ਜਲੰਧਰ, 9 ਦਸੰਬਰ
ਗੰਭੀਰ ਕੋਵਿਡ ਮਰੀਜ਼ਾਂ ਲਈ ਮਿਆਰੀ ਇਲਾਜ ਨੂੰ ਯਕੀਨੀ ਬਣਾਉਣ ਲਈ ਸਿਹਤ ਸੇਵਾਵਾਂ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਮਹੱਤਵਪੂਰਣ ਉਪਰਾਲੇ ਤਹਿਤ ਸਿਵਲ ਹਸਪਤਾਲ, ਜਲੰਧਰ ਅਗਲੇ ਤਿੰਨ ਮਹੀਨਿਆਂ ਵਿੱਚ ਆਕਸੀਜਨ ਜਨਰੇਸ਼ਨ ਪਲਾਂਟ ਵਾਲਾ ਪੰਜਾਬ ਦਾ ਪਹਿਲਾ ਸਰਕਾਰੀ ਹਸਪਤਾਲ ਬਣ ਜਾਵੇਗਾ। 700 ਐਲਪੀਐਮ ਸਮਰੱਥਾ ਵਾਲੇ ਪਲਾਂਟ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਯਕੀਨੀ ਬਣਾਉਂਦਿਆਂ ਜਲੰਧਰ ਆਧਾਰਿਤ ਇਕ ਪ੍ਰਾਈਵੇਟ ਫਰਮ ਨੂੰ 88.20 ਲੱਖ ਰੁਪਏ ਦੇ ਟੈਂਡਰ ਦਿੱਤੇ ਗਏ ਹਨ, ਜਿਸ ਨੂੰ ਫਰਵਰੀ ਦੇ ਆਖਰੀ ਹਫ਼ਤੇ ਤੱਕ ਕੰਮ ਪੂਰਾ ਕਰਨਾ ਹੋਵੇਗਾ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਆਕਸੀਜਨ ਪਲਾਂਟ ਰੋਜ਼ਾਨਾ 700-ਐਲਪੀਐਮ ਆਕਸੀਜਨ ਪੈਦਾ ਕਰੇਗਾ, ਜੋ 225-230 ਸਿਲੰਡਰ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਵਿੱਚ ਪਲਾਂਟ ਲਗਾਉਣ ਨਾਲ ਵੈਂਡਰ ਵੱਲੋਂ ਦੂਜੇ ਪ੍ਰਾਈਵੇਟ ਹਸਪਤਾਲਾਂ ਨੂੰ ਆਕਸੀਜਨ ਸਿਲੰਡਰਾਂ ਦੀ ਸਪਲਾਈ ਵਧਾਈ ਜਾ ਸਕਦੀ ਹੈ ਕਿਉਂਕਿ ਇੱਥੇ ਵਰਤੇ ਜਾ ਰਹੇ 225-230 ਸਿਲੰਡਰ, ਕੋਵਿਡ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰਨਾਂ ਨੂੰ ਦਿੱਤੇ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਹ ਪਲਾਂਟ ਸਿਵਲ ਹਸਪਤਾਲ ਵਿੱਚ ਗੰਭੀਰ ਮਰੀਜ਼ਾਂ ਨੂੰ ਜੀਵਨ ਰੱਖਿਅਕ ਗੈਸ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਏਗਾ ਅਤੇ ਇਸ ਵਿੱਚ ਬਿਜਲੀ ਜਨਰੇਟਰ ਦੀ ਸਹੂਲਤ ਵੀ ਹੋਵੇਗੀ। ਥੋਰੀ ਨੇ ਕਿਹਾ ਕਿ ਇਹ ਪਲਾਂਟ ਕੋਵਿਡ ਮਰੀਜ਼ਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਸਹਾਇਕ ਸਾਬਿਤ ਹੋਵੇਗਾ ਅਤੇ ਲੈਵਲ -2 ਦੇ ਮਰੀਜ਼ਾਂ ਦੇ ਇਲਾਜ ਲਈ ਮਹਾਂਮਾਰੀ ਦਾ ਕੁਸ਼ਲਤਾ ਨਾਲ ਮੁਕਾਬਲਾ ਕਰਨ ਵਿਚ ਵੀ ਮਦਦ ਕਰੇਗਾ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿੱਚ 340 ਬੈੱਡਾਂ ’ਤੇ ਪਹਿਲਾਂ ਹੀ ਆਕਸੀਜਨ ਸਪਲਾਈ ਲਾਈਨ ਲਗਾਈ ਜਾ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਇਸ ਜੀਵਨ ਰੱਖਿਅਕ ਗੈਸ ਦੀ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਇਹ ਮੁੱਢਲੀ ਜ਼ਰੂਰਤ ਹੈ ਅਤੇ ਇਹ ਪਲਾਂਟ ਕੋਵਿਡ-19 ਵਿਰੁੱਧ ਲੜਾਈ ਵਿਚ ਅਹਿਮ ਭੂਮਿਕਾ ਅਦਾ ਕਰੇਗਾ।ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਜ਼ੁਕਾਮ ਵਰਗੇ ਲੱਛਣਾਂ ਨੂੰ ਹਲਕੇ ਵਿੱਚ ਨਾ ਲੈਣ ਅਤੇ ਤੁਰੰਤ ਨੇੜਲੀਆਂ ਸਿਹਤ ਸਹੂਲਤਾਂ ਨਾਲ ਸੰਪਰਕ ਕਰਨ। ਇਸ ਤੋਂ ਇਲਾਵਾ ਕੋਵਿਡ ਟੈਸਟ ਕਰਵਾਉਣ ਤਾਂ ਜੋ ਲਾਗ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਡਾਕਟਰਾਂ ਪਾਸ ਦੇਰ ਨਾਲ ਪਹੁੰਚ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਸਥਿਤੀ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਪਾਸ ਸਰੋਤਾਂ ਅਤੇ ਮਨੁੱਖੀ ਸ਼ਕਤੀ ਦੀ ਕੋਈ ਘਾਟ ਨਹੀਂ ਹੈ।ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਕਾਰਜਕਾਰੀ ਇੰਜੀਨੀਅਰ ਸੁਖਚੈਨ ਸਿੰਘ ਨੇ ਦੱਸਿਆ ਕਿ ਕੰਪਨੀ ਵੱਲੋਂ ਪਹਿਲਾਂ ਹੀ ਪਲਾਂਟ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਆਕਸੀਜਨ ਸਟੋਰੇਜ ਟੈਂਕ ਦਾ ਆਰਡਰ ਦਿੱਤਾ ਹੋਇਆ ਹੈ, ਜੋ ਕਿ ਵਿਦੇਸ਼ ਤੋਂ ਆਯਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੀ ਇੱਕ ਟੀਮ ਵੱਲੋਂ ਨਿਰੰਤਰ ਪਲਾਂਟ ਲਗਾਉਣ ਦੇ ਕੰਮ ਦੀ ਨਿਗਰਾਨੀ ਕੀਤੀ ਜਾ ਰਹੀ ਹੈ।