ਜਲੰਧਰ 13 ਅਗਸਤ 2020
ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਮਾਸਕ ਨਾ ਪਾਉਣ ਵਾਲੇ 29473 ਲੋਕਾਂ ਨੂੰ 1.42 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਜਾ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵਲੋਂ ਹੁਣ ਤੱਕ ਮਾਸਕ ਨਾ ਪਾਉਣ ਵਾਲੇ 29473 ਲੋਕਾ ਨੂੰ 1,42,17,100 ਰੁਪਏ ਦਾ ਜੁਰਮਾਨਾ ਲਗਾਉਣ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 453 ਵਿਅਕਤੀਆਂ ਨੂੰ 116100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 52406 ਟਰੈਫਿਕ ਚਲਾਨ ਕਰਕੇ 2296 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 223 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.51 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 129 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 198 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 99000 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਾਇਆ ਜਾਵੇ।