ਜਲੰਧਰ, 13 ਅਪ੍ਰੈਲ
ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 11947 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 11053 ਮੀਟ੍ਰਿਕ ਟਨ ਦੇ ਕਰੀਬ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪਨਗਰੇਨ ਵਲੋਂ 2927 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 3994 ਮੀਟ੍ਰਿਕ ਟਨ,ਪਨਸਪ ਵਲੋਂ 2507 ਮੀਟ੍ਰਿਕ ਟਨ ਅਤੇ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 1625 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਉਨ੍ਹਾਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚੋਂ ਕਣਕ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਸੁਚਾਰੂ ਖਰੀਦ ਦੇ ਨਾਲ-ਨਾਲ ਸਮੇਂ ਸਿਰ ਲਿਫਟਿੰਗ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਕਿਸਾਨਾਂ ਤੇ ਮਜ਼ਦੂਰਾਂ ਲਈ ਮਾਸਕ ਅਤੇ ਸੈਨੇਟਾਈਜ਼ਰ ਦੀ ਸਹੂਲਤ ਸਮੇਤ ਮੰਡੀਆਂ ਵਿੱਚ ਰੋਗਾਣੂ ਨਾਸ਼ਕ ਦੇ ਛਿੜਕਾਅ ਨੂੰ ਲਗਾਤਾਰ ਯਕੀਨੀ ਬਣਾਇਆ ਜਾ ਰਿਹਾ ਹੈ ।ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।