ਜਲੰਧਰ 22 ਅਗਸਤ 2020
ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਈ ਮੌਜੂਦਾ ਸਥਿਤੀ ਦੌਰਾਨ ਦੋ ਗਜ਼ ਦੀ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਾਉਣਾ ਲਾਜ਼ਮੀ ਹੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਇਤਿਹਾਸਿਕ ਸਿੱਧ ਬਾਬਾ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ।ਇਹ ਫ਼ੈਸਲਾ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਨਰੇਸ਼ ਕੁਮਾਰ ਡੋਗਰਾ ਵਲੋਂ ਬਾਬਾ ਸਿੱਧ ਸੋਢਲ ਮੰਦਿਰ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਥੋਰੀ ਨੇ ਦੱਸਿਆ ਕਿ ਇਸ ਇਤਿਹਾਸਿਕ ਮੇਲੇ ‘ਤੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਸਥਾਨ ‘ਤੇ ਮੱਥਾ ਟੇਕਣ ਲਈ ਇਕੱਤਰ ਹੁੰਦੇ ਹਨ, ਪਰ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਈ ਸਥਿਤੀ ਦੌਰਾਨ ਇਸ ਸਾਲ ਇਹ ਮੇਲਾ ਕਰਵਾਉਣਾ ਸੰਭਵ ਨਹੀਂ ਹੋਵੇਗਾ। ਥੋਰੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਣ ਵਰਗੀ ਕੋਈ ਹੋਰ ਸਹੂਲਤ ਸਰਧਾਲੂਆਂ ਨੂੰ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਪ੍ਰਬੰਧਕ ਕਮੇਟੀ ਨੂੰ ਹਰ ਸਹਿਯੋਗ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਵਲੋਂ ਨੋਵੇਲ ਕੋਰੋਨਾ ਵਾਇਰਸ ਜੰਗ ਵਿੱਚ ਕਮੇਟੀ ਵਲੋਂ ਦਿੱਤੇ ਗਏ ਸਹਿਯੋਗ ਅਤੇ ਮਦਦ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਏ.ਸੀ.ਪੀ. ਬੀ.ਆਈ.ਐਸ. ਕਾਹਲੋਂ, ਸਤਿੰਦਰ ਚੱਡਾ ਅਤੇ ਹੋਰ ਵੀ ਹਾਜ਼ਰ ਸਨ।