ਜਲੰਧਰ 01 ਸਤੰਬਰ 2020

ਡਿਪਟੀ ਕਮਿਸ਼ਨਰ ਜਲੰਧਰ  ਘਨਸ਼ਿਆਮ ਥੋਰੀ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸ਼ੋਸ਼ਲ ਮੀਡੀਆ ’ਤੇ ਮਨੁੱਖੀ ਅੰਗਾਂ ਦਾ ਵਪਾਰ ਅਤੇ ਮੁਨਾਫ਼ਾਖੋਰੀ ਕਰਨ ਦੀਆਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਗਿਆ ਜੋ ਕਿ ਨਿਰਅਧਾਰ ਅਤੇ ਤੱਥ ਹੀਣ ਹਨ।ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੁੂੰ ਅਪੀਲ ਕੀਤੀ ਕਿ ਸ਼ੋਸ਼ਲ ਮੀਡੀਆਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਅਫ਼ਵਾਹਾਂ ਦੇ ਜਾਲ ਵਿੱਚ ਨਾ ਫਸਣ, ਕਿਉਂਕਿ ਇਹ ਸਚਾਈ ਤੋਂ ਕੋਹਾਂ ਦੂਰ ਹਨ। ਥੋਰੀ ਨੇ ਝੂਠੀਆਂ ਅਫਵਾਹਾਂ ਫੈਲਾਉਣ ਵਾਲੇ ਲੋਕਾਂ ਨੂੰ ਤਾੜਨਾ ਕੀਤੀ ਕਿ ਲੋਕਾਂ ਨੂੰ ਗੁੰਮਰਾਹ ਕਰਕੇ ਸਮਾਜ ਵਿੱਚ ਤਣਾਅ ਨਾ ਵਧਾਉਣ ਅਤੇ ਅਜਿਹੇ ਲੋਕਾਂ ਖਿਲਾਫ਼ ਸਖ਼ਤੀ ਨਾਲ ਨਿਪਟਿਆ ਜਾਵੇਗਾ। ਥੋਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਕੋਵਿਡ-19 ਤੋਂ ਪ੍ਰਭਾਵਿਤ ਮਰੀਜ਼ ਦੇ ਇਲਾਜ ਲਈ ਨਿਰਧਾਰਿਤ ਕੀਤੇ ਗਏ ਵੱਧ ਤੋਂ ਵੱਧ ਰੇਟ ਹੀ ਵਸੂਲ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਕੋਵਿਡ ਦਾ ਟੈਸਟ ਕਰਵਾਉਣ ਲਈ ਅੱਗੇ ਆਉÎਣ, ਤਾਂ ਕਿ ਕੋਰੋਨਾ ਵਾਇਰਸ ਦੀ ਕੜੀ ਨੂੰ ਤੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਵਿਰੁੱਧ ਲੜਾਈ ਵਿੱਚ ਸੈਂਪਲ ਲੈਣਾ ਬਹੁਤ ਮਹੱਤਵਪੂਰਨ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਨੂੰ ਤੋਂ ਘਬਰਾਉਣਾ ਨਹੀਂ ਚਾਹੀਦਾ। ਥੋਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਟੀਮਾਂ ਵਲੋਂ ਕੋਰੋਨਾ ਵਾਇਰਸ ਖਿਲਾਫ਼ ਜੰਗ ਦੌਰਾਨ ਅਣਥੱਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਟੈਸਟ ਕਰਕੇ ਜਿਨਾਂ ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਦਿਖਾਈ ਦਿੰਦੇ, ਪਰ ਉਹ ਕੋਰੋਨਾ ਪ੍ਰਭਾਵਿਤ ਹਨ ਦੀ ਸ਼ਨਾਖਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕੋਵਿਡ-19 ਨੂੰ ਫੈਲਣ ਤੋਂ ਰੋਕਿਆ ਜਾ ਸਕੇ।