ਜਲੰਧਰ, 12 ਨਵੰਬਰ
ਮਨੁੱਖਤਾ ਦੀ ਸੇਵਾ ਹੀ ਸੱਚੀ ਸੇਵਾ ਹੈ। ਇਨਸਾਨੀਅਤ ਦੇ ਨਾਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋੜਵੰਦ ਲੋਕਾਂ ਦੀ ਮਦਦ ਕਰੀਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਠੰਡ ਦੇ ਮੌਸਮ ਦੇ ਮੱਦੇਨਜ਼ਰ ਬੁੱਧਵਾਰ ਰਾਤ ਨੂੰ ਬੇਘਰੇ ਅਤੇ ਲੋੜਵੰਦ ਲੋਕਾਂ ਨੂੰ ਕੰਬਲ ਵੰਡਣ ਦੀ ਮੁਹਿੰਮ ਦੀ ਸ਼ੁਰੂਆਤ ਮੌਕੇ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਬੇਆਸਰਾ ਅਤੇ ਗਰੀਬ ਵਿਅਕਤੀਆਂ ਨੂੰ ਪੈ ਰਹੀ ਠੰਡ ਤੋਂ ਬਚਾਉਣ ਲਈ ਉਨ੍ਹਾਂ ਵੱਲੋਂ ਅੱਜ ਰੇਲਵੇ ਸਟੇਸ਼ਨ ਕੈਂਟ, ਪਠਾਨਕੋਟ ਬਾਈਪਾਸ ਚੌਕ, ਦੇਵੀ ਤਲਾਬ ਮੰਦਿਰ, ਰੇਲਵੇ ਸਟੇਸ਼ਨ, ਜਲੰਧਰ ਵਿਖੇ ਪਹੁੰਚ ਕੇ ਬੇਘਰੇ ਅਤੇ ਲੋੜਵੰਦ ਲੋਕਾਂ ਨੂੰ ਕੰਬਲ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਮੁਹਿੰਮ ਚਲਾਉਣ ਦਾ ਮਕਸਦ ਬੇਘਰੇ, ਗਰੀਬ, ਲੋੜਵੰਦ ਅਤੇ ਬੇਸਹਾਰਾ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਸਰਦੀ ਤੋਂ ਬਚਣ ਲਈ ਕੰਬਲ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਠੰਡ ਦੇ ਮੌਸਮ ਦੀ ਮਾਰ ਤੋਂ ਬਚੇ ਰਹਿਣ।
ਉਨ੍ਹਾਂ ਦੱਸਿਆ ਕਿ ਹਰੇਕ ਲੋੜਵੰਦ ਤੱਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਹੈਲਪ ਲਾਈਨ ਨੰਬਰ 8556918229 ਦੀ ਵੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ‘ਤੇ ਫੋਨ ਕਰਨ ‘ਤੇ ਪ੍ਰਸ਼ਾਸਨ ਵੱਲੋਂ ਤੁਰੰਤ ਟੀਮ ਭੇਜੀ ਜਾਵੇਗੀ ਅਤੇ ਮੌਕੇ ‘ਤੇ ਲੋੜਵੰਦ ਵਿਅਕਤੀ ਨੂੰ ਕੰਬਲ ਮੁਹੱਈਆ ਕਰਵਾ ਦਿੱਤਾ ਜਾਵੇਗਾ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਬੇਘਰੇ ਤੇ ਲੋੜਵੰਦ ਲੋਕਾਂ ਨੂੰ ਠਹਿਰਾਉਣ ਲਈ ਰੈਣ ਬਸੇਰਿਆਂ ਵਿਚਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਮੌਕੇ ‘ਤੇ ਬੇਘਰੇ ਅਤੇ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ਵਿੱਚ ਠਹਿਰਾਉਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਨੂੰ ਸਰਦੀ ਦੀ ਮਾਰ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਲੋੜਵੰਦ ਅਤੇ ਬੇਸਹਾਰਾ ਲੋਕਾਂ ਨੂੰ ਸਰਦੀ ਤੋਂ ਬਚਾਉਣ ਲਈ ਰੈਣ ਬਸੇਰਿਆਂ ਵਿੱਚ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ।
ਥੋਰੀ ਨੇ ਗਰੀਬ ਤੇ ਲੋੜਵੰਦਾਂ ਦੀ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਲੋਕਾਂ ਨੂੰ ਰੈਡ ਕਰਾਸ ਸੁਸਾਇਟੀ ਨੂੰ ਵੱਧ ਤੋਂ ਵੱਧ ਦਾਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ ਤਾਂ ਜੋ ਉਨ੍ਹਾਂ ਦੀ ਸਹਾਇਤਾ ਲੋੜਵੰਦ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਘਰੇ ਅਤੇ ਲੋੜਵੰਦ ਲੋਕਾਂ ਦੀ ਮਦਦ ‘ਚ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਕਿਹਾ ਹੈ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਬਾਹਰ ਸੋਣ ਵਾਲੇ ਲੋਕਾਂ ਸਬੰਧੀ ਸਰਵੇਖਣ ਕਰਵਾ ਕੇ ਡੀਸੀ ਦਫ਼ਤਰ ਨੂੰ ਕੰਬਲਾਂ ਸਬੰਧੀ ਮੰਗ ਭੇਜਣ। ਉਨ੍ਹਾਂ ਅੱਗੇ ਕਿਹਾ ਕਿ ਕੰਬਲ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮੁਹੱਈਆ ਕਰਵਾਏ ਜਾਣਗੇ ਅਤੇ ਅਧਿਕਾਰੀਆਂ ਨੂੰ ਸੀ.ਆਰ.ਓ. ਪੱਧਰ ਦੇ ਅਧਿਕਾਰੀਆਂ ਰਾਹੀਂ ਕੰਬਲ ਵੰਡਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।