ਜਲੰਧਰ, 12 ਅਪ੍ਰੈਲ
ਵਧੀਕ ਸਕੱਤਰ ਭਾਰਤ ਸਰਕਾਰ ਸ਼੍ਰੀ ਵੀ. ਕੇ. ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂ ਕਸ਼ਯਪ ਵਲੋਂ ਅੱਜ ਜਲੰਧਰ ਵਿਖੇ ਪਹੁੰਚ ਕੇ ਜ਼ਿਲ੍ਹੇ ਵਿੱਚ ਕੋਵਿਡ ਸਬੰਧੀ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ।ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗ ਵਿੱਚ ਦੋਵੇਂ ਉੱਚ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ, ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੋਵਿਡ ਦੇ ਫੈਲਾਅ ਨੂੰ ਰੋਕਣ ਆਦਿ ਵਿਸ਼ਿਆਂ ‘ਤੇ ਚਰਚਾ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਅਤੇ ਜ਼ਿਲ੍ਹੇ ਦੀ ਮੌਜੂਦਾ ਸਥਿਤੀ ਸਬੰਧੀ ਜਾਣਕਾਰੀ ਵੀ ਹਾਸਲ ਕੀਤੀ।ਡਿਪਟੀ ਕਮਿਸ਼ਨਰ ਨੇ ਉੱਚ ਅਧਿਕਾਰੀਆਂ ਨੂੰ ਜਾਣੂੰ ਕਰਵਾਉਂਦੇ ਹੋਏ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ ਟੈਸਟਿੰਗ ਅਤੇ ਵੈਕਸੀਨੇਸ਼ਨ ਵਿੱਚ ਲਿਆਂਗੀ ਗਈ ਤੇਜ਼ੀ ਸਦਕਾ ਜ਼ਿਲ੍ਹੇ ਵਿੱਚ ਪੋਜ਼ੀਟਿਵ ਅਤੇ ਮੌਤ ਦਰ ਵਿੱਚ ਕਮੀ ਆਈ ਹੈ। ਉਨ੍ਹਾਂ ਦੱਸਿਆ ਹੁਣ ਤੱਕ 813652 ਟੈਸਟ ਕੀਤੇ ਜਾ ਚੁੱਕੇ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਮੇਂ 1 ਕੰਟੇਨਮੈਂਟ ਜੋਨ ਅਤੇ 8 ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ ਗਏ ਹਨ। ਉਨ੍ਹਾਂ ਜ਼ਿਲ੍ਹੇ ਵਿੱਚ ਅਪਨਾਈ ਜਾ ਰਹੀ ਆਈਸੋਲੇਸ਼ਨ ਮੋਨੀਟਰਿੰਗ ਮੈਕੇਨੀਜ਼ਮ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਸਬੰਧੀ ਕੰਮ ਵਿੱਚ ਵੀ ਤੇਜ਼ੀ ਲਿਆਂਦੀ ਗਈ, ਜਿਸ ਸਦਕਾ ਜ਼ਿਲ੍ਹਾ ਕਰੀਬ 15000 ਟੀਕਾਕਰਨ ਪ੍ਰਤੀਦਿਨ ਦੇ ਅੰਕੜੇ ਨੂੰ ਛੋਹਣ ਵਿੱਚ ਕਾਮਯਾਬ ਹੋ ਸਕਿਆ ਹੈ। ਉਨ੍ਹਾਂ ਦੱਸਿਆ ਕਿ ਟੀਕਾਕਰਨ ਮੁਹਿੰਮ ਵਿੱਚ ਸਮਾਜਿਕ ਸੰਗਠਨਾਂ, ਲੋਕ ਪ੍ਰਤੀਨਿਧੀਆਂ, ਧਾਰਮਿਕ ਸੰਸਥਾਵਾਂ ਆਦਿ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ, ਜਿਸ ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਜਲੰਧਰ ਵਿੱਚ ਕੋਵਿਡ ਦੇ ਗੰਭੀਰ ਮਰੀਜ਼ਾਂ ਲਈ 159 ਵੈਂਟੀਲੇਟਰਾਂ ਉਪਲਬਧ ਹਨ। ਇਸ ਤੋਂ ਇਲਾਵਾ 136 ਐਂਬੂਲੈਂਸਾਂ ਮੌਜੂਦ ਹਨ, ਜਿਨ੍ਹਾਂ ਦੀ ਕਾਰਜਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ‘ਤੇ ਚੈਕਿੰਗ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਮੁੱਚੇ ਜ਼ਿਲਿਆਂ ਤੋਂ ਵੱਧ ਲੈਵਲ-2 ਅਤੇ ਲੈਵਲ-3 ਬੈੱਡ ਉਪਲਬਧ ਹਨ, ਜਿਨ੍ਹਾਂ 1136 ਲੈਵਲ-2 ਅਤੇ 428 ਲੈਵਲ -3 ਬੈੱਡ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੀ ਵੈਕਸੀਨੇਸ਼ਨ ਮੁਹਿੰਮ ਵਿੱਚ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ। ਜਿਥੇ ਪੁਲਿਸ ਵੱਲੋਂ ਨਾਕੇ ਲਗਾ ਕੇ ਕੋਵਿਡ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਉਥੇ ਉਨ੍ਹਾਂ ਦੇ ਨੇੜਲੇ ਸਿਹਤ ਕੇਂਦਰ ਵਿਖੇ ਕੋਵਿਡ ਟੈਸਟ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 65586 ਵਿਅਕਤੀਆਂ ਦੇ ਚਲਾਨ ਜਾਰੀ ਕਰਦਿਆਂ ਉਨ੍ਹਾਂ ਤੋਂ 3,67,34,600 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ ਹਨ ਜਦਕਿ ਐਸ.ਐਸ.ਪੀ. ਦਿਹਾਤੀ ਵੱਲੋਂ ਮਾਸਕ ਨਾ ਪਾਉਣ ਵਾਲੇ 30033 ਵਿਅਕਤੀਆਂ ਦੇ ਚਲਾਨ ਜਾਰੀ ਕਰਦੇ ਹੋਏ ਉਨ੍ਹਾਂ ਤੋਂ 1,39, 62,500 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ ਹਨ। ਇਸ ਤੋਂ ਇਲਾਵਾ ਸੜਕ ਤੇ ਥੁਕਣ, ਘਰ ਵਿੱਚ ਇਕਾਂਤਵਾਸ ਅਤੇ ਸਮਾਜਿਕ ਦੂਰੀ ਦੀ ਉਲੰਘਣਾ ਕਰਨ ਵਾਲਿਆਂ ਦੇ ਵੀ ਚਲਾਨ ਕੀਤੇ ਗਏ ਹਨ।
ਵਧੀਕ ਸਕੱਤਰ ਭਾਰਤ ਸਰਕਾਰ ਸ਼੍ਰੀ ਵੀ. ਕੇ. ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਸ਼੍ਰੀਮਤੀ ਤਨੂ ਕਸ਼ਯਪ ਨੇ ਕੋਵਿਡ ਦੇ ਵਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਪਣਾਏ ਜਾ ਰਹੇ ਪ੍ਰਭਾਵਸ਼ਾਲੀ ਤਰੀਕਿਆਂ ’ਤੇ ਤਸੱਲੀ ਜ਼ਾਹਰ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਐਸ.ਡੀ.ਐਮ. ਸੰਜੀਵ ਕੁਮਾਰ ਸ਼ਰਮਾ, ਐਸ.ਡੀ.ਐਮ. ਡਾ. ਵਿਨੀਤ ਸ਼ਰਮਾ, ਸਿਵਲ ਸਰਜਨ ਡਾ. ਬਲਵੰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।