ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੁਰਾਇਆਂ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਦੀ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਜਿਨਾਂ ਵਲੋਂ ਅੱਜ ਗੁਰਾਇਆਂ ਤੇ ਫਿਲੌਰ ਵਿਖੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਜਾਂਚ ਕੀਤੀ ਗਈ ਨੇ ਦੱਸਿਆ ਕਿ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪਹੁੰਚਾਉਣ ਲਈ 16 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸੀਵਰੇਜ ਸਮੱਸਿਆ ਦਾ ਹੱਲ ਕਰਨ ਤੋਂ ਇਲਾਵਾ ਇਸ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ ਭਰਿਆ ਬਣਾਉਣ ਵਿੱਚ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਦੇ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਲੋੜ ਹੈ ਅਤੇ ਸਾਫ਼ ਕੀਤੇ ਗਏ ਪਾਣੀ ਨੂੰ ਵੱਧ ਤੋਂ ਵੱਧ ਸਿੰਚਾਈ ਲਈ ਵਰਤਣ ਵਾਸਤੇ ਵਿਆਪਕ ਪ੍ਰੋਗਰਾਮ ਵੀ ਬਣਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਵਲੋਂ ਨਗਰ ਕੌਂਸਲ ਗੁਰਾਇਆਂ ਦੇ ਕਾਰਜਕਾਰੀ ਅਫ਼ਸਰ ਅਤੇ ਨਾਇਬ ਤਹਿਸੀਲਦਾਰ ਗੁਰਾਇਆਂ ਦੇ ਸਾਰੇ ਰਿਕਾਰਡ ਦੀ ਜਾਂਚ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਰਿਕਾਰਡ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ। ਇਸ ਮੌਕੇ ਸ੍ਰੀ ਸ਼ਰਮਾ ਵਲੋਂ ਸਰਕਾਰੀ ਦਫ਼ਤਰਾਂ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਵੀ ਲੋਕਾਂ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ ਗਈ।
ਇਸ ਉਪਰੰਤ ਡਿਪਟੀ ਕਮਿਸ਼ਨਰ ਵਲੋਂ ਉਪ ਮੰਡਲ ਮੈਜਿਸਟਰੇਟ ਦਫ਼ਤਰ ਫਿਲੌਰ, ਨਗਰ ਕੌਂਸਲ ਦਫ਼ਤਰ, ਫ਼ਰਦ ਕੇਂਦਰ, ਖ਼ਜਾਨਾ ਦਫ਼ਤਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਅਤੇ ਫਿਲੌਰ ਵਿਖੇ ਹੋਰ ਵੱਖ-ਵੱਖ ਸਰਕਾਰੀ ਦਫ਼ਤਰਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸੀਵਰੇਜ ਟਰੀਟਮੈਂਟ ਪਲਾਂਟਾਂ ਵਲੋਂ ਸਾਫ਼ ਕੀਤੇ ਗਏ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਦਰਿਆ ਸਤਲੁਜ ਤੇ ਡਰੇਨਾਂ ਵਿੱਚ ਪ੍ਰਦੂਸ਼ਿਤ ਪਾਣੀ ਪੈਣ ਦਿੱਤਾ ਜਾਵੇ। ਸ੍ਰੀ ਸ਼ਰਮਾ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਆਏ ਲੋਕਾਂ ਦੇ ਕੰਮ ਨੂੰ ਪਹਿਲ ਦਿੱਤੀ ਜਾਵੇ।
ਸ੍ਰੀ ਸ਼ਰਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਜਾਂਚ ਕਰਨ ਦਾ ਉਦੇਸ਼ ਦਫ਼ਤਰਾਂ ਦੀ ਕਾਰਜ ਪ੍ਰਣਾਲੀ ਨੂੰ ਹੋਰ ਵੀ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਜਾਂਚ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ, ਤਹਿਸੀਲਦਾਰ ਤਪਨ ਭਨੋਟ ਅਤੇ ਹੋਰ ਵੀ ਹਾਜ਼ਰ ਸਨ।