ਜਲੰਧਰ, 21 ਅਗਸਤ
ਜਲੰਧਰ ਪ੍ਰਸ਼ਾਸਨ ਦੇ ਯਤਨਾਂ ਸਦਕਾ ਗੰਨਾ ਕਾਸ਼ਤਕਾਰਾਂ ਦੇ ਚੱਲ ਰਹੇ ਮਸਲੇ ਦੇ ਹੱਲ ਲਈ ਕਿਸਾਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮੁਲਾਕਾਤ ਕਰਨ ਲਈ ਸਹਿਮਤ ਹੋ ਗਏ ਹਨ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਲੜੀਵਾਰ ਗੱਲਬਾਤ ਤੋਂ ਬਾਅਦ ਇਸ ਮੀਟਿੰਗ ਦੀ ਵਿਵਸਥਾ ਕੀਤੀ ਗਈ ਹੈ। ਇਹ ਮੀਟਿੰਗ ਐਤਵਾਰ ਨੂੰ ਦੁਪਹਿਰ 12 ਵਜੇ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਵੇਗੀ, ਜਿਸ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਕਰਨਗੇ, ਜਿਨ੍ਹਾਂ ਨਾਲ ਏ.ਸੀ.ਐਸ. (ਵਿਕਾਸ) ਅਨਿਰੁੱਧ ਤਿਵਾੜੀ, ਗੰਨਾ ਕਮਿਸ਼ਨਰ ਅਤੇ ਡਾਇਰੈਕਟਰ ਖੇਤੀਬਾੜੀ ਵੀ ਮੌਜੂਦ ਹੋਣਗੇ। ਬਲਬੀਰ ਸਿੰਘ ਰਾਜੇਵਾਲ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਬੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਸੁਖਪਾਲ ਸਿੰਘ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਸਿਰਸਾ, ਕੁਲਵੰਤ ਸਿੰਘ ਸੰਧੂ, ਹਰਿੰਦਰ ਸਿੰਘ ਲੱਖੋਵਾਲ ਅਤੇ ਮੁਕੇਸ਼ ਚੰਦਰ ਸਮੇਤ 12 ਕਿਸਾਨ ਆਗੂਆਂ ਦੇ ਮੀਟਿੰਗ ਵਿੱਚ ਭਾਗ ਲੈਣ ਦੀ ਉਮੀਦ ਹੈ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨਾਜ ਉਤਪਾਦਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ‘ਤੇ ਸੂਬਾ ਸਰਕਾਰ ਵੱਲੋਂ ਲਗਾਤਾਰ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੂਬੇ ਵਿੱਚ ਗੰਨਾ ਕਾਸ਼ਤਕਾਰਾਂ ਨੂੰ 94 ਫੀਸਦੀ ਅਦਾਇਗੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਦੀ ਅਦਾਇਗੀ, ਜੇਕਰ ਕੋਈ ਹੈ, ਵੀ ਜਲਦੀ ਹੀ ਕਰ ਦਿੱਤੀ ਜਾਵੇਗੀ। ਉਨ੍ਹਾਂ ਐਤਵਾਰ ਨੂੰ ਹੋਣ ਵਾਲੀ ਮੀਟਿੰਗ ਨੂੰ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਉਚਿਤ ਕਦਮ ਦੱਸਿਆ।