ਜਲੰਧਰ, 13 ਅਕਤੂਬਰ
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਅਧਿਕਾਰੀਆਂ ਨੂੰ ਆਉਣ ਵਾਲੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਆਪਣੀ ਡਿਊਟੀ ਨੂੰ ਹੋਰ ਤਨਦੇਹੀ ਅਤੇ ਪ੍ਰਭਾਵਸ਼ਾਲੀ ਢੰਗ ਨਿਭਾਉਣ ਦੇ ਨਿਰਦੇਸ਼ ਦਿੱਤੇ ।
ਸਥਾਨਕ ਪੁਲਿਸ ਲਾਈਨਾਂ ਵਿਖੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਨੇ ਉਨ੍ਹਾਂ ਨੂੰ ਤਿਉਹਾਰਾਂ ਦੇ ਸੀਜ਼ਨ ਦੌਰਾਨ ਚੌਕਸੀ ਵਧਾਉਣ ਲਈ ਕਿਹਾ ਤਾਂ ਜੋ ਸ਼ਹਿਰ ਵਿੱਚ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।
ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਪੀਸੀਆਰ/ਟ੍ਰੈਫਿਕ ਵਿੰਗਜ਼ ਦੀ ਮਹੱਤਵਪੂਰਣ ਭੁਮਿਕਾ ਹੈ ਕਿਉਂਕਿ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਰ੍ਹਾਂ ਪੇਸ਼ੇਵਰ ਸਮਰਪਣ ਅਤੇ ਵਚਨਬੱਧਤਾ ਨਾਲ ਨਿਭਾਉਣਗੇ।
ਭੁੱਲਰ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੀਸੀਆਰ ਟੀਮ ਦੀ ਪ੍ਰਤੀਕਿਰਿਆ ਤੁਰੰਤ ਅਤੇ ਪ੍ਰਭਾਵਸ਼ਾਲੀ ਹੋਣੀ ਚਾਹੀਦੀ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਜੁਰਮ ਜਾਂ ਦੁਰਘਟਨਾ ਦੀ ਸੂਚਨਾ ਮਿਲਦਿਆਂ ਹੀ ਅਧਿਕਾਰੀਆਂ ਨੂੰ ਮੌਕੇ ‘ਤੇ ਪਹੁੰਚਣ ਵਿੱਚ ਘੱਟੋ-ਘੱਟ ਸਮਾਂ ਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਿਰ ਵਿੱਚ ਕਿਸੇ ਕਿਸਮ ਦੇ ਜੁਰਮ ਜਾਂ ਘਟਨਾ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਨੂੰ ਯਕੀਨੀ ਬਣਾਏਗਾ।
ਭੁੱਲਰ ਨੇ ਇਹ ਵੀ ਕਿਹਾ ਕਿ ਤਿਉਹਾਰਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ ਸੜਕਾਂ ‘ਤੇ ਭਾਰੀ ਭੀੜ ਦੇਖਣ ਨੂੰ ਮਿਲੇਗੀ। ਇਸ ਲਈ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਵਿੰਗ ਦੀ ਭੂਮਿਕਾ ਨੇ ਵੀ ਕਈ ਗੁਣਾ ਵਾਧਾ ਕੀਤਾ ਹੈ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਟ੍ਰੈਫਿਕ ਪ੍ਰਬੰਧਨ ਇੱਕ ਵੱਡੀ ਚੁਣੌਤੀ ਹੈ ਅਤੇ ਕਮਿਸ਼ਨਰੇਟ ਪੁਲਿਸ ਕੁਸ਼ਲ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਟ੍ਰੈਫਿਕ ਸਬੰਧੀ ਕੋਈ ਸਮੱਸਿਆ ਨਹੀਂ ਆਉਣ ਦੇਵੇਗੀ।
ਉਨ੍ਹਾਂ ਕਿਹਾ ਕਿ ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਦੇ ਮੱਦੇਨਜ਼ਰ ਖੁੱਲ੍ਹੇਆਮ ਪਟਾਕਿਆਂ ਦੇ ਭੰਡਾਰਨ, ਵਿਕਰੀ, ਖਰੀਦ ਦੀ ਸੰਭਾਵਨਾ ਹੁੰਦੀ ਹੈ, ਜਿਸ ਨਾਲ ਜਾਨ, ਅੰਗ ਅਤੇ ਸੰਪਤੀ ਨੂੰ ਗੰਭੀਰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪਟਾਕਿਆਂ ਦੇ ਨਿਰਮਾਣ, ਭੰਡਾਰਨ, ਖਰੀਦ ਅਤੇ ਵੇਚ ਦੀ ਜਾਂਚ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਣ।
ਭੁੱਲਰ ਨੇ ਅੱਗੇ ਕਿਹਾ ਕਿ ਸਾਨੂੰ ਲੋਕਾਂ ਦੀ ਸੇਵਾ ਇਮਾਨਦਾਰੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਦੀ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਤਿਉਹਾਰਾਂ ਦਾ ਪੂਰਾ ਆਨੰਦ ਲੈ ਸਕਣ।
ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਬਲਕਾਰ ਸਿੰਘ ਅਤੇ ਹੋਰ ਵੀ ਮੌਜੂਦ ਸਨ।