ਚੰਡੀਗੜ੍ਹ,19 ਅਗਸਤ ( ) – ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਦੀ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਹੇਠ ਹੋਣ ਵਾਲੀ ਪੈਨਲ ਮੀਟਿੰਗ ਚ ਵਿਭਾਗਾਂ ਦੇ ਸੈਕਟਰੀ ਹਾਜ਼ਰ ਨਾ ਹੋਣ ਕਰਕੇ ਮਜ਼ਦੂਰ ਜਥੇਬੰਦੀਆਂ ਵੱਲੋਂ ਰੋਸ ਵਜੋਂ ਇਹ ਮੀਟਿੰਗ ਕਰਨ ਤੋਂ ਇਨਕਾਰ ਕਰਨ ਕਰ ਦਿੱਤਾ ਗਿਆ।ਜਿਸ ਕਾਰਨ ਅੱਜ ਹੋਣ ਵਾਲੀ ਇਹ ਮੀਟਿੰਗ ਨਹੀਂ ਹੋ ਸਕੀ।ਮੰਤਰੀ ਦੀ ਰਿਹਾਇਸ਼ ਉੱਤੇ ਮੀਟਿੰਗ ਲਈ ਗਏ ਆਗੂਆਂ ਨੇ ਇਸ ਰਵੱਈਏ ‘ਤੇ ਸਖ਼ਤ ਇਤਰਾਜ਼ ਜਤਾਇਆ ਤਾਂ ਕੈਬਨਿਟ ਮੰਤਰੀ ਵੱਲੋਂ 25 ਅਗਸਤ ਨੂੰ ਮਜ਼ਦੂਰ ਮੰਗਾਂ ਨਾਲ਼ ਸਬੰਧਿਤ ਸੈਕਟਰੀਆਂ ਸਮੇਤ ਪੰਜਾਬ ਭਵਨ ਵਿਖੇ ਮੁੜ ਪੈਨਲ ਮੀਟਿੰਗ ਤਹਿ ਕੀਤੀ ਗਈ।ਇਸ ਉਪਰੰਤ ਸਾਂਝੇ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਜੇਕਰ ਕੈਪਟਨ ਸਰਕਾਰ ਨੇ 25 ਅਗਸਤ ਨੂੰ ਹੋਣ ਵਾਲੀ ਪੈਨਲ ਮੀਟਿੰਗ ਵਿੱਚ ਮਜ਼ਦੂਰ ਮੰਗਾਂ ਦਾ ਹੱਲ ਨਾ ਕੀਤਾ ਤਾਂ 1,2,3 ਸਤੰਬਰ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ, ਸਾਂਸਦਾ, ਵਿਧਾਇਕਾਂ ਦੇ ਘਰਾਂ ਅੱਗੇ ਦਿਨ ਰਾਤ ਦੇ ਧਰਨੇ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਜ਼ਦੂਰ ਮੰਗਾਂ ਪ੍ਰਤੀ ਗੰਭੀਰ ਨਹੀਂ।ਅੱਜ ਦੀ ਪੈਨਲ ਮੀਟਿੰਗ ਵਿੱਚ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਾਮਲ ਨਾ ਕਰਨ ਤੋਂ ਸਰਕਾਰ ਦੀ ਗੈਰ-ਸੰਜੀਦਗੀ ਪ੍ਰਗਟ ਹੁੰਦੀ ਹੈ। ਪਹਿਲਾਂ ਹੀ ਸਰਕਾਰ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਲਾਗੂ ਨਾ ਕਰਨਾ ਮਜ਼ਦੂਰਾਂ ਦੀਆਂ ਮੰਗਾਂ ਮਸਲਿਆਂ ਪ੍ਰਤੀ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਪ੍ਰਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਰੀ ਨੋਟੀਫਿਕੇਸ਼ਨਾਂ ਤਹਿਤ ਰਿਹਾਇਸ਼ੀ ਪਲਾਟਾਂ ਦੇ ਗ੍ਰਾਮ ਸਭਾਵਾਂ ਦੇ ਮਤੇ ਪਾਸ ਹੋਣ,ਸਨਦਾ ਜਾਰੀ ਹੋਣ ਦੇ ਬਾਵਜੂਦ ਬੇਘਰੇ ਤੇ ਬੇਜ਼ਮੀਨੇ ਕਿਰਤੀਆਂ ਨੂੰ ਰਿਹਾਇਸ਼ੀ ਪਲਾਟ ਨਹੀਂ ਮਿਲੇ, ਪਹਿਲਾਂ ਅਲਾਟ ਹੋਏ ਪਲਾਟਾਂ ਦੇ ਕਬਜ਼ੇ ਨਹੀਂ ਦਿਵਾਏ ਗਏ।