ਜਲੰਧਰ, 18 ਫਰਵਰੀ
ਪੰਜਾਬ ਸਰਕਾਰ ਵੱਲੋਂ ਡਿਗਰੀਆਂ ਮੁਹੱਈਆ ਕਰਾਉਣ ਦੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ ਵਿਧਾਇਕ ਸ੍ਰੀ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੀਟੀ ਇੰਸਟੀਚਿਊਟ ਵਿਖੇ ਐਸ.ਸੀ. ਵਿਦਿਆਰਥੀਆਂ ਨੂੰ ਅਜਿਹੀਆਂ 1000 ਡਿਗਰੀਆਂ ਵੰਡਣ ਦੀ ਸ਼ੁਰੂਆਤ ਕੀਤੀ, ਜੋ ਵਿੱਦਿਅਕ ਅਦਾਰਿਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬੰਦ ਕਰ ਦੇਣ ਕਾਰਨ 2017 ਤੋਂ ਰੋਕ ਦਿੱਤੀਆਂ ਗਈਆਂ ਸਨ।
ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਵਿਧਾਇਕ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਯੂ.ਪੀ.ਏ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਬਾਅਦ ਮੋਦੀ ਸਰਕਾਰ ਨੇ ਇਸ ਨੂੰ ਸਕੀਮ ਬੰਦ ਕਰ ਦਿੱਤਾ, ਜਿਸ ਕਾਰਨ ਐਸ.ਸੀ. ਵਿਦਿਆਰਥੀ ਦੁਵਿਧਾ ਵਿੱਚ ਸਨ। ਸ਼੍ਰੀ ਰਿੰਕੂ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਯੋਜਨਾ ਬੰਦ ਹੋਣ ਕਾਰਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਦੀਆਂ ਡਿਗਰੀਆਂ 2017 ਤੋਂ ਵਿਦਿਅਕ ਸੰਸਥਾਵਾਂ ਵੱਲੋਂ ਰੋਕੀ ਲਈਆਂ ਗਈਆਂ ਸਨ।
ਵਿਧਾਇਕ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਇਹ ਰੁਕੀਆਂ ਡਿਗਰੀਆਂ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਦਖ਼ਲ ਸਦਕਾ ਜਿਨ੍ਹਾਂ ਵਿਦਿਆਰਥੀਆਂ ਦੀਆਂ ਡਿਗਰੀਆਂ 2017 ਤੋਂ ਰੁਕੀਆਂ ਹੋਈਆਂ ਹਨ, ਨੂੰ ਡਿਗਰੀਆਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੀ ਰਿੰਕੂ ਨੇ ਕਿਹਾ ਕਿ ਅੱਜ ਦੇ ਵਿਸ਼ੇਸ਼ ਕੈਂਪ ਵਿੱਚ 1000 ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਦੀ ਪ੍ਰਕਿਰਿਆ ਆਰੰਭੀ ਗਈ ਹੈ।
ਵਿਧਾਇਕ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਵੱਲੋਂ ਸਾਲ 2017 ਤੋਂ ਲੈ ਕੇ ਹੁਣ ਤੱਕ ਰੋਕੀ ਗਈ ਹਰ ਡਿਗਰੀ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਤਹਿਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਸੀ. ਭਾਈਚਾਰੇ ਦੇ ਵਿਦਿਆਰਥੀਆਂ ਨਾਲ ਕਿਸੇ ਵੀ ਤਰ੍ਹਾਂ ਦੀ ਬੇਇਨਸਾਫੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ਼੍ਰੀ ਰਿੰਕੂ ਨੇ ਇਹ ਵੀ ਕਿਹਾ ਕਿ ਜੇ ਕਿਸੇ ਵੀ ਵਿਦਿਆਰਥੀ ਨੂੰ ਆਪਣੀ ਡਿਗਰੀ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਇਸ ਨੂੰ ਬਿਨਾਂ ਕਿਸੇ ਮੁਸ਼ਕਿਲ ਅਤੇ ਖੱਜਲ-ਖੁਆਰੀ ਦੇ ਪ੍ਰਾਪਤ ਕਰਨ ਲਈ ਸਿੱਧਾ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਟੀ ਇੰਸਟੀਚਿਊਟ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਤਹਿਸੀਲ ਭਲਾਈ ਅਫ਼ਸਰ ਸਰਬਜੀਤ ਕੌਰ ਅਤੇ ਹਰੀਸ਼ ਕੁਮਾਰ ਵੀ ਮੌਜੂਦ ਸਨ।