ਜਲੰਧਰ 25 ਜੁਲਾਈ 2020
ਕੋਵਿਡ ਦੇ ਕੇਸਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਲਈ ਮੈਡੀਕਲ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਕਮਿਊਨਟੀ ਸਿਹਤ ਕੇਂਦਰ ਦਾਦਾ ਕਲੋਨੀ ਵਿਖੇ ਮੌਜੂਦ ਬੈਡਾਂ ਤੱਕ ਪਾਈਪਾਂ ਰਾਹੀਂ ਆਕਸੀਜਨ ਸਪਲਾਈ ਕਰਨ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਗਈ ਹੈ ਜਿਸ ਨਾਲ ਹੁਣ ਇਹ ਸਿਹਤ ਕੇਂਦਰ ਲੈਵਲ-2 ਕੋਵਿਡ ਕੇਅਰ ਸਹੂਲਤ ਵਜੋਂ ਕੰਮ ਕਰੇਗਾ ।
ਦਾਦਾ ਕਲੋਨੀ ਕਮਿਊਨਟੀ ਸਿਹਤ ਕੇਂਦਰ ਵਿਖੇ ਇਹ ਸਾਰਾ ਕੰਮ ਉਪ ਮੰਡਲ ਮੈਜਿਸਟਰੇਟ-1 ਡਾ.ਜੈ ਇੰਦਰ ਸਿੰਘ ਦੀ ਦੇਖ ਰੇਖ ਵਿੱਚ ਮੁਕੰਮਲ ਕੀਤਾ ਗਿਆ ਹੈ।
ਇਥੇ ਇਹ ਜ਼ਿਕਰ ਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਤਿੰਨ ਕਮਿਊਨਟੀ ਸਿਹਤ ਕੇਂਦਰਾਂ ਜਿਨਾਂ ਵਿੱਚ ਬਸਤੀ ਗੁਜਾਂ, ਦਾਦਾ ਕਲੋਨੀ ਅਤੇ ਖਾਂਬਰਾ ਸ਼ਾਮਿਲ ਹਨ ਦੇ 100 ਬੈਡਾਂ ਤੱਕ ਪਾਈਪਾਂ ਰਾਹੀਂ ਆਕਸੀਜਨ ਪਹੁੰਚਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ । ਕਮਿਊਨਟੀ ਸਿਹਤ ਕੇਂਦਰ ਬਸਤੀ ਗੁਜਾਂ ਵਿਖੇ ਪਿਛਲੇ ਕੁਝ ਦਿਨ ਪਹਿਲਾਂ ਹੀ ਪਾਈਪਾਂ ਰਾਹੀਂ ਬੈਡਾਂ ਤੱਕ ਆਕਸੀਜਨ ਪਹੁੰਚਾਉਣ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ।
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਕੇਸਾਂ ਕਰਕੇ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰੀ ਖੇਤਰ ਦੇ ਕਮਿਊਨਟੀ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆ ਕੇ ਲੈਵਲ-2 ਦੇ ਮਰੀਜ਼ਾਂ ਦੇ ਇਲਾਜ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਨਾਂ ਕਮਿਊਨਟੀ ਸਿਹਤ ਕੇਂਦਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਕਾਰਪੋਰੇਟ ਸਮਾਜਿਕ ਜਿੰਮੇਵਾਰੀ (ਕਾਰਪੋਰੇਟ ਸ਼ੋਸ਼ਲ ਰਿਸਪੌਂਸੇਬਿਲਟੀ) ਫੰਡਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੈਸਟ ਕਰਨਾ, ਸੰਪਰਕਾਂ ਦੀ ਪਹਿਚਾਣ ਕਰਨਾ ਅਤੇ ਇਲਾਜ ਕਰਨਾ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਸਾਡੀ ਜੰਗ ਹੈ ਅਤੇ ਸਭ ਤੋਂ ਵੱਡੀ ਲੋੜ ਬਜੁਰਗਾਂ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਗ੍ਰਸਤ ਵੱਧ ਜੋਖ਼ਮ ਵਾਲੀ ਅਬਾਦੀ ਦੀ ਚੰਗੀ ਤਰ੍ਹਾਂ ਦੇਖਭਾਲ ਕਰਨਾ ਹੈ ਜਿਨਾਂ ਵਿੱਚ ਗੰਭੀਰ ਬਿਮਾਰੀਆਂ ਪੈਦਾ ਹੋਣ ਦਾ ਖ਼ਤਰਾ ਜ਼ਿਆਦਾ ਬਣਿਆ ਰਹਿੰਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਕੋਵਿਡ ਨਾਲ ਸਬੰਧਿਤ ਕੋਈ ਵੀ ਲੱਛਣ ਦਿਖਾਈ ਦੇਣ ’ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ ਤਾਂ ਜੋ ਇਸ ਨੂੰ ਹੋਰ ਅਗੋਂ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਇਸ ਔਖੀ ਘੜੀ ਵਿੱਚ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਵੱਡੇ ਲੋਕ ਹਿੱਤ ਨੂੰ ਮੁੱਖ ਰੱਖਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਹਰਾ ਕੇ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ।
ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਪ੍ਰਭਾਵਿਤ ਮਰੀਜ਼ਾਂ ਲਈ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆ ਕੇ ਜਿਸ ਵਿੱਚ ਆਈਸੋਲੇਸਨ ਸਮੇਤ ਆਕਸੀਜਨ, ਵੈਂਟੀਲੇਟਰ ਅਤੇ ਆਈ.ਸੀ.ਯੂ.ਦਾ ਪ੍ਰਬੰਧ ਕਰਨਾ ਸ਼ਾਮਿਲ ਹੈ ਰਾਹੀਂ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਪਾਬੰਦ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੋਵਲ ਕੋਰੋਨਾ ਵਾਇਰਸ ਖਿਲਾਫ਼ ਜੰਗ ਲੜੀ ਜਾ ਰਹੀ ਹੈ ਅਤੇ 24 ਘੰਟੇ ਸਥਿਤੀ ਦਾ ਮੁਲੰਕਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਪਰ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਜਿਸ ਵਿੱਚ ਮਾਸਕ ਪਾਉਣਾ, ਹੱਥ ਧੋਣਾ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ ਦੀ ਸ਼ਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।