ਬਰਨਾਲਾ:  ਪਿੰਡ ਮਾਂਗੇਵਾਲ ‘ਚ ਇੱਕ 27 ਸਾਲਾ ਨੌਜਵਾਨ ਵਲੋਂ ਭੇਦਭਰੇ ਹਾਲਤ ‘ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਹਰਜਿੰਦਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਮਾਂਗੇਵਾਲ ਨੇ ਬੀਤੀ ਰਾਤ ਕਮਰੇ ‘ਚ ਛੱਤ ਨਾਲ ਲੱਗੀ ਪੱਖੇ ਵਾਲੀ ਕੁੰਡੀ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ। ਮ੍ਰਿਤਕ ਦੇ ਪਿਤਾ ਦੀ 9 ਸਾਲ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਘਟਨਾ ਸਮੇਂ ਉਸ ਦਾ ਭਰਾ ਤੇ ਮਾਂ ਵੀ ਘਰ ‘ਚ ਨਹੀਂ ਸਨ। ਪਰਿਵਾਰਕ ਮੈਂਬਰਾਂ ਨੂੰ ਘਟਨਾ ਸੰਬੰਧੀ ਅੱਜ ਸਵੇਰੇ ਪਤਾ ਲੱਗਿਆ। ਪਰਿਵਾਰਕ ਮੈਂਬਰਾਂ ਵਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਪੁਲਿਸ ਥਾਣਾ ਠੁੱਲੀਵਾਲ ਦੇ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਸੰਬੰਧੀ ਕੁਝ ਪਤਾ ਨਹੀਂ ਲੱਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਦੇ ਭਰਾ ਦੇ ਬਿਆਨਾਂ ‘ਤੇ ਧਾਰਾ 174 ਦੀ ਕਾਰਵਾਈ ਤਹਿਤ ਲਾਸ਼ ਦਾ ਪੋਸਟਮਾਰਟਮ ਸਿਵਲ ਹਸਪਤਾਲ ਬਰਨਾਲਾ ਤੋਂ ਕਰਵਾਇਆ ਜਾ ਰਿਹਾ ਹੈ।