ਜਲੰਧਰ : ਜਲ੍ਹਾ ਲੋਕ ਸੰਪਰਕ ਦਫਤਰ, ਜਲੰਧਰ ਦੇ ਸਮੂਹ ਸਟਾਫ ਵਲੋਂ ਸਰਬੱਤ ਦੇ ਭਲੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੱਤਰਕਾਰ ਭਾਈਚਾਰੇ ਦੀ ਚੜ੍ਹਦੀਕਲਾ ਲਈ ਆਪਣੇ ਦਫਤਰ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ, ਏ.ਆਈ.ਜੀ ਰਜਿੰਦਰ ਸਿੰਘ, ਐਸ.ਪੀ ਹੈਡਕੁਆਟਰ ਆਰ.ਪੀ.ਐਸ ਸੰਧੂ ਤੇ ਸਮੂਹ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਵੱਖ-ਵੱਖ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਹਾਜ਼ਰੀ ਭਰੀ।

ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਮੱਖਣ ਸ਼ਾਹ ਲੁਬਾਣਾ ਗੁਰਦੁਆਰਾ , ਮਿੱਠਾਪੁਰ ਰੋਡ ਜਲੰਧਰ ਦੇ ਰਾਗੀ ਜਥੇ ਭਾਈ ਗੁਰਵਿੰਦਰ ਸਿੰਘ, ਭਾਈ ਪਰਮਿੰਦਰ ਸਿੰਘ ਤੇ ਭਾਈ ਅਮਨਦੀਪ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤÎਾਂ ਨੂੰ ਨਿਹਾਲ ਕੀਤਾ ਗਿਆ ਅਤੇ ਪ੍ਰਸ਼ਾਸ਼ਨ, ਪੱਤਰਕਾਰ ਭਾਈਚਾਰੇ ਦੀ ਚੜ੍ਹਦੀ ਕਲਾ ਅਰਦਾਸ ਕੀਤੀ ਗਈ।

ਇਸ ਮੌਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਲੋਕ ਸੰਪਰਕ ਵਿਭਾਗ ਵਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਭਾਗ ਨੂੰ ਨਵੇਂ ਸਾਲ ਲਈ ਸੁਭਕਾਮਨਾਵਾਂ ਦਿੱਤੀਆਂ। ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਗੁਰਬਾਣੀ ਵਲੋਂ ਦਿੱਤੇ ਉਪਦੇਸ਼ ਅਨੁਸਾਰ ਆਪਣੇ ਫਰਜ਼ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਮਾਜ ਲਈ ਕੁਝ ਚੰਗੀ ਉਦਾਹਰਨ ਪੇਸ਼ ਕਰ ਸਕੀਏ। ਉਨ੍ਹਾਂ ਨੇ ਜਿੱਥੇ ਪੱਤਰਕਾਰ ਭਾਈਚਾਰੇ ਤੇ ਹੋਰਨਾਂ ਸੰਗਤਾਂ ਨੂੰ ਜੀ ਆਇਆਂ ਕਿਹਾ ਉੱਥੇ ਹੀ ਲੋਕ ਸੰਪਰਕ ਵਿਭਾਗ ਵਲੋਂ ਕੀਤੇ ਉਪਰਾਲੇ ਨੂੰ ਚੰਗੀ ਪਹਿਲਕਦਮੀ ਦੱਸਿਆ।

ਇਸ ਮੌਕੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੇ ਪੱਤਰਕਾਰ ਸਾਹਿਬਾਨਾਂ ਜਿਨ੍ਹਾਂ ਵਿੱਚ ਸਾਬਕਾ ਜਾਇੰਟ ਡਾਇਰੈਕਟਰ ਲੋਕ ਸੰਪਰਕ ਬੀ.ਐਸ.ਸੋਢੀ, ਸਾਬਕਾ ਜਿਲ੍ਹਾ ਲੋਕ ਸੰਪਰਕ ਅਫਸਰ ਸੰਤ ਕੁਮਾਰ ਜੁਨੇਜਾ, ਸਕੱਤਰ ਪੈ੍ਰਸ ਕੱਲਬ ਸ਼੍ਰੀ ਮੇਜ਼ਰ ਸਿੰਘ ਅਤੇ ਪੈਮਾ ਦੇ ਪ੍ਰਧਾਨ ਸ਼੍ਰੀ ਸੁਰਿੰਦਰ ਪਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

ਸਮਾਗਮ ਦੌਰਾਨ ਸਹਾਇਕ ਨੋਡਲ ਅਫ਼ਸਰ ਸਵੀਪ ਪ੍ਰੋਗਰਾਮ ਸ਼੍ਰੀ ਸੁਰਜੀਤ ਲਾਲ ਨੇ ਮੰਚ ਦਾ ਸੰਚਾਲਨ ਕੀਤਾ। ਇਸ ਮੌਕੇ ਸਹਾਇਕ ਲੋਕ ਸੰਪਰਕ ਅਫਸਰ ਕਸ਼ਮੀਰ ਸਿੰਘ ਰਾਣਾ, ਸੁਬੇਗ ਸਿੰਘ, ਜਤਿੰਦਰ ਕੋਹਲੀ ਅਤ ਸਿੰਡੀਕੇਟ ਬੈਕ ਦੇ ਮੈਨੇਜਰ ਸ਼੍ਰੀ ਜਗਦੀਸ਼ ਕੁਮਾਰ ਹਾਜ਼ਰ ਸਨ।