ਜਲੰਧਰ : ਡਵੀਜ਼ਨ ਦੇ ਨਵ ਨਿਯੁਕਤ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਹੈ ਕਿ
ਜਲੰਧਰ ਡਵੀਜ਼ਨ ਅਧੀਨ ਪੈਂਦੇ ਜਿਲਿਆਂ ਵਿੱਚ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਹੋਰ
ਸੁਚਾਰੂ ਢੰਗ ਨਾਲ ਲਾਗੂ ਕਰਨਾ ਉਨਾਂ ਦੀ ਪਹਿਲੀ ਤਰਜੀਹ ਹੋਵੇਗੀ।

ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਤੋਂ ਸਲਾਮੀ ਲੈਣ ਉਪਰੰਤ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਿਸ਼ਨਰ ਜਲੰਧਰ ਡਵੀਜ਼ਨ, ਜਿਨਾਂ ਦੇ ਨਾਲ ਡਿਪਟੀ ਕਮਿਸ਼ਨਰ ਵਰਿੰਦਰ
ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ.ਜਲੰਧਰ ਨਵਜੋਤ ਸਿੰਘ
ਮਾਹਲ ਵੀ ਮੌਜੂਦ ਸਨ, ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ
ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਚੌਧਰੀ ਨੇ ਕਿਹਾ ਕਿ ਉਨ੍ਹਾਂ
ਵਲੋਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕੀਤੇ ਜਾਣ ਦੀ ਖੁਦ ਨਜ਼ਰਸਾਨੀ ਕੀਤੀ ਜਾਵੇਗੀ ਅਤੇ ਡਿਪਟੀ
ਕਮਿਸ਼ਨਰਾਂ ਨੂੰ ਹਦਾਇਤਾਂ ਕੀਤੀਆਂ ਜਾਣਗੀਆਂ ਕਿ ਜਲੰਧਰ ਡਵੀਜ਼ਨ ਵਿਖੇ ਲੋਕ ਭਲਾਈ ਸਕੀਮਾਂ ਦਾ
ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ । ਉਨ੍ਹਾਂ ਕਿਹਾ ਕਿ ਜਲੰਧਰ ਡਵੀਜ਼ਨ ਵਿੱਚ ਲੋਕਾਂ ਲਈ
ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਜਿਵੇਂ ਸਮਾਰਟ ਪਿੰਡ ਮੁਹਿੰਮ,
ਘਰ-ਘਰ ਰੋਜ਼ਗਾਰ ਯੋਜਨਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, ਤੰਦਰੁਸਤ ਪੰਜਾਬ, ਪਸ਼ੂਆਂ ਲਈ
ਕੌਮੀ ਬਨਾਵਟੀ ਗਰਭਧਾਰਨ ਸਕੀਮ ਅਤੇ ਹੋਰ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਇਕ ਹੋਰ
ਵੱਡਾ ਤਰਜੀਹੀ ਖੇਤਰ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਜਲੰਧਰ ਡਵੀਜ਼ਨ ਵਿਖੇ ਧਰਤੀ ਹੇਠਲੇ
ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਜਾਵੇ। ਉਨ੍ਹਾਂ
ਇਸ ਨੇਕ ਕਾਰਜ ਲਈ ਅਧਿਕਾਰੀਆਂ ਅਤੇ ਖਾਸ ਕਰਕੇ ਲੋਕਾਂ ਤੋਂ ਪੂਰਨ ਸਹਿਯੋਗ ਦੀ ਅਪੀਲ
ਕੀਤੀ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ , ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ.ਵਲੋਂ
ਕਮਿਸ਼ਨਰ ਜਲੰਧਰ ਡਵੀਜ਼ਨ ਦਾ ਸਰਕਟ ਹਾਊਸ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਮੀਟਿੰਗ
ਦੌਰਾਨ ਅਧਿਕਾਰੀਆਂ ਵਲੋਂ ਕਮਿਸ਼ਨਰ ਜਲੰਧਰ ਡਵੀਜ਼ਨ ਨੂੰ ਸ਼ਹਿਰ ਵਿਚ ਚੱਲ ਰਹੇ ਕੰਮਾਂ ਤੇ ਹੋਰ
ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ,
ਡਿਪਟੀ ਕਮਿਸ਼ਨਰ ਪੁਲਿਸ ਅਰੁਣ ਸੈਣੀ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਡਾ.ਜੈ ਇੰਦਰ
ਸਿੰਘ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ ਅਤੇ ਹਰਦੀਪ ਸਿੰਘ, ਸਹਾਇਕ ਕਮਿਸ਼ਨਰ ਪੁਲਿਸ
ਹਰਸਿਮਰਤ ਸਿੰਘ, ਸਬ ਰਜਿਸਟਰਾਰ ਲਖਵਿੰਦਰ ਸਿੰਘ ਗਿੱਲ, ਤਹਿਸੀਲਦਾਰ ਰੁਪਿੰਦਰਪਾਲ ਸਿੰਘ ਬੱਲ
ਅਤੇ ਹੋਰ ਵੀ ਹਾਜ਼ਰ ਸਨ।