਥੋੜ੍ਹਾ ਸਮਾਂ ਹੋਰ ਇਨ੍ਹਾਂ ਡਿਸਪੈਂਸਰੀਆਂ ਦਾ ਹਰ ਪਖੋਂ ਮੁਹਾਂਦਰਾ ਬਾਕਮਾਲ ਬਣਾ ਦਿੱਤਾ ਜਾਵੇਗਾ।
ਸਿਹਤ ਮੰਤਰੀ ਨੇ ਸਿਵਲ ਹਸਪਤਾਲ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਹੋਰਨਾਂ ਕਮੀਆਂ-ਪੇਸ਼ੀਆਂ ਨੂੰ ਵੀ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀ ਉਨ੍ਹਾਂ ਸੂਬੇ ਦੇ ਸਮੂਹ ਸਿਵਲ ਸਰਜਨਾਂ ਨਾਲ ਮੀਟਿੰਗ ਕਰਕੇ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਅਤੇ ਇਸ ਸਬੰਧੀ ਲੋੜੀਂਦੇ ਫੰਡ ਵੀ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਦੇ ਦੌਰਿਆਂ ਦੌਰਾਨ ਉਹ ਮਰੀਜ਼ਾਂ ਨਾਲ ਵੀ ਰਾਬਤਾ ਕਰ ਰਹੇ ਹਨ ਤਾਂ ਜੋ ਲੋੜੀਂਦੇ ਸੁਧਾਰਾਂ ਨੂੰ ਸੁਚੱਜੇ ਢੰਗ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਨੂੰ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ ਜਿਥੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਉਨ੍ਹਾਂ ਦਾ ਸਵਾਗਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਰਮਨ ਅਰੋੜਾ, ਵਿਧਾਇਕ ਸ਼ੀਤਲ ਅੰਗੂਰਾਲ, ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