ਅੰਮ੍ਰਿਤਸਰ: ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਬਲਾਤਕਾਰ ਤੋਂ ਬਾਅਦ ਅੱਜ ਸਕੂਲ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਹੋਇਆ। ਪ੍ਰਦਰਸ਼ਨ ਦੌਰਾਨ 20 ਮੈਂਬਰੀ ਕਮੇਟੀ ਬਣਾਈ ਗਈ। ਇਸ ਕਮੇਟੀ ਨੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਪ੍ਰਸ਼ਾਸਨ ਨੇ ਮਾਮਲੇ ਦੀ ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ। ਆਖਰ ‘ਚ ਕਮੇਟੀ ਦੀ ਸਕੂਲ ਪ੍ਰਬੰਧਕਾਂ ਨਾਲ ਬੈਠਕ ਬੇਸਿੱਟਾ ਰਹੀ। ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਗੱਲ ਨੇਪਰੇ ਨਹੀਂ ਚੜ੍ਹ ਸਕੀ। ਸਕੂਲ ਪ੍ਰਬੰਧਕਾਂ ਨੇ ਮਾਪਿਆਂ ਦੇ ਸਾਹਮਣੇ ਆ ਕੇ ਇਸ ਘਟਨਾ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਕਿਹਾ ਕਿ ਉਨ੍ਹਾਂ ਨੇ ਜੋ ਕਾਰਵਾਈ ਸਕੂਲ ਵੱਲੋਂ ਕੀਤੀ ਜਾ ਸਕਦੀ ਸੀ, ਉਨ੍ਹਾਂ ਨੇ ਕੀਤੀ। ਇਸ ਦੇ ਨਾਲ ਹੀ ਪੁਲਿਸ ਨੂੰ ਇਸ ਦੀ ਜਾਣਕਾਰੀ ਦਿੱਤੀ। ਦੂਜੇ ਪਾਸੇ ਮਾਪਿਆਂ ਨੇ ਸਕੂਲ ਪ੍ਰਬੰਧਕਾਂ ਦੀ ਕੋਈ ਵੀ ਗੱਲ ਸੁਣਨ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸਕੂਲ ਪ੍ਰਬੰਧਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਜਾਵੇ। ਉਸ ਤੋਂ ਬਾਅਦ ਹੀ ਧਰਨਾ ਚੁੱਕਿਆ ਜਾਵੇਗਾ। ਇਸ ਮਾਮਲੇ ਵਿੱਚ ਮਾਪਿਆਂ ਦੀ ਬਣੀ 20 ਮੈਂਬਰੀ ਕਮੇਟੀ ਨੇ ਕਿਹਾ ਸਕੂਲ ਵਿੱਚ ਪੜ੍ਹਨ ਵਾਲੇ ਬਾਕੀ ਸਾਰੇ ਬੱਚਿਆਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਸ ਦੌਰਾਨ ਮਾਪਿਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਦੀ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਿੱਤੀ ਜਾਵੇ। ਦੱਸ ਦਈਏ ਕਿ ਲੰਘੇ ਦਿਨ ਪੁਲਿਸ ਨੇ ਬਿਆਸ ਦੇ ਪ੍ਰਾਈਵੇਟ ਸਕੂਲ ਵਿੱਚ ਪੜ੍ਹਦੇ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਉਸੇ ਸਕੂਲ ਦੀ ਦੂਸਰੀ ਜਮਾਤ ਦੀ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦਾ ਕੇਸ ਦਰਜ ਕੀਤਾ ਸੀ। ਇਹ ਮੰਦਭਾਗੀ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 8:30 ਵਜੇ ਵਾਪਰੀ ਤੇ ਕਰੀਬ 14 ਘੰਟੇ ਬੀਤਣ ਮਗਰੋਂ ਪੁਲਿਸ ਨੇ ਕਰੀਬ 10:30 ਵਜੇ ਇਸ ਸਬੰਧੀ ਕੇਸ ਦਰਜ ਕੀਤਾ। ਸ਼ੁਰੂ ਵਿੱਚ ਸਕੂਲ ਪ੍ਰਬੰਧਕਾਂ ਤੇ ਪੁਲਿਸ ਵੱਲੋਂ ਇਸ ਮਾਮਲੇ ਨੂੰ ਰਫਾ ਦਫਾ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਕੀਤੀਆਂ ਗਈਆਂ ਪਰ ਮੀਡੀਆ ਦੇ ਦਬਾਅ ਮਗਰੋਂ ਪੁਲਿਸ ਨੂੰ ਕੇਸ ਦਰਜ ਕਰਨਾ ਪਿਆ।
ਖ਼ਬਰ ਲਿਖਣ ਤਕ ਮਿਲੀ ਜਾਣਕਾਰੀ ਅਨੁਸਾਰ 6 ਘੰਟਿਆਂ ਤੋਂ ਬਾਦ ਲਗਿਆ ਹੋਏ ਥਰਨੇ ਨੂੰ SSP ਵਿਕਰਮਜੀਤ ਸਿੰਘ ਦੁੱਗਲ ਨੇ ਸਮਝਾ ਕੇ ਥਰਨਾ ਚੁੱਕਣਚ ਕਾਮਯਾਬ ਰਹੇ.