ਜਲੰਧਰ :- ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਮਨੋਜ ਅਰੋੜਾ ਨੇ ਅੱਜ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕਾਂ ਸੁਸ਼ੀਲ ਰਿੰਕੂ, ਰਾਜਿੰਦਰ ਬੇਰੀ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ ਸ਼੍ਰੀ ਜਗਬੀਰ ਸਿੰਘ ਬਰਾੜ ਅਤੇ ਹੋਰਨਾਂ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਅਤੇ ਲੋੜਵੰਦ ਵਰਗਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਉਣ ਲਈ ਇਸ ਦਫ਼ਤਰ ਦੀਆਂ ਸੇਵਾਵਾਂ ਦਾ ਬਾਕਾਇਦਾ ਇਸਤੇਮਾਲ ਕੀਤਾ ਜਾਵੇਗਾ। ਇਸ ਅਹੁਦੇ ਲਈ ਚੁਣੇ ਜਾਣ ‘ਤੇ ਅਰੋੜਾ ਨੇ ਕਾਂਗਰਸ ਹਾਈਕਮਾਨ ਵਿਸ਼ੇਸ਼ ਕਰ ਕੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੂਰੀ ਇਮਾਨਦਾਰੀ ਤੇ ਉਤਸ਼ਾਹ ਨਾਲ ਲੋਕਾਂ ਦੀ ਸੇਵਾ ਕਰਨਗੇ।

ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸੁਸ਼ੀਲ ਰਿੰਕੂ ਤੇ ਰਜਿੰਦਰ ਬੇਰੀ, ਮੇਅਰ ਨਗਰ ਨਿਗਮ, ਜਲੰਧਰ ਜਗਦੀਸ਼ ਰਾਜ ਰਾਜਾ, ਪੰਜਾਬ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮੋਹਿੰਦਰ ਸਿੰਘ ਕੇ ਪੀ, ਪੰਜਾਬ ਜਲ ਸਰੋਤ ਪ੍ਰਬੰਧਨ ਨਿਗਮ ਦੇ ਚੇਅਰਮੈਨ ਜਗਬੀਰ ਸਿੰਘ ਬਰਾੜ ਅਤੇ ਹੋਰਨਾਂ ਨੇ ਸ਼੍ਰੀ ਅਰੋੜਾ ਨੂੰ ਇਹ ਜ਼ਿੰਮੇਵਾਰੀ ਸੌਂਪੇ ਜਾਣ ‘ਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਰੋੜਾ ਕੋਲ ਯੂਥ ਕਾਂਗਰਸ ਅਤੇ ਕਾਂਗਰਸ ਪਾਰਟੀ ਦਾ ਆਗੂ ਹੋਣ ਤੋਂ ਇਲਾਵਾ ਲੰਬੇ ਸਮੇਂ ਲਈ ਨਗਰ ਕੌਂਸਲਰ ਹੋਣ ਦਾ ਤਜ਼ੁਰਬਾ ਵੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਆਪਣੇ ਪ੍ਰਸ਼ਾਸਕੀ ਅਤੇ ਸਿਆਸੀ ਤਜ਼ਰਬੇ ਨਾਲ ਸ਼੍ਰੀ ਅਰੋੜਾ ਲੋੜਵੰਦ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਲੋਕਾਂ ਦਰਮਿਆਨ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਬੰਧਕੀ ਕੰਮਾਂ ਲਈ ਇੱਕ ਪੁਲ ਵਜੋਂ ਕੰਮ ਕਰਨ ਵਿੱਚ ਸਹਾਇਕ ਸਾਬਤ ਹੋਣਗੇ ।