ਜਲੰਧਰ, 16 ਫਰਵਰੀ
ਲੜਕੀਆਂ ਲਈ ਮੁਫ਼ਤ ਡਰਾਈਵਿੰਗ ਸਿਖਲਾਈ ਕਲਾਸਾਂ ਦੇ ਪਹਿਲੇ ਪੜਾਅ ਨੂੰ ਭਰਵਾਂ ਹੁੰਗਾਰਾ ਮਿਲਣ ਤੋਂ ਬਾਅਦ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਮੰਗਲਵਾਰ ਨੂੰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਲੜਕੀਆਂ ਲਈ ਡਰਾਈਵਿੰਗ ਕੋਰਸ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਦੂਜੇ ਕੈਂਪ ਦੀ ਸ਼ੁਰੂਆਤ 50 ਲੜਕੀਆਂ ਨਾਲ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੋਰ ਲੜਕੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਸਮੂਹਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। ਪਹਿਲੇ ਕੋਰਸ ਵਿਚ 70 ਲੜਕੀਆਂ ਵੱਲੋਂ ਸਫ਼ਲਤਾਪੂਰਵਕ ਕਲਾਸਾਂ ਵਿਚ ਲਗਾਈਆਂ ਗਈਆਂ ਸਨ।ਕੋਚਿੰਗ ਵਿਚ ਹਰੇਕ ਕਲਾਸ ਦੌਰਾਨ 8 ਕਿਲੋਮੀਟਰ ਲਾਜ਼ਮੀ ਸਿਖਲਾਈ ਦੇ ਨਾਲ ਇਕੋ ਸਮੇਂ ਥਿਊਰੋ ਅਤੇ ਪ੍ਰੈਕਟੀਕਲ ਸੈਸ਼ਨ ਸ਼ਾਮਿਲ ਹੋਣਗੇ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਲੜਕੀਆਂ ਨੂੰ ਅਜੋਕੇ ਮੁਕਾਬਲੇ ਦੇ ਯੁੱਗ ਵਿੱਚ ਸਵੈ-ਨਿਰਭਰ ਅਤੇ ਹੁਨਰਮੰਦ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰਾਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਔਰਤਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਵੀ ਕਈ ਕਦਮ ਚੁੱਕੇ ਗਏ ਹਨ ਭਾਵੇਂ ਉਹ ਕੈਰੀਅਰ ਦੀ ਸੰਭਾਵਨਾ ਹੋਵੇ ਜਾਂ ਸਮਾਜਿਕ ਜ਼ਿੰਦਗੀ।ਉਨ੍ਹਾਂ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਵਾਲੇ ਸੰਸਾਰ ਵਿੱਚ ਡਰਾਈਵਿੰਗ ਦਾ ਹੁਨਰ ਕਾਫ਼ੀ ਅਹਿਮ ਹੈ ਅਤੇ ਕਈ ਵਾਰ ਰੋਜ਼ਗਾਰ ਦੇ ਨਜ਼ਰੀਏ ਤੋਂ ਮਹੱਤਵਪੂਰਨ ਸਾਬਤ ਹੁੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੜਕੀਆਂ ਲਈ ਅਜਿਹੇ ਕੈਂਪ ਲਗਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਦੇ ਸਮਾਨ ਮੌਕਿਆਂ ਦਾ ਲਾਭ ਮਿਲ ਸਕੇ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੈਂਪ ਦੀ ਸਮਾਪਤੀ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਲੜਕੀਆਂ ਨੂੰ ਟਰਾਂਸਪੋਰਟ ਵਿਭਾਗ ਤੋਂ ਲਰਨਰ ਦਾ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਵਿਚ ਵੀ ਸਹਾਇਤਾ ਕੀਤੀ ਜਾਵੇਗੀ।ਥੋਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਮੰਤਵ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣਾ ਅਤੇ ਉਨ੍ਹਾਂ ਵਿੱਚ ਵਿਸ਼ਵਾਸ ਪੈਦਾ ਕਰਨ ਵਿੱਚ ਮਦਦ ਕਰਨਾ ਹੈ ਤਾਂ ਜੋ ਡਰਾਈਵਿੰਗ ਦੇ ਹੁਨਰ ਦੀ ਘਾਟ ਕਾਰਨ ਉਹ ਕਿਸੇ ਮੌਕੇ ਨੂੰ ਹੱਥੋਂ ਨਾ ਗੁਆ ਦੇਣ। ਉਨ੍ਹਾਂ ਕਿਹਾ ਕਿ ਇਸ ਨਵੇਂ ਹੁਨਰ ਸਦਕਾ ਲੜਕੀਆਂ ਨੂੰ ਇਕ ਥਾਂ ਤੋਂ ਦੂਜੀ ਜਗ੍ਹਾ ਜਾਣ ਲਈ ਦੂਜਿਆਂ ‘ਤੇ ਨਿਰਭਰ ਨਹੀਂ ਹੋਣਾ ਪਵੇਗਾ।ਡਿਪਟੀ ਕਮਿਸ਼ਨਰ ਨੇ ਆਪਣੇ ਕੈਰੀਅਰ ਵਿਚ ਸਫ਼ਲਤਾ ਪ੍ਰਾਪਤ ਕਰਨ ਲਈ ਲੜਕੀਆਂ ਨਾਲ ਕਈ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਡੀਪੀਓ ਗੁਰਮਿੰਦਰ ਸਿੰਘ ਰੰਧਾਵਾ, ਡੀਸੀਪੀਓ ਅਜੈ ਭਾਰਤੀ, ਸੀਡੀਪੀਓ ਅਮਰੀਕ ਸਿੰਘ ਅਤੇ ਐਲਪੀਓ ਸੰਦੀਪ ਕੁਮਾਰ ਵੀ ਮੌਜੂਦ ਸਨ।