ਜਲੰਧਰ :- ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ੁੱਕਰਵਾਰ ਨੂੰ ਸਮੂਹ ਵਿਭਾਗਾਂ ਨੂੰ ਜ਼ਿਲ੍ਹੇ ਦੀ ਨੁਹਾਰ ਬਦਲਣ ਲਈ ਮੈਂਬਰ ਆਫ ਪਾਰਲੀਮੈਂਟ ਏਰੀਆ ਡਿਵੈਲਪਮੈਂਟ (ਐਮਪੀਲੈਡ) ਸਕੀਮ ਅਧੀਨ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਸਬੰਧੀ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਈ ਸੌ ਕਰੋੜ ਰੁਪਏ ਦੇ ਪ੍ਰਾਜੈਕਟ ਚੱਲ ਰਹੇ ਹਨ, ਜਿਨ੍ਹਾਂ ਨੂੰ ਜਲਦੀ ਪੂਰਾ ਕਰਨ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਇਹ ਕਾਰਜ ਬਹੁਤ ਅਹਿਮ ਹਨ। ਥੋਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਨ੍ਹਾਂ ਕੰਮਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਕੰਮਾਂ ਨੂੰ ਜਲਦੀ ਪੂਰਾ ਕੀਤੇ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤਾਂ ਦੇਣ ਲਈ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਨੂੰ ਸਰਬਓਤਮ ਪਹਿਲ ਦੇਣ । ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਲਈ ਗ੍ਰਾਂਟ ਜਾਰੀ ਕਰਨ ਦਾ ਇਕੋ ਮੰਤਵ ਲੋਕਾਂ ਨੂੰ ਇਨ੍ਹਾਂ ਦਾ ਲਾਭ ਮਿਲ ਸਕਣਾ ਯਕੀਨੀ ਬਣਾਉਣਾ ਹੈ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਕਾਰਜਾਂ ਨੂੰ ਤੁਰੰਤ ਮੁਕੰਮਲ ਕਰਕੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾ ਕਰਵਾਏ ਜਾਣ ਤਾਂ ਜੋ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਮੁਖੀ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਨਿੱਜੀ ਦਿਲਚਸਪੀ ਲੈਂਦੇ ਹੋਏ ਇਨ੍ਹਾਂ ਦੀ ਨਜ਼ਰਸਾਨੀ ਕਰਨ ਤਾਂ ਜੋ ਪ੍ਰਾਜੈਕਟ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾ ਸਕਣ। ਇਸ ਮੌਕੇ ਐਸਡੀਐਮ ਰਾਹੁਲ ਸਿੰਧੂ, ਗੌਤਮ ਜੈਨ, ਵਿਨੀਤ ਕੁਮਾਰ, ਸੰਜੀਵ ਕੁਮਾਰ ਸ਼ਰਮਾ ਤੇ ਡਾ. ਜੈ ਇੰਦਰ ਸਿੰਘ ਅਤੇ ਹੋਰ ਮੌਜੂਦ ਸਨ।