ਜਲੰਧਰ 18 ਅਪ੍ਰੈਲ 2021
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਸਮੇਂ ਸਿਰ ਖ਼ਰੀਦ ਅਤੇ ਚੁਕਾਈ ਕਰਕੇ ਕਣਕ ਦੀ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਅਸੁਵਿਧਾ ਤੋਂ ਬਗੈਰ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਪੁੱਜੀ ਕਣਕ ਦੀ ਸਮੇਂ ਸਿਰ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸਮੇਂ ਸਿਰ ਚੁਕਾਈ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
ਥੋਰੀ ਨੇ ਦੱਸਿਆ ਕਿ ਜਦੋਂ ਤੋਂ ਕਣਕ ਦੀ ਖ਼ਰੀਦ ਦਾ ਸ਼ੀਜਨ ਸ਼ੁਰੂ ਹੋਇਆ ਹੈ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ 1,49,574 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 1,48,080 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਦੇ ਨਾਲ-ਨਾਲ ਸਮੇਂ ਸਿਰ 100 ਫੀਸਦ ਚੁਕਾਈ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਮੰਡੀਆਂ ਵਿਚੋਂ ਕਿਸਾਨਾਂ ਵਲੋਂ ਲਿਆਂਦੀ ਗਈ ਕਣਕ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪਾਬੰਦ ਹੈ।
ਥੋਰੀ ਨੇ ਦੱਸਿਆ ਕਿ 17 ਅਪ੍ਰੈਲ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 22109 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਦਕਿ 54069 ਮੀਟਰਿਕ ਟਨ ਖ਼ਰੀਦੀ ਕਣਕ ਦੀ ਚੁਕਾਈ ਕੀਤੀ ਗਈ ਹੈ ਜੋ ਕਿ ਪਹੁੰਚੀ ਕਣਕ ਨਾਲੋਂ ਦੁੱਗਣੇ ਤੋਂ ਜ਼ਿਆਦਾ ਬਣਦੀ ਹੈ।
ਜ਼ਿਲ੍ਹੇ ਵਿੱਚ ਖ਼ਰੀਦ ਕੀਤੀ ਗਈ ਕਣਕ ਦਾ ਵੇਰਵਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗਰੇਨ ਵਲੋਂ 39396 ਮੀਟਰਿਕ ਟਨ, ਮਾਰਕਫ਼ੈਡ ਵਲੋਂ 38511, ਪਨਸਪ ਵਲੋਂ 36470, ਪੀ.ਐਸ.ਡਬਲਿਊ.ਪੀ. ਵਲੋਂ 23428 ਅਤੇ ਐਫ.ਸੀ.ਆਈ.ਵਲੋਂ 10275 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਖ਼ਰੀਦ ਏਜੰਸੀਆਂ ਪਾਸ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬੱਧ ਹੈ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਸਮੇਂ ਦੌਰਾਨ ਪੂਰੀ ਸਾਵਧਾਨੀ ਨਾਲ ਕਣਕ ਮੰਡੀਆਂ ਵਿੱਚ ਲਿਆਂਦੀ ਜਾਵੇ ਕਿਉਂਕਿ ਸਿਹਤ ਦੀ ਸਭ ਲਈ ਬਰਾਬਰ ਮਹੱਤਤਾ ਹੈ।
ਉਨ੍ਹਾਂ ਕਿਹਾ ਕਿ ਮੰਡੀਆਂ ਕੋਵਿਡ-19 ਦੇ ਸਮੇਂ ਦੌਰਾਨ ਮੰਡੀਆ ਵਿੱਚ ਪਹੁੰਚਣ ਵਾਲੀ ਕਣਕ ਦੀ ਤੁਰੰਤ ਖ਼ਰੀਦ ਅਤੇ ਚੁਕਾਈ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।