ਜਲੰਧਰ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੰਭਾਵੀ ਹੜ੍ਹਾਂ ਵਰਗੇ ਹਾਲਾਤ ਨਾਲ ਨਜਿੱਠਣ
ਲਈ ਡਰੇਨੇਜ਼ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਜਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿੱਢੇ ਗਏ ਕੰਮ ਜਲਦੀ ਮੁਕੰਮਲ
ਕੀਤੇ ਜਾਣ। ਉਨ੍ਹਾਂ ਕਿਹਾ ਕਿ ਲੋਹੀਆਂ ਬਲਾਕ ਦੇ ਪਿੰਡ ਇਸਮਾਇਲਪੁਰ ਨੇੜੇ ਸਤਲੁਜ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਸ਼ੁਰੂ ਕੀਤਾ ਗਿਆ
ਕੰਮ ਮੁਕੰਮਲ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਫਿਲੌਰ ਨੇੜੇ ਸਤਲੁਜ ਬੰਨ੍ਹ ਦਾ ਕੰਮ ਵੀ ਮੁਕੰਮਲ ਹੋ ਚੁੱਕਾ ਹੈ।
ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ
ਹਨ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਅਣਸੁਖਾਵੇਂ ਹਾਲਾਤ ਦਾ ਸਾਹਮਣਾ ਕੀਤਾ ਜਾ ਸਕੇ। ਉਨ੍ਹਾਂ ਡਰੇਨੇਜ਼ ਵਿਭਾਗ ਨੂੰ ਹਦਾਇਤ ਕਰਦਿਆਂ
ਕਿਹਾ ਕਿ ਬੰਨ੍ਹਾਂ ਦੀ ਮਜ਼ਬੂਤੀ ਲਈ ਵਿੱਢੇ ਕਾਰਜਾਂ ਸਮੇਂ ਕੋਈ ਵੀ ਲਾਪ੍ਰਵਾਹੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਮੁਤਾਬਕ ਹੜ੍ਹ ਰੋਕੂ
ਅਗੇਤੇ ਪ੍ਰਬੰਧ ਸਮੇਂ-ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਵਰਗੇ ਹਾਲਾਤ ਨਹੀਂ ਹਨ, ਪਰ ਤਿਆਰੀਆਂ ਪੂਰੀ
ਗੰਭੀਰਤਾ ਨਾਲ ਕੀਤੀਆਂ ਜਾਣ।