ਫਗਵਾੜਾ 28 ਮਈ (ਸ਼ਿਵ ਕੋੜਾ) ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਭਾਰਤ ਵਿਚ ਕੋਵਿਡ-19 ਕੋਰੋਨਾ ਮਹਾਮਾਰੀ ਦੀ ਦੂਸਰੀ ਲਹਿਰ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਿਤ ਹੋਈ ਹੈ ਜਿਸ ਦੀ ਮਿਸਾਲ ਗੰਗਾ ਨਦੀ ਵਿਚ ਤੈਰਦੀਆਂ ਲਾਸ਼ਾਂ ਦੇ ਰੂਪ ਵਿਚ ਸਭ ਦੇ ਸਾਹਮਣੇ ਹੈ। ਇਹ ਗੱਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਿਸ਼ਾਲ ਵਾਲੀਆ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਹੀ। ਉਹਨਾਂ ਕਿਹਾ ਕਿ ਆਮ ਲੋਕਾਂ ਨੂੰ ਵੈਕਸੀਨ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਹਰ ਦੂਸਰੇ ਤੀਸਰੇ ਘਰ ਵਿਚ ਕੋਈ ਨਾ ਕੋਈ ਮਰੀਜ ਕੋਰੋਨਾ ਤੋਂ ਪੀੜ੍ਹਤ ਹੈ। ਨਾ ਤਾਂ ਸਹੀ ਢੰਗ ਨਾਲ ਟੈਸਟ ਹੋ ਰਹੇ ਹਨ ਅਤੇ ਨਾ ਹੀ ਸਰਕਾਰੀ ਸਿਹਤ ਕੇਂਦਰਾਂ ‘ਚ ਲੋਕਾਂ ਨੂੰ ਇਲਾਜ ਮਿਲ ਰਿਹਾ ਹੈ ਜਦਕਿ ਦੂਸਰੀ ਤੋਂ ਬਾਅਦ ਹੁਣ ਤੀਸਰੀ ਲਹਿਰ ਦਾ ਖਤਰਾ ਵੀ ਸਿਰ ਤੇ ਮੰਡਰਾ ਰਿਹਾ ਹੈ। ਮੋਦੀ ਸਰਕਾਰ ਦੀਆਂ ਗਲਤ ਨੀਤੀਆਂ ਦੀ ਵਜ੍ਹਾ ਨਾਲ ਦੇਸ਼ ਵਿਚ ਲੱਖਾਂ ਮੌਤਾਂ ਹੋ ਚੁੱਕੀਆਂ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਦੇਸ਼ ਦੀ ਆਰਥਕਤਾ ਨੂੰ ਅਲਗ ਨੁਕਸਾਨ ਹੋਇਆ ਹੈ। ਇਸ ਮੌਕੇ ਉਹਨਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਕੋਰੋਨਾ ਨਾਲ ਨਜਿੱਠਣ ਦੇ ਉਪਰਾਲਿਆਂ ਦੀ ਵੀ ਸਖਤ ਨੁਕਤਾਚੀਨੀ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਅਤੇ ਅਕਾਲੀਆਂ ਨਾਲ ਵਾਰੋ-ਵਾਰੀ ਰਾਜ ਕੀਤਾ ਪਰ ਰਵਾਇਤੀ ਪਾਰਟੀਆਂ ਦੀ ਬੇਰੁਖੀ ਕਾਰਨ ਸਿਹਤ ਸਹੂਲਤਾਂ ਦੇ ਮਾਮਲੇ ‘ਚ ਪੰਜਾਬ ਕਿਸ ਕਦਰ ਪਿਛੜਿਆ ਹੋਇਆ ਹੈ ਇਸ ਦਾ ਅੰਦਾਜਾ ਕੋਰੋਨਾ ਦੇ ਵਿਗੜੇ ਹਾਲਾਤਾਂ ਤੋਂ ਲਗਾਇਆ ਜਾ ਸਕਦਾ ਹੈ। ਵਿਸ਼ਾਲ ਵਾਲੀਆ ਨੇ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਸਰਕਾਰਾਂ ਪੰਜਾਬ ਸਮੇਤ ਪੂਰੇ ਦੇਸ਼ ਵਿਚ ਆਮ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਹਨ ਅਤੇ ਲੋਕ ਆਮ ਆਦਮੀ ਪਾਰਟੀ ਦੇ ਰੂਪ ਵਿਚ ਤੀਸਰੇ ਬਦਲ ਦੀ ਉਡੀਕ ਕਰ ਰਹੇ ਹਨ। ਉਹਨਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਪੁਰਜੋਰ ਅਪੀਲ ਕੀਤੀ ਕਿ ‘ਆਪ’ ਨਾਲ ਜੁੜਨ ਤਾਂ ਜੋ ਜਨਤਾ ਨੂੰ ਰਵਾਇਤੀ ਪਾਰਟੀਆਂ ਦੇ ਚੁੰਗਲ ਤੋਂ ਆਜ਼ਾਦ ਕਰਵਾ ਕੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਤਰਜ ‘ਤੇ ਸੂਬੇ ਵਿਚ ਲੋਕ ਹਿਤਾਂ ਦੀ ਰਾਖੀ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਗਠਨ ਕੀਤਾ ਜਾ ਸਕੇ।