ਜਲੰਧਰ 03 ਅਗਸਤ 2020

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਪੁਲਿਸ ਕਮਿਸ਼ਨਰੇਟ ਜਲੰਧਰ ਵਲੋਂ ਮਾਸਕ ਨਾ ਪਾਉਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਹੁਣ ਤੱਕ 26240 ਲੋਕਾਂ ਨੂੰ 1.24 ਕਰੋੜ ਦਾ ਜੁਰਮਾਨਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ  ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਤੱਕ ਮਾਸਕ ਨਾ ਪਾਉਣ ਵਾਲਿਆਂ ਦੇ 26240 ਚਲਾਨ ਕਰਕੇ ਉਨ੍ਹਾਂ ਪਾਸੋਂ 1,24,58,600 ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ 45 ਵਿਅਕਤੀਆਂ ਨੂੰ 85000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਨਤਕ ਥਾਵਾਂ ’ਤੇ ਥੁੱਕਣ ਵਾਲੇ 451 ਵਿਅਕਤੀਆਂ ਨੂੰ 115100 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਅੱਗੇ ਦੱਸਿਆ ਕਿ ਹੁਣ ਤੱਕ 49844 ਟਰੈਫਿਕ ਚਲਾਨ ਕਰਕੇ 2261 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁਲਿਸ ਕਮਿਸ਼ਨਰੇਟ ਵਲੋਂ 71 ਚੋਪਹੀਆ ਵਾਹਨਾਂ ਨੂੰ ਓਵਰ ਲੋਡਿਡ ਹੋਣ ਕਰਕੇ 1.37 ਲੱਖ ਰੁਪਏ ਅਤੇ 34 ਆਟੋ ਰਿਕਸ਼ਾ ਨੂੰ ਓਵਰ ਲੋਡਿਡ ਹੋਣ ’ਤੇ 17000 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 219 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.43 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਅੱਜ ਪੁਲਿਸ ਕਮਿਸ਼ਨਰੇਟ ਵਲੋਂ 177 ਟਰੈਫਿਕ ਚਲਾਨ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ 235 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 117500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਭੁੱਲਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਦੀ ਸਲਾਹ ਅਨੁਸਾਰ ਮਾਸਕ ਪਾਉਣ ਨਾਲ 75 ਪ੍ਰਤੀਸ਼ਤ ਕੋਵਿਡ-19 ਦੀ ਲਾਗ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਮਾਸਕ ਜਰੂਰ ਪਾਇਆ ਜਾਵੇ।