ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇ਼ਰੇ ਇਲਾਜ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ ਜਸਵਿੰਦਰ ਸਿੰਘ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ । ਮੌਤ ਤੋਂ ਬਾਅਦ ਪਰਿਵਾਰ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਹਦਾਇਤਾਂ ‘ਤੇ ਐਸਡੀਐਮ ਵਿਕਾਸ ਹੀਰਾ, ਏਸੀਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ, ਐਸਐਚਓ ਗੁਰਿੰਦਰ ਸਿੰਘ ਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ‘ਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕੀਤਾ।ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਾਉਣ ਤੱਕ ਦੀ ਸਾਰੀ ਰਸਮ ਨਿਭਾਈ ਗਈ। ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ।
ਵਿਕਾਸ ਹੀਰਾ ਐਸਡੀਐਮ ਅੰਮ੍ਰਿਤਸਰ-1 ਨੇ ਦੱਸਿਆ ਕਿ ਪਹਿਲਾਂ ਹਸਪਤਾਲ ਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਰਾਬਤਾ ਕੀਤਾ, ਪਰ ਉਨਾਂ ਵੱਲੋਂ ਹਾਂ ‘ਚ ਜਵਾਬ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹੈ ਤੇ ਉਸ ਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਨਹੀਂ ਭਰਿਆ। ਇੱਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ।