ਜਲੰਧਰ:-ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਸਿਵਲ ਹਸਪਤਾਲ ਵਿਖੇ ਕੋਵਿਡ -19 ਟੀਕੇ ਦੀ ਦੂਜੀ ਖੁਰਾਕ ਲਈ, ਜਿਥੇ ਉਨ੍ਹਾਂ ਨੂੰ ਟੀਕਾਕਰਨ ਮੁਕੰਮਲ ਹੋਣ ਸਬੰਧੀ ਪ੍ਰਮਾਣ ਪੱਤਰ ਵੀ ਦਿੱਤਾ ਗਿਆ। ਟੀਕਾਕਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਦਫ਼ਤਰ ਵਿਖੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀਆਂ ਨੂੰ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਟੀਕੇ ਸਬੰਧੀ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਭਗ 28 ਦਿਨ ਪਹਿਲਾਂ ਟੀਕੇ ਦੀ ਪਹਿਲੀ ਖੁਰਾਕ ਲਈ ਗਈ ਸੀ ਅਤੇ ਅੱਜ ਰਹਿੰਦੀ ਦੂਜੀ ਖੁਰਾਕ ਲੈਣ ਲਈ ਉਹ ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਸਥਿਤ ਸੈਸ਼ਨ ਸਾਈਟ ਵਿਖੇ ਪਹੁੰਚੇ ਸਨ।

ਇਸ ਦੌਰਾਨ ਥੋਰੀ ਨੇ ਸਿਹਤ ਅਧਿਕਾਰੀਆਂ ਨੂੰ ਜ਼ਿਲ੍ਹੇ ਭਰ ਦੀਆਂ ਸਮੁੱਚੀਆਂ ਸੈਸ਼ਨ ਸਾਈਟਾਂ ’ਤੇ ਕੋਵਿਡ ਢੁੱਕਵੇਂ ਵਿਵਹਾਰ ਨੂੰ ਕਾਇਮ ਰੱਖਣ ਤੋਂ ਇਲਾਵਾ ਸੁਚਾਰੂ ਢੰਗ ਨਾਲ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਮਹੱਤਵਪੂਰਣ ਕੰਮ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਲਈ ਸਾਰੇ ਅਧਿਕਾਰੀ ਟੀਕਾਕਰਨ ਦੇ ਇਸ ਕੰਮ ਨੂੰ ਪੂਰੀ ਤਨਹੇਦੀ ਨਾਲ ਕਰਨ ਨੂੰ ਪਹਿਲੀ ਤਰਜ਼ੀਹ ਦੇਣ।ਡਿਪਟੀ ਕਮਿਸ਼ਨਰ ਨੇ ਹੈਲਥ ਕੇਅਰ ਸੰਸਥਾਵਾਂ ਵਿੱਚ ਲੈਵਲ -2 ਅਤੇ ਲੈਵਲ -3 ਦੇ ਮਰੀਜ਼ਾਂ ਲਈ ਬੈੱਡਾਂ ਦੀ ਉਪਲਬਧਤਾ ਦਾ ਜਾਇਜ਼ਾ ਵੀ ਲਿਆ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਇਹ ਬੈੱਡ ਖ਼ਾਸਕਰ ਲਾਗ ਦੇ ਨਵੇਂ ਕੇਸਾਂ ਵਿੱਚ ਵਾਧੇ ਦੇ ਮੱਦੇਨਜ਼ਰ 24 ਘੰਟੇ ਉਪਲਬਧ ਹੋਣ।

ਡਿਪਟੀ ਕਮਿਸ਼ਨਰ ਨੇ ਮਹਾਂਮਾਰੀ ਦੌਰਾਨ ਹੈਲਥ ਕੇਅਰ ਵਰਕਰਾਂ ਅਤੇ ਫਰੰਟ ਲਾਈਨ ਵਰਕਰਾਂ ਵੱਲੋਂ ਨਿਭਾਈਆਂ ਨਿਰਸਵਾਰਥ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਅੱਗੇ ਤੋਂ ਵੀ ਉਨ੍ਹਾਂ ਨੂੰ ਇਸੇ ਭਾਵਨਾ ਨੂੰ ਕਾਇਮ ਰੱਖਣ ਲਈ ਉਤਸ਼ਾਹਤ ਕੀਤਾ।ਡਿਪਟੀ ਕਮਿਸ਼ਨਰ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਵਿਚ ਕੋਵਿਡ -19 ਟੀਕੇ ਦੇ ਮਾੜੇ ਪ੍ਰਭਾਵ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ ਅਤੇ ਸਿਹਤ ਵਿਭਾਗ ਵੱਲੋਂ ਉਨ੍ਹਾਂ ਸਾਰੇ ਲਾਭਪਾਤਰੀਆਂ, ਜਿਨ੍ਹਾਂ ਨੂੰ ਟੀਕੇ ਦੀ ਖੁਰਾਕ ਦਿੱਤੀ ਗਈ ਸੀ, ਦੀ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ।ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਟੀਕਾਕਰਨ ਦੀ ਸੁਵਿਧਾ ਕਈ ਹਸਪਤਾਲਾਂ ਵਿੱਚ ਉਪਲਬਧ ਹੈ ਅਤੇ ਜਲਦੀ ਹੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਸ਼ੁਰੂ ਕਰ ਦਿੱਤੀ ਜਾਵੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਬਲਵੰਤ ਸਿੰਘ, ਮੈਡੀਕਲ ਸੁਪਰਡੈਂਟ ਪਰਮਿੰਦਰ ਕੌਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਰਾਕੇਸ਼ ਕੁਮਾਰ ਮੌਜੂਦ ਸਨ।