ਜਲੰਧਰ :- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਨਗਰ ਨਿਗਮ ਦੀ ਹੱਦ ਅੰਦਰ ਰੇਹੜੀਆਂ ਵਾਲਿਆਂ ਨੂੰ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ ਲਈ 10000 ਰੁਪਏ ਦਾ ਕਰਜ਼ ਯਕੀਨੀ ਬਣਾਉਣ ਲਈ ਹਰ ਸ਼ਨੀਵਾਰ ਸਾਰੇ ਬੈਂਕਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਮੁੱਖ ਸਕੱਤਰ ਵਿੰਨੀ ਮਹਾਜਨ ਵਲੋਂ ਕੀਤੀ ਜਾ ਰਹੀ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੁੂੰ ਕਿਹਾ ਕਿ ਪ੍ਰਾਈਮ ਮਨਿਸਟਰ ਸਟਰੀਟ ਵੈਂਡਰਜ਼ ਆਤਮ ਨਿਰਭਰ ਨਿਧੀ ਸਕੀਮ ਤਹਿਤ ਵੱਧ ਤੋਂ ਵੱਧ ਰੇਹੜੀਆਂ ਵਾਲਿਆਂ ਦੀ ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਕਰਜ਼ ਪ੍ਰਾਪਤੀ ਲਈ 13978 ਬਿਨੈਪੱਤਰ ਪ੍ਰਾਪਤ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਬੈਂਕਾਂ ਵਲੋਂ ਯੋਗ ਲਾਭਪਾਤਰੀਆਂ ਨੁੂੰ ਕਰਜ਼ ਮੁਹੱਈਆ ਕਰਵਾਉਣ ਲਈ ਹਰ ਸ਼ਨੀਵਾਰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਸੱਦਾ ਦਿੱਤਾ ਕਿ ਆਪਣੇ ਨਜ਼ਦੀਕੀ ਬੈਂਕ ਵਿੱਚ ਅਧਾਰ ਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਨਾਲ ਪਹੁੰਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਉਨਾਂ ਨੁੂੰ ਨਗਰ ਨਿਗਮ ਅਥਾਰਟੀ ਵਲੋਂ ਸਰਟੀਫਿਕੇਟ ਪ੍ਰਾਪਤ ਕਰਕੇ ਬਿਨੈਪੱਤਰਾਂ ਨਾਲ ਦੇਣ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਬਿਨੈਕਾਰ ਦਾ ਬਿਨੈਪੱਤਰ ਸਿਬਿਲ ਸਕੋਰ (ਪਹਿਲਾਂ ਲਏ ਗਏ ਕਰਜ਼ ਨੂੰ ਮੋੜਨ ਲਈ ਦਿਖਾਈ ਗਈ ਕਾਰਗੁਜ਼ਾਰੀ ) ਦੇ ਅਧਾਰ ’ਤੇ ਰੱਦ ਨਾ ਕੀਤਾ ਜਾਵੇ ਕਿਉਂਕਿ ਸੂਬਾ ਸਰਕਾਰ ਵਲੋਂ ਯੋਗ ਲਾਭਪਾਤਰੀਆਂ ਨੂੰ ਇਸ ਤੋਂ ਰਾਹਤ ਪ੍ਰਦਾਨ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਨਾਂ ਵਿਸ਼ੇਸ਼ ਕੈਂਪਾਂ ਵਿੱਚ ਸ਼ਾਮਿਲ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਕੀਮ ਤਹਿਤ ਨਿਰਧਾਰਿਤ ਕੀਤੇ ਗਏ ਟੀਚਿਆਂ ਨੂੰ ਪ੍ਰਾਪਤ ਕਰਨ ਨੂੰ ਤਰਜੀਹ ਦਿੱਤੀ ਜਾਵੇ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸ਼ਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ,ਜਲੰਧਰ ਦਰਬਾਰਾ ਸਿੰਘ ਵੀ ਹਾਜ਼ਰ ਸਨ।