
ਜਲੰਧਰ 04 ਅਗਸਤ 2020
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਉਪ ਮੰਡਲ ਮੈਜਿਸਟਰੇਟਾਂ ਅਤੇ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦੀ ਪ੍ਰਧਾਨਗੀ ਹੇਠ 137 ਪ੍ਰਾਈਵੇਟ ਹਸਪਤਾਲਾਂ ਵਿੱਚ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦੀ ਜਾਂਚ ਲਈ ਬਣਾਈਆਂ ਗਈਆਂ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ ।
ਕਮੇਟੀਆਂ ਵਲੋਂ ਪਹਿਲਾਂ ਹੀ137 ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਬੰਧਾਂ ਅਤੇ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ਵਿੱਚ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਪ੍ਰਾਈਵੇਟ ਹਸਪਤਾਲਾਂ ਦੀ ਜਲੰਧਰ ਵਿਖੇ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਉਪਲਬੱਧ ਮੈਡੀਕਲ ਬੁਨਿਆਦੀ ਢਾਂਚੇ ਦੀ ਬਹੁਤ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਥੋਰੀ ਵਲੋਂ ਹਰੇਕ ਕਮੇਟੀ ਨਾਲ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਬਿਹਤਰ ਤਾਲਮੇਲ ਲਈ ਤਾਇਨਾਤ ਕੀਤਾ ਗਿਆ ਹੈ ਅਤੇ ਉਨ੍ਹਾਂ ਵਲੋਂ ਸਾਂਝੇ ਤੌਰ ’ਤੇ ਇਨ੍ਹਾਂ ਹਸਪਤਾਲਾਂ ਦਾ ਦੌਰਾ ਕਰਕੇ ਪਾਈਪ ਆਕਸੀਜਨ ਨਾਲ ਲੈਸ ਬੈਡਾਂ ਅਤੇ ਵੈਂਟੀਲੇਟਰਾਂ ਬਾਰੇ ਵਿਸਥਾਰਿਤ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਗੰਭੀਰ ਮਰੀਜ਼ਾਂ ਨੂੰ ਵਧੀਆ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਹਸਪਤਾਲ ਪੰਜਾਬ ਸਰਕਾਰ ਵਲੋਂ ਨਿਸ਼ਚਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਣਗੇ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਗੌਤਮ ਜੈਨ, ਸੰਜੀਵ ਕੁਮਾਰ ਸ਼ਰਮਾ, ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਦਰਬਾਰਾ ਸਿੰਘ ਅਤੇ ਹੋਰਨਾਂ ਨੂੰ ਇਨ੍ਹਾਂ ਹਸਪਤਾਲਾਂ ਨਾਲ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਤਾਂ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸਥਾਰਿਤ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਕੇਸਾਂ ਦੀ ਜਲਦੀ ਪਹਿਚਾਣ ਕਰਕੇ ਆਈਸੋਲੇਟ ਕਰਨ ਅਤੇ ਕਲੀਨੀਕਲ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਅਤੇ ਸਮਾਜਿਕ ਦੂਰੀ, ਹੱਥ ਨੂੰ ਧੋਣ ਦੀ ਪਾਲਣਾ ਕਰਦੇੇ ਹੋਏ ਚਿਹਰੇ , ਅੱਖਾਂ ਅਤੇ ਨੱਕ ਨੂੰ ਛੂਹਣ ਤੋਂ ਗੁਰੇਜ਼ ਕਰਨ।