ਜਲੰਧਰ, 8 ਫਰਵਰੀ
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਸੇਵਾ ਕੇਂਦਰਾਂ ਰਾਹੀਂ 56 ਵਾਧੂ ਨਾਗਰਿਕ ਸੇਵਾਵਾਂ ਦੀ ਰਾਜ ਪੱਧਰੀ ਵਰਚੂਅਲ ਸ਼ੁਰੂਆਤ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਗਰਿਕਾਂ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਸਰਵਉੱਚ ਤਰਜੀਹ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਆਪਣੇ ਰੋਜ਼ਾਨਾ ਦੇ ਪ੍ਰਬੰਧਕੀ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਦੇਣ ਵਾਲੀ ਏਜੰਸੀ ਵਜੋਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਰਾਹੀਂ ਇਹ ਨਵੀਆਂ 56 ਵਾਧੂ ਨਾਗਰਿਕ ਸੇਵਾਵਾਂ ਮਿਲਣ ਸਦਕਾ ਲੋਕਾਂ ਨੂੰ ਬਹੁਤ ਸਹੂਲਤ ਮਿਲੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਛੇ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਵਿੱਚ ਚੋਣਾਂ ਕਾਰਨ ਜਿਥੇ ਆਦਰਸ਼ ਚੋਣ ਜ਼ਾਬਤਾ ਲਾਗੂ ਕੀਤਾ ਜਾ ਰਿਹਾ ਹੈ, ਨੂੰ ਛੱਡ ਕੇ ਸੇਵਾ ਕੇਂਦਰਾਂ ਅਤੇ ਹੋਰ ਥਾਵਾਂ ‘ਤੇ ਵਰਚੂਅਲ ਲਾਂਚ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਸਮਾਗਮ ਸੰਬੰਧੀ ਡਿਊਟੀਆਂ ਸੌਂਪੀ ਦਿੱਤੀਆਂ ਗਈਆਂ ਹਨ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ ਹਰਦੀਪ ਸਿੰਘ, ਡੀਈਓ ਸੈਕੰਡਰੀ ਹਰਿੰਦਰਪਾਲ ਸਿੰਘ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਹਤਿੰਦਰ ਮਲਹੋਤਰਾ, ਗੁਰਪ੍ਰੀਤ ਸਿੰਘ ਅਤੇ ਹੋਰ ਮੌਜੂਦ ਸਨ।