ਜਲੰਧਰ 23 ਜੁਲਾਈ 2020

ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ਅਤੇ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੁਣ ਤੱਕ 806 ਐਫ.ਆਈ.ਆਰ ਦਰਜ ਕਰਕੇ 781 ਲੋਕਾਂ ਨੂੰ ਸਲਾਖਾਂ ਪਿਛੇ ਭੇਜਣ ਤੋਂ ਇਲਾਵਾ 63994 ਸ਼ਰਾਬ ਦੀਆਂ ਬੋਤਲਾਂ ਨੂੰ ਜ਼ਬਤ ਕੀਤਾ ਗਿਆ ਹੈ।

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਆਬਕਾਰੀ ਅਤੇ ਪੁਲਿਸ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਵਿੱਚ ਸ਼ਰਾਬ ਦੀ ਗੈਰ ਕਾਨੂੰਨੀ ਤਸਕਰੀ ਨੂੰ ਰੋਕਣ ਲਈ ਸ਼ਖਤ ਤੋਂ ਸਖ਼ਤ ਕਾਰਵਾਈ ਕਰਦਿਆਂ 1103 ਗੋਦਾਮਾਂ, ਮੈਰਿਜ ਪੇਲੈਸਾਂ , ਚਾਵਲ ਮਿੱਲਾਂ ਜਾਂ ਸ਼ੈਲਰਾਂ ਦੀ ਜਾਂਚ ਕੀਤੀ ਗਈ ਹੈ।

ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 164 ਲੋਕਾਂ ਖਿਲਾਫ਼ ਕਲੰਦਰਾ ਦਰਜ ਕੀਤੇ ਗਏ ਹਨ ਅਤੇ 55 ਸ਼ੌਰਟੀ ਬਾਂਡ ਭਰਵਾਏ ਗਏ ਹਨ।  ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਜ਼ਿਲ੍ਹੇ ਵਿੱਚ ਸ਼ਰਾਬ ਦੀ ਸਮੱਗਲੰਗ ਅਤੇ ਨਸ਼ਿਆਂ ਸਬੰਧੀ ਸੂਚਨਾ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 85569-18229 ਜਾਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਇਸ ਹੈਲਪਲਾਈਨ ਨੰਬਰ ’ਤੇ ਗੈਰ ਕਾਨੂੰਨੀ ਸ਼ਰਾਬ ਅਤੇ ਨਸ਼ਿਆਂ ਬਾਰੇ ਸੂਚਨਾ ਦੇ ਸਕਦਾ ਹੈ ਜਿਸ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਥੋਰੀ ਨੇ ਇਹ ਵੀ ਦੱਸਿਆ ਕਿ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਨਸ਼ਿਆਂ ਬਾਰੇ ਸੂਚਨਾ ਮੁਹੱਈਆ ਕਰਵਾਉਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ।  ਥੋਰੀ ਨੇ ਦੱਸਿਆ ਕਿ ਇਹ ਹੈਲਪਲਾਈਨ ਨੰਬਰ 24 ਘੰਟੇ ਲੋਕਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਜ਼ਿਲ੍ਹੇ ਵਿੱਚ ਗੈਰ ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਨਸ਼ਿਆਂ ਨੂੰ ਰੋਕਣ ਲਈ ਪੂਰਨ ਸਹਿਯੋਗ ਦਿੰਦੇ ਹੋੲਂੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ।

ਥੋਰੀ ਨੇ ਕਿਹਾ ਕਿ ਇਸ ਘਿਣੌਨੇ ਜੁਰਮ ਵਿੱਚ ਲਿਪਤ ਲੋਕਾਂ ਖਿਲਾਫ਼ ਡਿਜਾਸਟਰ ਮੇਨੈਜਮੈਂਟ ਐਕਟ ਅਤੇ ਹੋਰਨਾਂ ਤਹਿਤ ਮਿਸਾਲੀ ਕਾਰਵਾਈ ਕੀਤੀ ਜਾਵੇਗੀ।  ਥੋਰੀ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ ਤਹਿਸੀਲ ਅਤੇ ਸਬ ਡਵੀਜ਼ਨ ਪੱਧਰ ’ਤੇ ਸਾਂਝੇ ਤੌਰ ’ਤੇ ਸੰਜੀਦਾ ਯਤਨ ਕੀਤੇ ਜਾ ਰਹੇ ਹਨ।

ਥੋਰੀ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਜੀਰੋ ਟੋਲਰੇਂਸ ਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਤਰਫੋਂ ਕਿਸੇ ਵੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।