ਜਲੰਧਰ :ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਸਹਾਇਕ ਸਬ ਇੰਪਸੈਕਟਰ ਵਿਰੁੱਧ ਸ਼ਖਤ ਕਾਰਵਾਈ ਕਰਦਿਆਂ ਉਸ ਨੂੰ ਸਰਕਾਰੀ ਨੌਕਰੀ ਤੋਂ ਬਰਖਾਸ਼ਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਏ.ਐਸ.ਆਈ. ਸਰਬਜੀਤ ਸਿੰਘ ਬੈਲਟ ਨੰਬਰ 2943 ਨੂੰ ਜਾਂਚ ਦੌਰਾਨ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਦੋਸ਼ੀ ਪਾਇਆ ਗਿਆ ਸੀ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਸਬ ਇੰਸਪੈਕਟਰ ਨਾਰਕੋਟਿਕ ਸੈਲ ਵਿਖੇ ਤਾਇਨਾਤ ਸੀ ਅਤੇ ਖੁਦ ਨਸ਼ੇ ਦਾ ਆਦੀ ਸੀ ਅਤੇ ਉਸ ਵਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਨਸ਼ਾ ਤਸਕਰਾਂ ਦੀ ਮਦਦ ਕਰਨ ਦਾ ਦੋਸ਼ੀ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਵਿਸਥਾਰਿਤ ਜਾਂਚ ਪੜਤਾਲ ਤੋਂ ਬਾਅਦ ਏ.ਐਸ.ਆਈ.ਸਰਬਜੀਤ ਸਿੰਘ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਰਬਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਹਾਲ ਹੀ ਵਿੱਚ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਗਿਆ ਸੀ।
ਪੁਲਿਸ ਕਮਿਸ਼ਨਰ ਨੇ ਜ਼ਿਲ੍ਹੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਮੁਕੰਮਲ ਤੌਰ ’ਤੇ ਖ਼ਤਮ ਕਰਨ ਲਈ ਸ਼ਹਿਰੀ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਨਸ਼ਿਆਂ ਦੇ ਘਿਣੌਨੇ ਕਾਰੋਬਾਰ ਵਿੱਚ ਲਿਪਤ ਦੋਸ਼ੀਆਂ ਨੂੰ ਕਿਸੇ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਖਿਲਾਫ਼ ਇਸ ਘਿਣੌਨੇ ਅਪਰਾਧ ਵਿੱਚ ਸ਼ਾਮਿਲ ਚਾਹੇ ਕੋਈ ਵੀ ਵਿਅਕਤੀ ਕਿਉਂ ਨਾ ਹੋਵੇ ਵਿਰੁੱਧ ਸ਼ਖਤੀ ਨਾਲ ਪੇਸ਼ ਆਇਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ’ਤੇ ਅਮਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਡੈਪੋ ਪ੍ਰੋਗਰਾਮ ਤਹਿਤ ਵੱਡੀ ਜਾਗਰੂਕਤਾ ਮੁਹਿੰਮ ਛੇੜੀ ਗਈ ਹੈ ਜਿਸ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਖੇਤਰਾਂ ,ਪਿੰਡਾਂ,ਮੁਹੱਲਿਆਂ ਅਤੇ ਵਾਰਡਾਂ ਵਿੱਚ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਕੋਲ 14537 ਵਿਅਕਤੀਆਂ ਵਲੋਂ ਡੈਪੋ ਵਜੋਂ ਰਜਿਸਟਰੇਸ਼ਨ ਕਰਵਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ 15 ਦਿਨਾਂ ਦੌਰਾਨ 24 ਹੋਰ ਡੈਪੋ ਦੀ ਰਜਿਸਟਰੇਸ਼ਨ ਕਰਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ 17 ਐਫ.ਆਈ.ਆਰ.ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਨਸ਼ੇ ਤੋਂ ਪੀੜਤ 46 ਵਿਅਕਤੀਆਂ ਨੂੰ ਓਟ ਕੇਂਦਰਾਂ ਵਿੱਚ ਮੁੜ ਵਸੇਬੇ ਲਈ ਭਰਤੀ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਵੱਖ-ਵੱਖ ਸੰਸਥਾਵਾਂ,ਪਿੰਡਾਂ,ਮੁਹੱਲਾਂ ਦੇ ਵਿੱਚ ਕਰਵਾਏ ਗਏ 106 ਸੈਮੀਨਾਰਾਂ ਰਾਹੀਂ ਵੀ ਲੋਕਾਂ ਨੂੰ ਨਸ਼ੇ ਤੋਂ ਬਚਾਅ ਅਤੇ ਇਸ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ ਗਿਆ ਹੈ। ਇਨ੍ਹਾਂ ਸੈਮੀਨਾਰਾਂ ਵਿੱਚ 2500 ਤੋਂ ਜ਼ਿਆਦਾ ਲੋਕਾਂ ਵਲੋਂ ਸ਼ਮੂਲੀਅਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਮੋਹਰੇ ਆਉਣ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।