ਜਲੰਧਰ, 20 ਅਪ੍ਰੈਲ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਘਰ-ਘਰ ਰੋਜ਼ਗਾਰ’ ਯੋਜਨਾ ਅਧੀਨ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਦੌਰਾਨ 147 ਬੇਰੋਜ਼ਗਾਰ ਨੌਜਵਾਨਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਕੁੱਲ 15 ਨਾਮੀ ਕੰਪਨੀਆਂ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਸ਼ਿਰਕਤ ਕੀਤੀ ਜਦਕਿ ਕੁੱਲ 186 ਉਮੀਦਵਾਰ ਕੈਂਪ ਵਿੱਚ ਸ਼ਮੂਲੀਅਤ ਕਰਨ ਲਈ ਪੁੱਜੇ ਸਨ, ਜਿਨ੍ਹਾਂ ਵਿੱਚੋਂ ਰੋਜ਼ਗਾਰ ਲਈ 147 ਨੌਜਵਾਨਾਂ ਦੀ ਚੋਣ ਹੋਈ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 7ਵੇਂ ਮੈਗਾ ਰੋਜ਼ਗਾਰ ਮੇਲੇ ਤਹਿਤ ਇਸ ਤੋਂ ਪਹਿਲਾਂ 6 ਪਲੇਸਮੈਂਟ ਕੈਂਪ ਬੀ.ਡੀ.ਪੀ.ਓ. ਮਹਿਤਪੁਰ, ਬੀ.ਡੀ.ਪੀ.ਓ. ਸ਼ਾਹਕੋਟ, ਬੀ.ਡੀ.ਪੀ.ਓ. ਲੋਹੀਆਂ ਖਾਸ, ਬੀ.ਡੀ.ਪੀ.ਓ. ਨੂਰਮਹਿਲ, ਬੀ.ਡੀ.ਪੀ.ਓ. ਭੋਗਪੁਰ ਅਤੇ ਬੀ.ਡੀ.ਪੀ.ਓ. ਆਦਮਪੁਰ ਵਿਖੇ ਲਗਾਏ ਜਾ ਚੁੱਕੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਸਮੇਤ ਲਗਾਏ ਗਏ 7 ਪਲੇਸਮੈਂਟ ਕੈਂਪਾਂ ਵਿੱਚ ਕੁੱਲ 2478 ਉਮੀਦਵਾਰਾਂ ਦੀ ਵੱਖ-ਵੱਖ ਨਾਮੀ ਕੰਪਨੀਆਂ ਵੱਲੋਂ ਰੋਜ਼ਗਾਰ ਲਈ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਕੁੱਲ 87 ਕੰਪਨੀਆਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਪੁੱਜੀਆਂ ਸਨ ਜਦਕਿ ਕੁੱਲ 2792 ਨੌਜਵਾਨਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਭਾਗ ਲਿਆ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਰੋਜ਼ਗਾਰ ਮੇਲੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੌਰਾਨ ਨੌਜਵਾਨਾਂ ਦੀ ਚੋਣ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼੍ਰੀ ਥੋਰੀ ਨੇ ਨੌਜਵਾਨਾਂ ਨੂੰ ਭਵਿੱਖ ਵਿੱਚ ਰੋਜ਼ਗਾਰ ਦੇ ਮੌਕਿਆਂ ਦਾ ਲਾਭ ਉਠਾਉਣ ਲਈ ਆਪਣੇ ਆਪ ਨੂੰ www.pgrkam.com ’ਤੇ ਰਜਿਸਟਰ ਕਰਨ ਦੀ ਅਪੀਲ ਕੀਤੀ