ਸਰਕਾਰੀ ਅਤੇ ਗੈਰ-ਸਰਕਾਰੀ ਕਰਜ਼ੇ ਮੁਆਫ਼ ਕਰਨ ਦੀ ਥਾਂ ਸਰਕਾਰੀ ਕਰਜ਼ਾ ਮੁਆਫ਼ੀ ਦਾ ਐਲਾਨ ਊਠ ਤੋਂ ਛਾਣਨੀ ਲਾਹੁਣ ਬਰਾਬਰ ਹੈ।ਮਣਾ ਮੂੰਹੀਂ ਘਰੇਲੂ ਬਿਜਲੀ ਬਿੱਲ ਭੇਜੇ ਜਾ ਰਹੇ ਹਨ, ਮਜ਼ਦੂਰਾਂ ਦੇ ਘਰੀਂ ਹਨੇਰਾ ਕੀਤਾ ਜਾ ਰਿਹਾ ਹੈ। ਅਫ਼ਸਰਸ਼ਾਹੀ, ਸਿਆਸਤਦਾਨਾਂ ਤੇ ਪੇਂਡੂ ਧਨਾਢਾਂ ਨਾਲ ਗੱਠਜੋੜ ਬਣਾ ਕੇ ਡੰਮੀ ਬੋਲੀਆਂ ਰਾਹੀਂ ਦਲਿਤਾਂ ਦਾ ਪੰਚਾਇਤੀ ਜ਼ਮੀਨਾਂ ਚੋਂ ਰਾਖਵੇਂ ਹਿੱਸੇ ਦਾ ਬਣਦਾ ਹੱਕ ਖੋਹਿਆ ਜਾ ਰਿਹਾ। ਘਰ ਘਰ ਸਰਕਾਰੀ ਨੌਕਰੀਆਂ ਤਾਂ ਦਿੱਤੀਆਂ ਨਹੀਂ ਗਈਆਂ ਸਗੋਂ ਮਗਨਰੇਗਾ ਵੀ ਭ੍ਰਿਸ਼ਟਾਚਾਰ ਦੀ ਭੇਂਟ ਚੜਿਆ ਹੋਇਆ। ਪ੍ਰਸ਼ਾਸਨ ਤੇ ਸਰਕਾਰੀ ਸਰਪ੍ਰਸਤੀ ਹੇਠ ਦਲਿਤਾਂ ਉੱਪਰ ਸਮਾਜਿਕ ਤੇ ਸਰਕਾਰੀ ਬੇਰੋਕ ਜਾਰੀ ਹੈ। ਕਾਂਗਰਸ ਸਰਕਾਰ ਨੇ ਵੀ ਪਹਿਲੀਆਂ ਸਰਕਾਰਾਂ ਵਾਂਗ ਪੇਂਡੂ ਅਤੇ ਖੇਤ ਮਜ਼ਦੂਰਾਂ ਦੀਆਂ ਮੰਗਾਂ ਵਿਸਾਰਿਆਂ ਹੋਇਆ ਹੈ।ਜੇਕਰ 25 ਅਗਸਤ ਦੀ ਤੈਅ ਹੋਈ ਮੀਟਿੰਗ ਵਿੱਚ ਸਰਕਾਰ ਨੇ ਮਜ਼ਦੂਰ ਮੰਗਾਂ ਮਸਲਿਆਂ ਨੂੰ ਹੱਲ ਨਾ ਕੀਤਾ ਤਾਂ ਕਾਂਗਰਸੀ ਹਾਕਮਾਂ ਨੂੰ ਮਜ਼ਦੂਰਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ।ਇਸ ਮੌਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਮਜ਼ਦੂਰ ਮੁਕਤੀ ਮੋਰਚਾ ਦੇ ਪ੍ਰਧਾਨ ਭਗਵੰਤ ਸਮਾਉਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਬਬਲੀ ਅਟਵਾਲ, ਪੰਜਾਬ ਖੇਤ ਮਜ਼ਦੂਰ ਸਭਾ ਦੇ ਪ੍ਰਧਾਨ ਗੁਲਜ਼ਾਰ ਗੌਰੀਆ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ,ਦਿਹਾਤੀ ਮਜ਼ਦੂਰ ਸਭਾ ਦੇ ਗੁਰਨਾਮ ਸਿੰਘ ਦਾਊਦ ਅਤੇ ਹਰਵਿੰਦਰ ਸੇਮਾਂ,ਦੇਵੀ ਕੁਮਾਰੀ, ਕਸ਼ਮੀਰ ਸਿੰਘ ਘੁੱਗਸ਼ੋਰ, ਜ਼ੋਰਾ ਸਿੰਘ ਨਸਰਾਲੀ, ਲਖਵੀਰ ਲੌਂਗੋਵਾਲ, ਧਰਮਪਾਲ ਸਿੰਘ ਆਦਿ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ।