ਫ਼ਗਵਾੜਾ, 18 ਦਸੰਬਰ (ਸ਼ਿਵ ਕੋੜਾ) ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਸੁਪਰੀਮ ਕੋਰਟ ਵਲੋਂ ਕਿਸਾਨ ਅੰਦੋਲਨ ਸਬੰਧੀ ਦਿੱਤੇ ਫੈਸਲੇ ਨੂੰ ਅੰਨਦਾਤਾ ਦੀ ਨੈਤਿਕ ਜਿੱਤ ਕਰਾਰ ਦਿੱਤਾ ਹੈ । ਅੱਜ ਇਥੇ ਜਾਰੀ ਇਕ ਬਿਆਨ ਵਿੱਚ ਸਾਬਕਾ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵਿਰੋਧ ਪ੍ਰਗਟਾਉਣ ਦੇ ਅਧਿਕਾਰ ਨੂੰ ਖੋਹ ਕੇ ਦੇਸ਼ ਦੇ ਬੁਨਿਆਦੀ ਸੰਘੀ ਅਤੇ ਲੋਕਤੰਤਰੀ ਢਾਂਚੇ ਨੂੰ ਤਹਿਸ-ਨਹਿਸ ਕਰਨਾ ਚਾਹੁੰਦੀ ਹੈ। ਉਨਹਾਂ ਕਿਹਾ ਕਿ ਹਾਲਾਂਕਿ, ਸੁਪਰੀਮ ਕੋਰਟ ਨੇ ਇਸ ਮੁੱਦੇ ‘ਤੇ ਇਕ ਅਹਿਮ ਫੈਸਲੇ ਵਿਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਅਧਿਕਾਰ ਨੂੰ ਕਾਇਮ ਰੱਖਿਆ ਹੈ। ਮਾਨ ਨੇ ਕਿਹਾ ਕਿ ਇਹ ਹੰਕਾਰੀ ਮੋਦੀ ਸਰਕਾਰ ਦੀ ਨੈਤਿਕ ਹਾਰ ਹੈ, ਜਿਸ ਨੇ ਕਿਸਾਨਾਂ ਨੂੰ ਤਬਾਹ ਕਰਨ ਲਈ ਕਾਲੇ ਖੇਤੀ ਕਾਨੂੰਨ ਤਿਆਰ ਕੀਤੇ । ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਨੇ ਅੱਗੇ ਕਿਹਾ ਕਿ ਹੁੱਣ ਸਮਾਂ ਆ ਗਿਆ ਹੈ ਕਿ ਮੋਦੀ ਸਰਕਾਰ ਇਹਨਾਂ ਕਾਲੇ ਕਾਨੂੰਨਾ ਰੱਦ ਕਰਨ ਦਾ ਐਲਾਨ ਕਰੇ, ਜਿਨਹਾਂ ਖਿਲਾਫ਼ ਕਿਸਾਨ ਅੰਦੋਲਨ ਦੇ ਰਾਹ ਪਏ ਹੋਏ ਹਨ। ਉਹਨਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਰੇ ਪੰਜਾਬੀਆਂ ਨੂੰ ਬੇਇਨਸਾਫੀ, ਜਬਰ ਅਤੇ ਜ਼ੁਲਮ ਖਿਲਾਫ਼ ਲੜਨਾ ਸਿਖਾਇਆ ਹੈ, ਜਿਸ ਸਦਕਾ ਕਿਸਾਨ ਮੌਜੂਦਾ ਮਹੀਨੇ, ਜੋ ਕਿ ਮਾਤਾ ਗੁਜਰੀ ਜੀ ਅਤੇ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਹੈ, ਵਿੱਚ ਕੜਾਕੇ ਦੀ ਠੰਡ ‘ਚ ਵੀ ਲਗਾਤਾਰ ਲੜਾਈ ਲੜ ਰਹੇ ਹਨ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਅਧੀਨ ਪੰਜਾਬ ਇਨਹਾਂ ਬਿਲਾਂ ਨੂੰ ਰੱਦ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ।