ਜਲੰਧਰ 31 ਅਗਸਤ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜੇਕਰ ਨੋਵੇਲ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ ਉਨ੍ਹਾਂ ਦੇ ਹਸਪਤਾਲ ਵਿੱਚ ਪਿਛਲੇ 10 ਦਿਨਾਂ ਤੋਂ ਇਲਾਜ ਅਧੀਨ ਚੱਲ ਰਿਹਾ ਹੈ, ਤਾਂ ਉਸ ਦਾ ਦੁਬਾਰਾ ਕੋਵਿਡ ਦਾ ਟੈਸਟ ਨਾ ਕਰਵਾਇਆ ਜਾਵੇ।ਪ੍ਰਾਈਵੇਟ ਹਸਪਤਾਲਾਂ ਵਿੱਚ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਬਹਿਤਰ ਤਾਲਮੇਲ ਅਤੇ ਕੋਵਿਡ-19 ਮਹਾਂਮਾਰੀ ਤੋਂ ਬੱਚਣ ਲਈ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਲੀ ਮਾਹਿਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਥੋਰੀ ਨੇ ਕਿਹਾ ਕਿ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਵਾਰ ਜਿਹੜਾ ਮਰੀਜ਼ 10 ਦਿਨਾਂ ਤੱਕ ਪ੍ਰਾਈਵੇਟ ਸਿਹਤ ਸੰਸਥਾਵਾਂ ਵਿੱਚ ਇਲਾਜ ਅਧੀਨ ਚੱਲ ਰਿਹਾ ਹੈ , ਤਾਂ ਉਸ ਮਰੀਜ਼ ਦਾ ਦੁਬਾਰਾ ਕੋਵਿਡ ਟੈਸਟ ਕਰਵਾਉਣ ਦੀ ਲੋੜ ਨਹੀਂ ਹੈ ਅਤੇ ਉਹ ਹੋਮ ਆਈਸੋਲੇਸ਼ਨ ਲਈ ਭੇਜਿਆ ਜਾ ਸਕਦਾ ਹੈ। ਥੋਰੀ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਪ੍ਰਾਈਵੇਟ ਹਸਪਤਾਲਾਂ ਵਲੋਂ ਦੁਬਾਰਾ ਟੈਸਟ ਕਰਵਾਉਣ ਦੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੂੰ ਵੀ ਕਿਹਾ ਕਿ ਮਰੀਜ਼ ਦੀ ਫਾਈਲ ਵਿੱਚ ਸੈਂਪਲ ਲੈਣ ਸਬੰਧੀ ਮਿਤੀ ਦਾ ਜ਼ਿਕਰ ਕੀਤਾ ਜਾਵੇ। ਥੋਰੀ ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਖਾਸ ਤਵੱਜੋਂ ਦਿੱਤੀ ਜਾਵੇ, ਜਿਸ ਲਈ ਸਾਨੂੰ ਸਭ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਪ੍ਰਾਈਵੇਟ ਹਸਪਤਾਲਾਂ ਨੂੰ ਇਹ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਉਨ੍ਹਾਂ ਦੇ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਥੋਰੀ ਨੇ ਕਿਹਾ ਕਿ ਇਸ ਕਮੇਟੀ ਦਾ ਕੋਵਿਡ-19 ਦੇ ਟੈਸਟ ਲਈ ਰੈਫਰ ਕੀਤੇ ਮਰੀਜ਼ਾਂ ਦੇ ਮੁਕੰਮਲ ਸੰਪਰਕ ਅਤੇ ਪਤੇ ਸਬੰਧੀ ਰਿਪੋਰਟ ਭੇਜਣ ਤੋਂ ਇਲਾਵਾ ਰੋਜ਼ਾਨਾ ਹਰੇਕ ਪ੍ਰਾਈਵੇਟ ਹਸਪਤਾਲ ਤੋ ਕੋਵਿਡ –19 ਦੇ ਸ਼ੱਕੀ ਮਰੀਜ਼ਾਂ ਸਬੰਧੀ ਰਿਪੋਰਟ ਪ੍ਰਾਪਤ ਕਰਨ ਲਈ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕਮੇਟੀ ਵਲੋਂ ਰੋਜ਼ਾਨਾ ਹਰੇਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਕੋਵਿਡ-19 ਤੋਂ ਪ੍ਰਭਾਵਿਤ ਹਲਕੇ, ਦਰਮਿਆਨੇ ਅਤੇ ਗੰਭੀਰ ਮਰੀਜ਼ਾਂ ਬਾਰੇ ਰਿਪੋਰਟ ਪ੍ਰਾਪਤ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਡਿਪਟੀ ਕਮਿਸ਼ਨਰ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ਾਂ ਦੇ ਸੁਚੱਜੇ ਪ੍ਰਬੰਧਨ ਵਿੱਚ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।ਥੋਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਅਦ੍ਰਿਸ਼ ਦੁਸ਼ਮਣ ਦਾ ਸਾਹਮਣਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਜ਼ਿਲ੍ਹਾ ਵਾਸੀਆ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਅਨੂੰ, ਆਈ.ਐਮ.ਏ ਪ੍ਰਧਾਨ ਡਾ.ਨਵਜੋਤ ਦਾਹੀਆ ਅਤੇ ਹੋਰ ਵੀ ਹਾਜ਼ਰ ਸਨ।