ਜਲੰਧਰ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਕਿਸੇ ਵੀ ਵੱਡੇ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਸਾਰੇ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਅਤੇ ਬੈਡ ਸਥਾਪਿਤ ਕੀਤੇ ਜਾਣ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਆਈਸੋਲੇਸ਼ਨ ਵਾਰਡ ਅਤੇ ਬੈਡ ਸਥਾਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਭਵਿੱਖ ਵਿੱਚ ਕਿਸੇ ਸਥਿਤੀ ਵਿੱਚ ਜ਼ਿਆਦਾ ਆਈਸੋਲੇਸ਼ਨ ਵਾਰਡਾਂ ਤੇ ਬੈਡਾਂ ਦੀ ਲੋੜ ਪੈਂਦੀ ਹੈ ਤਾਂ ਇਸ ਲਈ ਨਿੱਜੀ ਹਸਪਤਾਲਾਂ ਦਾ ਸਹਿਯੋਗ ਲੋੜੀਂਦਾ ਹੋਵੇਗਾ।

ਵਧੀਕ ਡਿਪਟੀ ਕਮਿਸਨਰ ਨੇ ਕਿਹਾ ਕਿ ਇਹ ਹਵਾ ਨਾਲ ਫੈਲਣ ਵਾਲੀ ਬਿਮਾਰੀ ਨਹੀਂ ਹੈ ,ਇਸ ਲਈ ਪ੍ਰਭਾਵਿਤ ਲੋਕਾਂ ਤੋਂ ਉਚਿੱਤ ਦੂਰੀ ਬਣਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਨੂੰ ਇਸ ਫਲੂ ਤੋਂ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਇਸ ਨੂੰ ਫੈਲਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਆਸ ਜਤਾਈ ਕਿ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤੀ ਜਾ ਸਕਦੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਦੇ ਟਾਕਰੇ ਲਈ ਉਲੀਕੀ ਗਈ ਵਿਆਪਕ ਯੋਜਨਾ ਨੂੰ ਸਹੀ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਪਾਸ ਇਸ ਫਲੂ ਨਾਲ ਨਿਪਟਣ ਲਈ ਅਤਿ ਆਧੁਨਿਕ ਸਾਜੋ ਸਮਾਨ ਅਤੇ ਬਿਹਤਰ ਤਿਆਰੀਆਂ ਹੋਣੀਆਂ ਚਾਹੀਦੀਆਂ ਹਨ।

ਇਸ ਮੌਕੇ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਲੱਛਣ ਵੀ ਆਮ ਫਲੂ ਵਰਗੇ ਹੀ ਹਨ। ਉਨ੍ਹਾਂ ਕਿਹਾ ਕਿ ਇਸ ਫਲੂ ਤੋਂ ਬੱਚਣ ਲਈ ਲੋਕਾਂ ਨੂੰ ਪ੍ਰਭਾਵਿਤ ਵਿਅਕਤੀਆਂ ਤੋਂ ਇਕ ਮੀਟਰ ਦੀ ਦੂਰੀ ਬਣਾ ਕੇ ਰੱਖਣ ਦੇ ਨਾਲ-ਨਾਲ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਵਾਰ-ਵਾਰ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਰੈਪਿਡ ਰਿਸਪੌਂਸ ਟੀਮਾਂ ਦਾ ਗਠਨ ਕਰਨ ਤੋਂ ਇਲਾਵਾ ਆਈਸੋਲੇਸ਼ਨ ਵਾਰਡ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ।

ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਏ.ਐਸ.ਪਵਾਰ, ਕਮਾਂਡੈਂਟ ਰਾਜਪਾਲ ਸੰਧੂ, ਐਸ.ਪੀ.ਆਰ.ਪੀ.ਐਸ਼ ਸੰਧੂ, ਉਪ ਮੰਡਲ ਮੈਜਿਸਟਰੇਟ ਅਮਿਤ ਕੁਮਾਰ ,ਰਾਹੁਲ ਸਿੰਧੂ, ਡਾ.ਸੰਜੀਵ ਸ਼ਰਮਾ, ਡਾ.ਜੈ ਇੰਦਰ ਸਿੰਘ ਅਤੇ ਡਾ.ਵਿਨੀਤ ਕੁਮਾਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਰਾਜੀਵ ਵਰਮਾ,ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਅਨੁਪਮ ਕਲੇਰ, ਸਹਾਇਕ ਕਮਿਸ਼ਨਰ ਵਰਜੀਤ ਵਾਲੀਆ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਪ੍ਰੀਤ ਸਿੰਘ ਸਹੋਤਾ, ਪ੍ਰਧਾਨ ਆਈ.ਐਮ.ਏ. ਡਾ.ਪੰਕਜ ਪਾਲ, ਡਾ.ਸਤੀਸ਼ ਕੁਮਾਰ , ਡਾ.ਸੋਭਨਾ ਅਤੇ ਹੋਰ ਹਾਜ਼ਰ ਸਨ।