ਅੰਮ੍ਰਿਤਸਰ,17 ਸਤੰਬਰ (                 )- ਕਰੋਨਾ ਮਹਾਂਮਾਰੀ ਦੌਰਾਨ ਲੋੜਵੰਦ ਲੋਕਾਂ ਦੇ ਨਾਲ-ਨਾਲ ਸਿਵਲ ਤੇ ਸਿਹਤ ਪ੍ਰਸ਼ਾਸ਼ਨ ਦੀਆਂ ਹਰੇਕ ਤਰ੍ਹਾਂ ਦੀਆਂ ਲੋੜਾਂ ਦੀ ਪੂਰਤੀ ਲਈ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਚੁੱਕੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਦੀ ਮੌਜੂਦਗੀ ‘ਚ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਇੱਕ ‘ਅੰਤਿਮ ਯਾਤਰਾ ਗੱਡੀ’ ਭੇਟ ਕੀਤੀ ਗਈ।ਇਸ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਉਪਰਾਲੇ ਲਈ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਬੇਨਤੀ ਨੂੰ ਤੁਰੰਤ ਪੂਰਾ ਕਰਦਿਆਂ ਡਾ.ਓਬਰਾਏ ਨੇ ਸਥਾਨਕ ਰੈੱਡ ਕਰਾਸ ਸੁਸਾਇਟੀ ਨੂੰ ਲੋੜੀਂਦੀ ਅੰਤਿਮ ਯਾਤਰਾ ਗੱਡੀ ਦੇ ਕੇ ਵੱਡਾ ਪਰਉਪਕਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾ.ਓਬਰਾਏ ਦੇ ਟਰੱਸਟ ਵੱਲੋਂ ਬਿਨਾਂ ਕਿਸੇ ਸਵਾਰਥ ਦੇ ਆਪਣੇ ਕੋਲੋਂ ਕਰੋੜਾਂ ਰੁਪਏ ਖਰਚ ਕਰ ਕੇ ਇਸ ਔਖੀ ਘੜੀ ਵੇਲੇ ਸਿਹਤ ਤੇ ਸਿਵਲ ਪ੍ਰਸ਼ਾਸਨ ਦੇ ਨਾਲ-ਨਾਲ ਆਮ ਲੋਕਾਂ ਦੀ ਕੀਤੀ ਜਾ ਰਹੀ ਵੱਡੀ ਮਦਦ ਦੀ ਪੂਰੀ ਦੁਨੀਆਂ ਅੰਦਰ ਕਿਧਰੇ ਕੋਈ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਸ.ਓਬਰਾਏ ਨੂੰ ਇਹ ਭਰੋਸਾ ਵੀ ਦਿੱਤਾ ਕਿ ਟਰੱਸਟ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ‘ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰਾ ਸਾਥ ਦਿੱਤਾ ਜਾਵੇਗਾ।ਇਸੇ ਦੌਰਾਨ ਬੋਲਦਿਆਂ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਉਬਰਾਏ ਨੇ ਕਿਹਾ ਕਿ ਟਰੱਸਟ ਵੱਲੋਂ ਪਹਿਲਾਂ ਹੀ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੋਂ ਇਲਾਵਾ ਪੰਜਾਬ ਦੇ ਸਾਰੇ ਹੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ ਨੂੰ ਵੱਡੀ ਮਾਤਰਾ ਵਿੱਚ ਲੋੜੀਂਦੇ ਵੈਂਟੀਲੇਟਰ,ਪੀ.ਪੀ.ਈ. ਕਿੱਟਾਂ, ਸੈਨੀਟਾਈਜ਼ਰ, ਸਰਜੀਕਲ ਤੇ ਐੱਨ-95 ਮਾਸਕ,ਇਨਫਰਾਰੈੱਡ ਥਰਮਾਮੀਟਰ ਤੇ ਹੋਰ ਜ਼ਰੂਰੀ ਲੋੜੀਂਦਾ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉੱਥੇ ਹੁਣ ਟਰੱਸਟ ਵੱਲੋਂ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਮੰਗ ਤੇ ਉਨ੍ਹਾਂ ਨੂੰ ਲੋੜੀਂਦੇ ਆਕਸੀਮੀਟਰ ਦੇਣੇ ਵੀ ਅਰੰਭ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਵੀ ਸਮੁੱਚੇ ਪੰਜਾਬ ਅੰਦਰ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਅੰਗਹੀਣ ਲੋਕਾਂ ਤੋਂ ਇਲਾਵਾ ਗ੍ਰੰਥੀ,ਰਾਗੀ ਤੇ ਢਾਡੀ ਸਿੰਘਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ। ਡਾ. ਓਬਰਾਏ ਨੇ ਇਹ ਵੀ ਸਪੱਸ਼ਟ ਕੀਤਾ ਕਿ ਟਰੱਸਟ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਾਰੀਆਂ ਹੀ ਸੇਵਾਵਾਂ ਇਸ ਮਹਾਂਮਾਰੀ ਦੇ ਖਤਮ ਹੋਣ ਤੱਕ ਨਿਰੰਤਰ ਜਾਰੀ ਰਹਿਣਗੀਆਂ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਉਪ ਚੇਅਰਮੈਨ ਮੈਡਮ ਅਲਕਾ ਕਾਲੀਆ,ਜ਼ਿਲ੍ਹਾ ਯੋਜਨਾ ਬੋਰਡ ਗੁਰਦਾਸਪੁਰ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ,ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਖ਼ਜ਼ਾਨਚੀ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਵਿਨੈ ਕੁਮਾਰ ਵੀ ਉੱਚੇਚੇ ਤੌਰ ‘ਤੇ ਮੌਜੂਦ ਸਨ।