ਜਲੰਧਰ 04 ਸਤੰਬਰ 2020 ਵਧੀਕ ਡਿਪਟੀ ਕਮਿਸ਼ਨਰ (ਜਨਰਲ)  ਜਸਬੀਰ ਸਿੰਘ ਨੇ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਮਰੀਜ਼ਾਂ ਦਾ ਸੁਚਾਰੂ ਢੰਗ ਨਾਲ ਇਲਾਜ ਕੀਤਾ ਜਾ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਅਤੇ ਆਕਸੀਜਨ ਤਿਆਰ ਤੇ ਸਪਲਾਈ ਕਰਨ ਵਾਲਿਆਂ ਨਾਲ ਕੀਤੀ ਮੀਟਿੰਗ ਦੌਰਾਨ ਨਿਰਦੇਸ਼ ਦੇ ਰਹੇ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ  ਗੁਰਮੀਤ ਸਿੰਘ, ਐਸ.ਡੀ.ਐਮ.  ਰਾਹੁਲ ਸਿੰਧੂ ਤੇ ਡਾ.ਜੈ ਇੰਦਰ ਸਿੰਘ , ਜੁਆਇੰਟ ਕਮਿਸ਼ਨਰ ਨਗਰ ਨਿਗਮ ਹਰਚਰਨ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਕਸੀਜਨ ਦੀ ਸਪਲਾਈ ਪਹਿਲ ਦੇ ਅਧਾਰ ’ਤੇ ਕੀਤੀ ਜਾਵੇ, ਕਿਉਂਕਿ ਸਮੇਂ ਸਿਰ ਕੀਤੀ ਸਪਲਾਈ ਨਾਲ ਮਨੁੱਖੀ ਜਾਨ ਨੂੰ ਬਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਉਣ ’ਤੇ ਨਿਯਮਾਂ ਮੁਤਾਬਿਕ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਕਸੀਜਨ ਦਾ ਸਟਾਕ ਚੈਕ ਕਰਨਾ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਆਕਸੀਜਨ ਦੀ ਉਪਲਬੱਧਤਾ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਮਨੁੱਖੀ ਜਾਨਾਂ ਬਚਾਉਣ ਲਈ ਪੂਰੀ ਤਰ੍ਹਾਂ ਗੰਭੀਰ ਹੈ, ਇਸ ਲਈ ਆਕਸੀਜਨ ਸਪਲਾਇਰ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਅੱਗੇ ਆਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਸਪਲਾਈ ਵਿੱਚ ਦੇਰੀ ਕਾਰਨ ਮਨੁੱਖੀ ਜਾਨ ਨੂੰ ਖਤਰੇ ਵਿੱਚ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਪਲਾਇਰ ਨੂੰ ਸਪਲਾਈ ਦੌਰਾਨ ਜੇਕਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਲੋਂ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਹਾਇਕ ਕਮਿਸ਼ਨਰ (ਜਨਰਲ)  ਹਰਦੀਪ ਸਿੰਘ ਇਸ ਕਮੇਟੀ ਦੇ ਨੋਡਲ ਅਫ਼ਸਰ ਹੋਣਗੇ।ਜ਼ਿਕਰਯੋਗ ਹੈ ਕਿ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਘਨਸ਼ਿਆਮ ਥੋਰੀ ਵਲੋਂ ਆਦੇਸ਼ ਜਾਰੀ ਕਰਕੇ ਕਮੇਟੀ ਗਠਿਤ ਕੀਤੀ ਗਈ ਹੈ, ਜਿਸ ਵਿੱਚ ਸਹਾਇਕ ਕਮਿਸ਼ਨਰ (ਜਨਰਲ)  ਹਰਦੀਪ ਸਿੰਘ ਨੋਡਲ ਅਫ਼ਸਰ ਤੋਂ ਇਲਾਵਾ ਡਿਪਟੀ ਡਾਇਰੈਕਟਰ ਫੈਕਟਰੀਜ਼  ਗੁਰਜੰਟ ਸਿੰਘ, ਡਿਪਟੀ ਡਾਇਰੈਕਟਰ ਫੈਕਟਰੀਜ਼ ਜਲੰਧਰ ਡਵੀਜਨ-1  ਜਗਜੀਤ ਸਿੰਘ, ਸਹਾਇਕ ਕਿਰਤ ਕਮਿਸ਼ਨਰ ਜਤਿੰਦਰ ਪਾਲ ਸਿੰਘ ਸਮੇਤ ਤਿੰਨ ਡਰੱਗ ਇੰਸਪੈਕਟਰ ਅਤੇ ਸਬੰਧਿਤ ਐਸ.ਐਚ.ਓਜ਼. ਸ਼ਾਮਿਲ ਕੀਤੇ ਗਏ ਹਨ।ਆਕਸੀਜਨ ਦੀ ਨਿਰੰਤਰ ਸਪਲਾਈ ਬਣਾਈ ਰੱਖਣ ਲਈ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਕਸੀਜਨ ਦੀ ਸਪਲਾਈ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਆਕਸੀਜਨ ਸਪਲਾਇਰ ਦੀਆਂ ਫੈਕਟਰੀਆਂ/ਗੁਦਾਮਾਂ ਵਿੱਚ ਆਕਸੀਜਨ ਦੀ ਪ੍ਰਤੀ ਦਿਨ ਉਤਪਾਦਨ ਅਤੇ ਸਟੋਰੇਜ ਦੀ ਰਿਪੋਰਟ ਸੌਂਪਣ ਨੂੰ ਯਕੀਨੀ ਬਣਾਇਆ ਜਾਵੇ।