ਜਲੰਧਰ : ਸਿਹਤ ਮੰਤਰੀ ਪੰਜਾਬ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਿਹਤ ਵਿਭਾਗ ਰੋਪੜ, ਜਲੰਧਰ, ਫਿਰੋਜ਼ਪੁਰ ਅਤੇ ਕਪੂਰਥਲਾ ਜਿਲਿ੍ਹਆਂ ਵਿੱਚ ਭਾਰੀ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਵੱਡੀ ਚੁਣੌਤੀ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਹਨ ਜਿਨਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਵਿਆਪਕ ਪ੍ਰੋਗਰਾਮ ਉਲੀਕਿਆ ਗਿਆ ਹੈ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖਾਸ ਵਿਖੇ ਬਣਾਏ ਗਏ ਰਾਹਤ ਅਤੇ ਮੈਡੀਕਲ ਕੈਂਪ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਜਿਨ੍ਹਾਂ ਦੇ ਨਾਲ ਵਿਧਾਇਕ ਸ਼ਾਹਕੋਟ ਸ੍ਰੀ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ ਨੇ ਕਿਹਾ ਕਿ ਪਾਣੀ ਘੱਟਣ ਤੋਂ ਬਾਅਦ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਪੈਸ਼ਲਿਸਟ ਡਾਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ ਕਿਉਂਕਿ ਹੜ੍ਹ ਵਿੱਚ ਕੁਝ ਪਸ਼ੂ ਮਾਰੇ ਗਏ ਹਨ ਜੋ ਕਿ ਵਿਭਾਗ ਲਈ ਵੱਡੀ ਚੁਣੌਤੀ ਹੈ।
ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਹੰਗਾਮੀ ਸਥਿਤੀ ਨੂੰ ਦੇਖਦੇ ਹੋਏ ਸਪੈਸ਼ਲਿਸਟ ਡਾਕਟਰਾਂ ਸਮੇਤ ਗਾਇਨੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਵਿਖੇ ਤਾਇਨਾਤ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਸ੍ਰੀ ਸਿੱਧੂ ਵਲੋਂ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖ਼ਾਸ ਵਿਖੇ ਮੰਡਾਲਾ ਪਿੰਡ ਦੇ ਲੋਕਾਂ ਜੋ ਕਿ ਹੜ੍ਹਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਨੂੰ ਮਿਲੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦੁਆਇਆ ਕਿ ਪੰਜਾਬ ਸਰਕਾਰ ਵਲੋਂ ਜਿਵੇਂ ਹੀ ਪਾਣੀ ਘੱਟਦਾ ਹੈ ਉਨਾਂ ਦੇ ਮੁੜ ਵਸੇਬੇ ਲਈ ਹਰ ਬੁਨਿਆਦੀ ਅਤੇ ਵਿੱਤੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਸ੍ਰੀ ਬਲਬੀਰ ਸਿੰਘ ਸਿੱਧੂ ਵਲੋਂ ਲੋਹੀਆਂ ਵਿਖੇ ਮੈਡੀਕਲ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿਥੇ ਦੋ ਡਾਕਟਰਾ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੇ ਇਲਾਜ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੂੰ ਕਿਹਾ ਕਿ ਉਹ ਮੈਡੀਕਲ ਕੈਂਪਾਂ ਦੀ ਕਾਰਜਪ੍ਰਣਾਲੀ ਦੇ ਨਾਲ-ਨਾਲ ਲੋੜ ਅਨੁਸਾਰ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਖੁਦ ਨਿਗਰਾਨੀ ਕਰਨ। ਇਸ ਮੌਕੇ ਡਾ.ਗੁਰਿੰਦਰ ਕੌਰ ਚਾਲਵਾ ਅਤੇ ਹੋਰ ਵੀ ਮੌਜੂਦ ਸਨ।