ਜਲੰਧਰ: ਕਿਸਾਨਾਂ ਨੂੰ ਖੇਤੀਬਾੜੀ ਦੇ ਸੰਕਟ ਵਿਚੋਂ ਬਾਹਰ ਕੱਢਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਅੱਜ ‘ਵਿਸ਼ਵ ਦਾਲਾਂ’ ਦਿਵਸ ਮੌਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ 450 ਮੂੰਗ ਦਾਲ ਦੀਆਂ ਮੁਫ਼ਤ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਗਈ।
ਜ਼ਿਲ੍ਹੇ ਦੇ ਪਿੰਡ ਚਮਿਆਰਾ ਵਿਖੇ ਕਿੱਟਾਂ ਵੰਡ ਸਮਾਗਮ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਨਾਜ਼ਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਹੇਠੋਂ ਰਕਬੇ ਨੂੰ ਘਟਾ ਕੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਪ੍ਰੋਗਰਾਮ ਤਹਿਤ ਦਾਲਾਂ ਦੀ ਖੇਤੀ ਨੂੰ ਵੱਲ ਉਤਸ਼ਾਹਿਤ ਕਰ ਰਹੀ ਹੈ ਜਿਸ ਨਾਲ ਉਨਾਂ ਦਾ ਆਮਦਨ ਵਿੱਚ ਵੀ ਵਾਧਾ ਹੋਵੇਗਾ।
ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਉਤਸ਼ਾਹਿਤ ਕਰਨ ਲਈ ਜਾਗਰੂਕਤਾ ਕੈਂਪ ਲਗਾ ਕੇ ਮੁਫ਼ਤ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਅਤਿ ਆਧੁਨਿਕ ਤਕਨੀਕ ਰਾਹੀਂ ਕਿਸਾਨਾਂ ਦੇ ਖੇਤਾਂ ਵਿੱਚ ਦਾਲਾਂ ਬਿਜਾਈ ਕਰਕੇ ਉਨਾਂ ਨੂੰ ਦਾਲਾਂ ਦੀ ਖੇਤੀ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਡਾ.ਨਾਜ਼ਰ ਸਿੰਘ ਨੇ ਦੱਸਿਆ ਕਿ ਆਲੂਆਂ ਅਤੇ ਕਣਕ ਦੀ ਕਟਾਈ ਤੋਂ ਬਾਅਦ ਤੁਰੰਤ ਮੂੰਗ ਦਾਲ ਦੀ ਬਿਜਾਈ ਕੀਤੀ ਜਾ ਸਕਦੀ ਹੈ ਕਿਉਂਕਿ ਇਸ ਤੋਂ ਬਾਅਦ 65 ਦਿਨਾਂ ਲਈ ਖੇਤ ਖਾਲੀ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦਾਲਾਂ ਦੀ ਖੇਤੀ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਅਤੇ ਇਸ ਨਾਲ ਖਾਦਾਂ ਦੀ ਵੀ ਘੱਟ ਲੋੜ ਪੈਂਦੀ ਹੈ ਕਿਉਂਕਿ ਇਹ ਵਾਤਾਵਰਣ ਤੋਂ ਹੀ ਨਾਈਟਰੋਜਨ ਪ੍ਰਾਪਤ ਕਰਕੇ ਖੇਤੀ ਨੂੰ ਜੈਵਿਕ ਬਣਾਉਂਦੇ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਵਲੋਂ ਖੇਤੀ ਵਿਭਿੰਨਤਾ ਨੂੰ ਅਪਣਾਇਆ ਜਾ ਰਿਹਾ ਹੈ ਜੋ ਨਾ ਕੇਵਲ ਕਿਸਾਨਾ ਲਈ ਬਲਕਿ ਸੂਬੇ ਲਈ ਵੀ ਬਹੁਤ ਲਾਹੇਵੰਦ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਤੀ ਵਿਭਿੰਨਤਾ ਕਿਸਾਨਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ ਅਤੇ ਇਸ ਨਾਲ ਉਨਾਂ ਦੀ ਆਮਦਨ ਵਿੱਚ ਵੀ ਵਾਧਾ ਹੋ ਰਿਹਾ ਹੈ।
ਇਸ ਮੌਕੇ ਖੇਤੀਬਾੜੀ ਅਫ਼ਸਰ ਡਾ.ਨਰੇਸ਼ ਗੁਲਾਟੀ, ਏ.ਡੀ.ਓਜ਼ ਡਾ.ਅਰੁਣ ਕੁਮਾਰ ਕੋਹਲੀ, ਡਾ.ਸੁਰਜੀਤ ਸਿੰਘ, ਡਾ.ਦਨੇਸ਼ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।