ਜਲੰਧਰ, 22 ਫਰਵਰੀ

ਸ਼ਹਿਰ ਵਿੱਚ ਅਤਿ ਆਧੁਨਿਕ ਨਾਗਰਿਕ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਾਜਿੰਦਰ ਬੇਰੀ, ਅਵਤਾਰ ਹੈਨਰੀ ਜੂਨੀਅਰ ਅਤੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵੱਲੋਂ ਸ਼ਹਿਰ ਦੀ ਵਿਕਾਸ ਪਖੋਂ ਨੁਹਾਰ ਬਦਲਣ ਲਈ ਸਮਾਰਟ ਸਿਟੀ ਅਤੇ ਅਟੱਲ ਮਿਸ਼ਨ ਫਾਰ ਰਿਜੂਵਨੇਸ਼ਨ ਅਤੇ ਅਰਬਨ ਟਰਾਂਸਫੋਰਮੇਸ਼ਨ (ਅਮਰੂਤ) ਪ੍ਰੋਗਰਾਮ ਤਹਿਤ 41.50 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 1087 ਕਰੋੜ ਰੁਪਏ ਦੇ ਮਿਊਂਸੀਪਲ ਪ੍ਰਾਜੈਕਟਾਂ ਦੀ ਵਰਚੂਅਲ ਸ਼ੁਰੂਆਤ ਵਿੱਚ ਸ਼ਿਰਕਤ ਕਰਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਨਾਲ ਸ਼ਹਿਰ ਵਿੱਚ ਵਿਕਾਸ ਪਖੋਂ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਨੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚ 20.61 ਕਰੋੜ ਰੁਪਏ ਦੀ ਲਾਗਤ ਵਾਲਾ 15 ਐਮਐਲਡੀ ਸੀਵਰੇਜ ਟਰੀਟਮੈਂਟ ਪਲਾਂਟ, 6.26 ਕਰੋੜ ਰੁਪਏ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ ਦਾ ਸੁਧਾਰ ਅਤੇ ਅਪਗ੍ਰੇਡੇਸ਼ਨ , 8.09 ਕਰੋੜ ਰੁਪਏ ਦੀ ਲਾਗਤ ਵਾਲੇ ਕੰਸਟਰਕਸ਼ਨ ਅਤੇ ਡੇਮੋਲਿਸ਼ਨ ਵੇਸਟ ਮੇਨੈਜਮੈਂਟ ਪਲਾਂਟ ਦਾ ਵਿਕਾਸ, ਰੈਣਕ ਬਜ਼ਾਰ ਵਿਚ ਸੁਰੱਖਿਆ ਪਖੋਂ 2.71 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣਾ, 2.09 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਲਾਇਬ੍ਰੇਰੀ ਨੂੰ ਡਿਜੀਟਲ ਕਰਨਾ ਅਤੇ 54 ਸਰਕਾਰ ਇਮਾਰਤਾਂ ’ਤੇ 1.74 ਕਰੋੜ ਰੁਪਏ ਦੀ ਲਾਗਤ ਨਾਲ ਰੇਨ ਵਾਟਰ ਹਾਰਵੈਸਟਿੰਗ ਲਗਾਉਣੇ ਪ੍ਰੋਜੈਕਟ ਸ਼ਾਮਿਲ ਹਨ।ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਦਿੱਖ ਸੁਧਾਰਨ ਲਈ ਇਕ ਐਕਸਲਰੇਟਰ, ਫੁੱਟ ਬ੍ਰਿਜ ਅਤੇ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ, ਜਿਸ ਨਾਲ ਸ਼ਹਿਰ ਦੇ ਰੇਲਵੇ ਸਟੇਸ਼ਨ ਦੀ ਸ਼ਾਨਦਾਰ ਦਿੱਖ ਉਭਰ ਕੇ ਸਾਹਮਣੇ ਆਵੇਗੀ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ 20.61 ਕਰੋੜ ਰੁਪਏ ਦੀ ਲਾਗਤ ਵਾਲਾ 15 ਐਮ.ਐਲ.ਡੀ. ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਤੇ ਪੱਛਮੀ ਦੇ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ।ਚੌਧਰੀ ਸੰਤੋਖ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਲੰਧਰ ਦੇ ਸਰਵਪੱਖੀ ਵਿਕਾਸ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ ਅਤੇ ਇਹ ਵਿਕਾਸ ਪ੍ਰਾਜੈਕਟ ਸ਼ਹਿਰੀ ਖੇਤਰਾਂ ਨੂੰ ਵਿਕਾਸ ਪਖੋਂ ਨਵੀਂ ਦਿੱਖ ਪ੍ਰਦਾਨ ਕਰਨਗੇ।ਇਸ ਮੌਕੇ ਬੋਲਦਿਆਂ ਮੇਅਰ ਜਗਦੀਸ਼ ਰਾਜ ਰਾਜਾ ਨੇ ਕਿਹਾ ਕਿ ਇਹ ਵਿਕਾਸ ਪ੍ਰੋਜੈਕਟ ਸ਼ਹਿਰ ਦੇ ਵਿਕਾਸ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਦੱਸਿਆ ਕਿ ਰੈਣਕ ਬਜ਼ਾਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਮਾਰਟ ਸਿਟੀ ਪ੍ਰਾਜੈਕਟ ਤਹਿਤ 2.71 ਕਰੋੜ ਰੁਪਏ ਦੀ ਲਾਗਤ ਨਾਲ ਬਿਜਲੀ ਦੀਆਂ ਲਟਕਦੀਆਂ ਤਾਰਾਂ ਨੂੰ ਕਵਰ ਕਰਨ ਦੀ ਪਹਿਲ ਕੀਤੀ ਗਈ ਹੈ।ਇਸ ਮੌਕੇ ਵਾਰਡ ਨੰਬਰ 43 ਦੀ ਕੌਂਸਲਰ ਬਬੀਤਾ ਵਰਮਾ ਵੱਲੋਂ ਵੀ ਇਸ ਵਰਚੂਅਲ ਸਮਾਗਮ ਵਿੱਚ ਸ਼ਿਰਕਤ ਕਰਕੇ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਅਧਿਕਾਰੀਆਂ ਨੇ ਵਿਕਾਸ ਪ੍ਰਾਜੈਕਟਾਂ ਨਾਲ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਵਿਕਾਸ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਇਹ ਵਰਚੂਅਲ ਸਮਾਗਮ ਇਕੋ ਸਮੇਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਕਰਵਾਇਆ ਗਿਆ।ਇਸ ਮੌਕੇ ਨਗਰ ਨਿਗਮ ਕਮਿਸ਼ਨਰ ਕਰਨੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਸਲਾਹਕਾਰ ਕੁਲਵਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ।