ਜਲੰਧਰ, 23 ਫਰਵਰੀ
ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸੌ ਫੀ ਸਦੀ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਪ੍ਰਸ਼ਾਸਨ ਨੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਰਾਸ਼ਨ ਦੀ ਵੰਡ ਕਰਨ ਸਮੇਂ ਮੌਕੇ ‘ਤੇ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਵੱਲੋਂ ਅੱਜ ਵਾਰਡ ਨੰ.52 ਜਲੰਧਰ, ਭੋਗਪੁਰ, ਪਿੰਡ ਖੁਰਲਾ ਕੀਂਗਰਾ ਅਤੇ ਗੜ੍ਹਾ ਸਮੇਤ ਹੋਰ ਵੱਖ-ਵੱਖ ਥਾਵਾਂ ‘ਤੇ ਰਾਸ਼ਨ ਦੀ ਵੰਡ ਦੌਰਾਨ ਆਯੂਸ਼ਮਾਨ ਟੀਮ ਨੇ ਬੀਮਾ ਯੋਜਨਾ ਦੇ ਯੋਗ ਲਾਭਪਾਤਰੀਆਂ ਦੇ ਈ-ਹੈਲਥ ਕਾਰਡ ਮੌਕੇ ‘ਤੇ ਜਾਰੀ ਕੀਤੇ। ਉਨਾਂ ਦੱਸਿਆ ਕਿ ਰਾਸ਼ਨ ਵੰਡ ਮੌਕੇ ਈ ਹੈਲਥ ਕਾਰਡ ਜਾਰੀ ਕਰਨ ਤੋੰ ਇਲਾਵਾ ਹੋਰ ਵੀ ਥਾਵਾਂ ‘ਤੇ ਵਿਸ਼ੇਸ਼ ਕੈੰਪ ਲਗਾਏ ਜਾ ਰਹੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈਣ ਤੋੰ ਵਾਂਝਾ ਨਾ ਰਹੇ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਟਾਈਪ-1 ਸੇਵਾ ਕੇਂਦਰਾਂ ਅਤੇ ਸਮੁੱਚੇ 26 ਟਾਈਪ-2 ਸੇਵਾ ਕੇਂਦਰਾਂ ਵਿੱਚ ਈ-ਕਾਰਡ ਬਣਾਉਣ ਦੀਆਂ ਸੇਵਾਵਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਹਨ ਅਤੇ 26 ਫਰਵਰੀ ਤੋਂ ਟਾਈਪ -3 ਸ਼੍ਰੇਣੀ ਦੇ ਬਾਕੀ 6 ਸੇਵਾ ਕੇਂਦਰਾਂ ਵਿੱਚ ਵੀ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਦੀਆਂ ਮਾਰਕੀਟ ਕਮੇਟੀਆਂ ਵਿੱਚ ਜੇ-ਫਾਰਮ ਧਾਰਕ ਕਿਸਾਨਾਂ ਲਈ ਵਿਸ਼ੇਸ਼ ਕੈਂਪ ਸਥਾਪਤ ਕੀਤੇ ਗਏ ਹਨ।
ਥੋਰੀ ਨੇ ਦੱਸਿਆ ਕਿ ਇਸ ਯੋਜਨਾ ਦੇ ਫਾਇਦਿਆਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੋਬਾਇਲ ਜਾਗਰੂਕਤਾ ਵੈਨ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ 200 ਦੇ ਕਰੀਬ ਸ਼ਹਿਰੀ ਅਤੇ ਪੇਂਡੂ ਸਥਾਨਾਂ ‘ਤੇ ਜਾਵੇਗੀ। ਉਨ੍ਹਾਂ ਦੱਸਿਆ ਕਿ ਹੋਰ ਜਾਗਰੂਕਤਾ ਸਮੱਗਰੀ ਵੰਡਣ ਤੋਂ ਇਲਾਵਾ ਇਸ ਵੈਨ ਵਿੱਚ ਲੱਗੀ ਐਲ.ਈ.ਡੀ. ਸਕਰੀਨ ‘ਤੇ ਜਾਗਰੂਕਤਾ ਸੰਦੇਸ਼ ਪ੍ਰਦਰਸ਼ਿਤ ਕੀਤੇ ਜਾਣਗੇ।
ਉਨ੍ਹਾਂ ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚਲੀਆਂ ਸਮੁੱਚੀਆਂ 13 ਸਰਕਾਰੀ ਸਿਹਤ ਸੰਸਥਾਵਾਂ ਅਤੇ 56 ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ ਅਤੇ ਇਨ੍ਹਾਂ ਹਸਪਤਾਲਾਂ ਦੀ ਸੂਚੀ www.sha.punjab.gov.in ‘ਤੇ ਵੇਖੀ ਜਾ ਸਕਦੀ ਹੈ। ਇਸ ਸਕੀਮ ਅਧੀਨ ਲਾਭਪਾਤਰੀਆਂ ਲਈ 1579 ਪੈਕੇਜ ਉਪਲੱਬਧ ਹਨ। ਇਨ੍ਹਾਂ ਵਿੱਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਹਨ, ਜਿਨ੍ਹਾਂ ਵਿੱਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿੱਚ ਰੈਫ਼ਰਯੋਗ ਹਨ। ਉਨ੍ਹਾਂ ਦੱਸਿਆ ਕਿ ਐਨਐਫਐਸਏ ਰਾਸ਼ਨ ਕਾਰਡ ਧਾਰਕ ਲਾਭਪਾਤਰੀ, ਉਸਾਰੀ ਕਿਰਤੀ, ਐਸਈਸੀਸੀ ਲਾਭਪਾਤਰੀ, ਛੋਟੇ ਵਪਾਰੀ, ਯੈਲੋ ਜਾਂ ਐਕਰੀਡੇਸ਼ਨ ਕਾਰਡ ਧਾਰਕ ਪੱਤਰਕਾਰ ਅਤੇ ਜੇ-ਫਾਰਮ ਧਾਰਕ ਕਿਸਾਨ ਇਸ ਯੋਜਨਾ ਅਧੀਨ ਯੋਗ ਹਨ ਅਤੇ ਲਾਭਪਾਤਰੀ sha.punjab.gov.in ‘ਤੇ ਆਪਣੀ ਯੋਗਤਾ ਚੈੱਕ ਕਰ ਸਕਦੇ ਹਨ।
ਉਨ੍ਹਾਂ ਲੋਕਾਂ ਨੂੰ ਇਸ ਸਕੀਮ ਅਧੀਨ ਆਪਣਾ ਨਾਮ ਦਰਜ ਕਰਵਾਉਣ ਲਈ ਸਰਕਾਰੀ ਸਿਹਤ ਸੰਸਥਾਵਾਂ, ਸੇਵਾ ਕੇਂਦਰਾਂ ਅਤੇ ਸੀਐਸਸੀ ਅਤੇ ਹੋਰ ਕੈਂਪਾਂ ਵਿਖੇ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਦੀ ਅਪੀਲ ਕੀਤੀ।